ਗੁਰਪੁਰਬ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ : ਐੱਸਡੀਐੱਮ ਗੁਰਪੁਰਬ ਦੀਆਂ ਤਿਆਰੀਆਂ ਲਈ ਐੱਸ.ਡੀ.ਐੱਮ ਸ਼ੁਭੀ ਅੰਗਰਾ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼, ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ
Publish Date: Fri, 13 Nov 2026 09:54 PM (IST)
Updated Date: Fri, 13 Nov 2026 09:57 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ, ਉਤਸ਼ਾਹ ਤੇ ਸ਼ਾਂਤੀਪੂਰਵਕ ਢੰਗ ਨਾਲ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਗੁਰਪੁਰਬ ਸਮਾਗਮਾਂ ਨੂੰ ਸਫਲਤਾਪੂਰਵਕ ਸੰਪੰਨ ਕਰਵਾਉਣ ਤੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਐੱਸਡੀਐੱਮ ਸ਼ੁਭੀ ਆਂਗਰਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਗੁਰਪੁਰਬ ਦੀਆਂ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ ਤੇ ਹਰੇਕ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਐੱਸਡੀਐੱਮ ਨੇ ਨਗਰ ਕੌਂਸਲ ਦੇ ਈਓ ਕਮਲਜੀਤ ਸਿੰਘ ਨੂੰ ਸਮੁੱਚੇ ਸ਼ਹਿਰ ਦੀ ਸਫ਼ਾਈ ਵਿਵਸਥਾ, ਸਟਰੀਟ ਲਾਈਟਾਂ, ਪੀਣ ਵਾਲੇ ਸਾਫ਼ ਪਾਣੀ ਤੇ ਹੋਰ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਰਪੁਰਬ ਮੌਕੇ ਸ਼ਹਿਰ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚਣਗੀਆਂ, ਇਸ ਲਈ ਸ਼ਹਿਰ ਦੀ ਸੁੰਦਰਤਾ ਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀ 24 ਘੰਟੇ ਵਾਰੀ-ਵਾਰੀ ਡਿਊਟੀ ਲਗਾਉਣ ਤੇ ਨਗਰ ਕੀਰਤਨ ਦੇ ਸਮੁੱਚੇ ਰਸਤੇ ਦੀ ਨਿਰੰਤਰ ਸਫ਼ਾਈ ਕਰਵਾਉਣ ਦੇ ਵੀ ਹੁਕਮ ਦਿੱਤੇ। ਐੱਸਡੀਐੱਮ ਨੇ ਐੱਸਐੱਮਓ ਡਾ. ਆਸ਼ੀਸ਼ ਜੇਤਲੀ ਨੂੰ ਗੁਰਪੁਰਬ ਦੌਰਾਨ ਸਿਹਤ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਨ ਤੇ ਲੋੜ ਅਨੁਸਾਰ ਮੈਡੀਕਲ ਟੀਮਾਂ ਤੇ ਹੋਰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਕਿਹਾ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸੰਗਤਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲ ਸਕੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਤੇ ਨਗਰ ਕੀਰਤਨ ਦੇ ਰਸਤੇ ਵਿੱਚ ਆਉਂਦੀਆਂ ਸਾਰੀਆਂ ਟੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਮੁੰਡੀ ਮੋੜ ਸੁਲਤਾਨਪੁਰ ਲੋਧੀ ਤੋਂ ਸ਼ੇਖੂਪੁਰ ਤੇ ਡੜਵੰਡੀ ਤੱਕ ਸੜਕ ਦੀ ਮੁਰੰਮਤ ਦਾ ਕੰਮ ਨਗਰ ਕੀਰਤਨ ਤੋਂ ਪਹਿਲਾਂ ਮੁਕੰਮਲ ਕਰਨ ਲਈ ਕਿਹਾ। ਇਸ ਤੋਂ ਇਲਾਵਾ ਨਗਰ ਕੀਰਤਨ ਦੇ ਪੂਰੇ ਰਸਤੇ ਵਿੱਚ ਰੌਸ਼ਨੀ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੇ ਵੀ ਹੁਕਮ ਦਿੱਤੇ। ਪਾਵਰਕਾਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਗਰ ਕੀਰਤਨ ਦੇ ਰਸਤੇ ਵਿੱਚ ਲਟਕਦੀਆਂ ਤੇ ਨੀਵੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਠੀਕ ਕਰਨ ਤੇ ਗੁਰਪੁਰਬ ਦੌਰਾਨ ਸ਼ਹਿਰ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਪਾਰਕਿੰਗ ਦੀ ਸੁਚੱਜੀ ਵਿਵਸਥਾ ਕਰਨ, ਨਗਰ ਕੀਰਤਨ ਦੇ ਰੂਟ ’ਤੇ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਵਨ-ਵੇਅ ਰੂਟ ਨਿਰਧਾਰਤ ਕਰਨ ਤੇ ਵੱਡੇ ਵਾਹਨਾਂ ਦੀ ਸ਼ਹਿਰ ਵਿੱਚ ਐਂਟਰੀ ਬੰਦ ਕਰਨ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸੁਰੱਖਿਆ ਪ੍ਰਬੰਧਾਂ ਲਈ ਭਾਰੀ ਪੁਲਿਸ ਫੋਰਸ ਹੋਵੇਗੀ ਤਾਇਨਾਤ ਇਸ ਮੌਕੇ ਡੀਐੱਸਪੀ ਸੁਲਤਾਨਪੁਰ ਲੋਧੀ ਧੁਰੇਂਦਰ ਵਰਮਾ ਆਈਪੀਐੱਸ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਪੁਰਬ ਨੂੰ ਸ਼ਾਂਤੀਪੂਰਵਕ ਤੇ ਸਫਲਤਾਪੂਰਵਕ ਸੰਪੰਨ ਕਰਵਾਉਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਜਾਂ ਕਿਸੇ ਕਿਸਮ ਦੀ ਗੜਬੜੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਹਿਰ ਦੇ ਪ੍ਰਮੁੱਖ ਚੌਕਾਂ, ਪਾਰਕਿੰਗ ਸਥਾਨਾਂ ਤੇ ਸੰਵੇਦਨਸ਼ੀਲ ਥਾਵਾਂ ’ਤੇ ਪੁਲਿਸ ਮੁਲਾਜ਼ਮਾਂ ਦੀ ਵਿਸ਼ੇਸ਼ ਤਾਇਨਾਤੀ ਰਹੇਗੀ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਸਿਵਲ ਡਰੈੱਸ ਵਿੱਚ ਵੀ ਪੁਲਿਸ ਕਰਮਚਾਰੀ ਤਾਇਨਾਤ ਰਹਿਣਗੇ, ਤਾਂ ਜੋ ਸੰਗਤਾਂ ਦੀ ਭੀੜ ਦਾ ਫਾਇਦਾ ਉਠਾ ਕੇ ਚੋਰੀ, ਲੁੱਟ-ਖੋਹ ਤੇ ਹੋਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ ਤੇ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਡੀਐੱਸਪੀ ਨੇ ਸਪੱਸ਼ਟ ਕੀਤਾ ਕਿ ਨਗਰ ਕੀਰਤਨ ਦੌਰਾਨ ਕਿਸੇ ਵੀ ਨੌਜਵਾਨ ਨੂੰ ਉੱਚੀ ਆਵਾਜ਼ ਵਿੱਚ ਡੀਜੇ ਜਾਂ ਸਾਊਂਡ ਸਿਸਟਮ ਚਲਾਉਣ ਤੇ ਮੋਟਰਸਾਈਕਲਾਂ ਜਾਂ ਹੋਰ ਵਾਹਨਾਂ ਰਾਹੀਂ ਸਟੰਟਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਸਬੰਧੀ ਸਾਰੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਨਿਯਮਾਂ ਦੀ ਉਲੰਘਣਾ ਕਰਨ ਜਾਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਧਾਰਮਿਕ ਮਰਿਆਦਾ, ਅਨੁਸ਼ਾਸਨ ਤੇ ਆਪਸੀ ਸਹਿਯੋਗ ਨਾਲ ਮਨਾਉਣ ਤੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ, ਤਾਂ ਜੋ ਗੁਰਪੁਰਬ ਸਮਾਗਮ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕਣ।