ਐੱਸਡੀਐੱਮ ਫਗਵਾੜਾ ਨੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ ਐਸ.ਡੀ.ਐਮ. ਫਗਵਾੜਾ ਵੱਲੋਂ ਬੋਹਾਣੀ ਅਤੇ ਪਲਾਹੀ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਕਾਰਜਾਂ ਦਾ ਜਾਇਜ਼ਾ
Publish Date: Mon, 19 Oct 2026 07:30 PM (IST)
Updated Date: Mon, 19 Oct 2026 07:33 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸਡੀਐੱਮ ਡਾ. ਨਵਜੋਤ ਸ਼ਰਮਾ ਨੇ ਸੋਮਵਾਰ ਨੂੰ ਖੇਤੀਬਾੜੀ ਅਧਿਕਾਰੀ ਪਰਮਜੀਤ ਸਿੰਘ ਦੇ ਨਾਲ ਫਗਵਾੜਾ ਸਬ-ਡਿਵੀਜ਼ਨ ਦੇ ਪਿੰਡ ਬੋਹਾਣੀ ਤੇ ਪਲਾਹੀ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਦੇ ਖੇਤਾਂ ਵਿੱਚ ਹੀ ਪ੍ਰਬੰਧਨ (ਇਨ-ਸੀਟੂ) ਤੇ ਖੇਤਾਂ ਤੋਂ ਬਾਹਰ ਪ੍ਰਬੰਧਨ (ਐਕਸ-ਸੀਟੂ) ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਮੁਲਾਂਕਣ ਕੀਤਾ। ਦੌਰੇ ਦੌਰਾਨ ਐੱਸਡੀਐੱਮ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਵਾਤਾਵਰਣ ਪੱਖੀ ਤਰੀਕੇ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਦੀ ਗੁਣਵੱਤਾ, ਮਿੱਟੀ ਦੀ ਉਪਜਾਊ ਸ਼ਕਤੀ ਤੇ ਲੋਕਾਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਪਲਬਧ ਖੇਤੀਬਾੜੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਤੇ ਪਰਾਲੀ ਸਾੜਨ ਦੇ ਬਦਲਵੇਂ ਤਰੀਕਿਆਂ ਬਾਰੇ ਜਾਣਕਾਰੀ ਲੈਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ, ਖੇਤੀਬਾੜੀ ਅਧਿਕਾਰੀਆਂ ਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਯਤਨ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਐੱਸਡੀਐੱਮ ਨੇ ਕਿਹਾ ਕਿ ਪ੍ਰਸ਼ਾਸਨ ਜਾਗਰੂਕਤਾ, ਆਪਸੀ ਤਾਲਮੇਲ ਤੇ ਖੇਤਰੀ ਪੱਧਰ ’ਤੇ ਨਿਯਮਤ ਨਿਗਰਾਨੀ ਰਾਹੀਂ ਟਿਕਾਊ ਖੇਤੀਬਾੜੀ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਤੇ ਲੋਕਾਂ ਦੀ ਸਿਹਤ ਦੇ ਵਡੇਰੇ ਹਿੱਤ ਵਿੱਚ ਪ੍ਰਸ਼ਾਸਨ ਦੇ ਇਨ੍ਹਾਂ ਯਤਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ।