ਨਸ਼ਾ ਵਿਰੋਧੀ ਗਤੀਵਿਧੀਆਂ ਦਾ ਐੱਸਡੀਐੱਮ ਨੇ ਲਿਆ ਜਾਇਜ਼ਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੈਨਵਿੰਡ ਪਿੰਡ ਵਿੱਚ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਐਸ.ਡੀ.ਐਮ. ਜਸਜੀਤ ਸਿੰਘ ਵੱਲੋਂ ਜਾਇਜ਼ਾ
Publish Date: Thu, 26 Nov 2026 07:13 PM (IST)
Updated Date: Thu, 26 Nov 2026 07:16 PM (IST)
--ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਚਾਇਤ ਤੇ ਵਸਨੀਕਾਂ ਨੂੰ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਉਪ ਮੰਡਲ ਮੈਜਿਸਟ੍ਰੇਟ (ਐੱਸਡੀਐੱਮ) ਜਸਜੀਤ ਸਿੰਘ ਨੇ ਜ਼ਿਲ੍ਹੇ ਦੇ ਨਸ਼ਿਆਂ ਦੇ ਹੌਟਸਪੋਟ ਵਜੋਂ ਪਛਾਣੇ ਗਏ ਪਿੰਡ ਡੈਣਵਿੰਡ ਵਿਖੇ ਪੰਚਾਇਤ ਮੈਂਬਰਾਂ ਤੇ ਵਸਨੀਕਾਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਐੱਸਡੀਐੱਮ ਜਸਜੀਤ ਸਿੰਘ ਨੇ ਡੀਐੱਸਪੀ ਕੁਲਵਿੰਦਰ ਸਿੰਘ ਵਿਰਕ, ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਤੇ ਐਡਵੋਕੇਟ ਦੀਪਿਕਾ ਸ਼ੀਤਲ ਸਮੇਤ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ, ਪੁਲਿਸ, ਪੰਚਾਇਤਾਂ ਤੇ ਪਿੰਡ ਵਾਸੀਆਂ ਦੀ ਸਰਗਰਮ ਭਾਗੀਦਾਰੀ ਤੇ ਸਾਂਝੇ ਯਤਨ ਬੇਹੱਦ ਜ਼ਰੂਰੀ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਪ੍ਰਸ਼ਾਸਨ ਤੇ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੱਕ ਸੀਮਿਤ ਨਹੀਂ ਹੈ, ਸਗੋਂ ਇਸ ਤਹਿਤ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦੇ ਮੁੜ ਵਸੇਬੇ, ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਚਾਇਤ ਨੂੰ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿੱਚ ਆਉਣ ਦੇ ਖ਼ਤਰੇ ਵਾਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਭਾਈਚਾਰਕ ਪੱਧਰ ’ਤੇ ਚੌਕਸੀ ਮਜ਼ਬੂਤ ਕਰਨ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪਰਿਵਾਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਥਾਨਕ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤੇ ਡੈਵਵਿੰਡ ਨੂੰ ਨਸ਼ਾ ਮੁਕਤ ਪਿੰਡ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਅੱਗੇ ਆਉਣ ਤੇ ਪ੍ਰਸ਼ਾਸਨ ਨਾਲ ਮਿਲ ਕੇ ਸਾਂਝੇ ਤੌਰ ’ਤੇ ਕੰਮ ਕਰਨ ਤਾਂ ਜੋ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇ।