ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਸੈਮੀਨਾਰ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਗੁਰਬਾਣੀ ਦੇ ਮਹੱਤਵ’ਤੇ ਸੈਮੀਨਾਰ
Publish Date: Sat, 21 Nov 2026 06:42 PM (IST)
Updated Date: Sat, 21 Nov 2026 06:43 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਮੋਹਨ ਲਾਲ ਉੱਪਲ ਡੀਏਵੀ ਕਾਲਜੀਏਟ ਸਕੂਲ ਫਗਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਅਧਿਆਤਮਿਕ ਵਿਚਾਰਧਾਰਾ ਤੇ ਮਹਾਨ ਸਿੱਖਿਆਵਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਗੁਰੂ ਸਾਹਿਬਾਨ ਦੇ ਸਰਬ ਸਾਂਝੀਵਾਲਤਾ, ਭਾਈਚਾਰਕ ਸਾਂਝ, ਸੱਚਾਈ ਤੇ ਪ੍ਰਭੂ ਭਗਤੀ ਦੇ ਸੰਦੇਸ਼ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਤੇ ਉਨ੍ਹਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਜਿਉੂਣ ਲਈ ਪ੍ਰੇਰਿਤ ਕਰਨਾ ਸੀ। ਸੈਮੀਨਾਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨ੍ਹਾਂ ਵੱਲੋਂ ਸਮਾਜ ਨੂੰ ਦਿੱਤੀ ਗਈ ਅਧਿਆਤਮਿਕ ਸੇਧ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਗੁਰੂ ਸਾਹਿਬ ਵੱਲੋਂ ਬਖ਼ਸ਼ੇ ਗਏ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦੇ ਮਹਾਨ ਸਿਧਾਤਾਂ ਨੂੰ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ ਗਿਆ। ਇਸ ਦੇ ਨਾਲ ਹੀ ਗੁਰਬਾਣੀ ਨੂੰ ਮਨੁੱਖੀ ਜੀਵਨ ਦਾ ਆਧਾਰ ਦੱਸਦਿਆਂ ਇਸ ਨੂੰ ਆਤਮਿਕ ਸ਼ਾਂਤੀ, ਸੱਚੇ ਜੀਵਨ ਤੇ ਪ੍ਰਭੂ ਨਾਲ ਜੁੜਨ ਦਾ ਮਾਰਗ ਦਰਸਾਇਆ ਗਿਆ। ਗੁਰੂ ਸਾਹਿਬ ਮਨੁੱਖ ਨੂੰ ਸੱਚ, ਨਿਮਰਤਾ, ਸੇਵਾ ਤੇ ਪਰਉਪਕਾਰ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖ ਨੂੰ ਜਾਤ-ਪਾਤ, ਊਚ-ਨੀਚ ਤੇ ਭੇਦ-ਭਾਵ ਤੋਂ ਉੱਪਰ ਉੱਠ ਕੇ ਪਿਆਰ, ਸਮਾਨਤਾ ਤੇ ਸੇਵਾ ਦਾ ਮਾਰਗ ਅਪਣਾਉਣ ਦੀ ਸਿੱਖਿਆ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਵਿੱਚ ਨੈਤਿਕ ਤੇ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਰਾਹੀਂ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਅਧਿਆਤਮਿਕ ਮਹੱਤਵ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।