ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸੈਮੀਨਾਰ ਕਰਵਾਇਆ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ
Publish Date: Sat, 21 Mar 2026 10:05 PM (IST)
Updated Date: Sat, 21 Mar 2026 10:07 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਮੋਹਨ ਲਾਲ ਉੱਪਲ ਡੀਏਵੀ ਕਾਲਜ ਫਗਵਾੜਾ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਜੀਵਨ ਤੇ ਉਨ੍ਹਾਂ ਦੇ ਵਿਚਾਰਾਂ ਨਾਲ ਜਾਣੂ ਕਰਵਾਉਣਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਦੇਸ਼ ਭਗਤੀ, ਹਿੰਮਤ ਤੇ ਬਲੀਦਾਨ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਸਿਰਫ ਇਕ ਕ੍ਰਾਂਤੀਕਾਰੀ ਹੀ ਨਹੀਂ ਸਗੋਂ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਵੀ ਹਨ। ਉਨ੍ਹਾਂ ਕਿਹਾ ਕਿ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਬਹੁਤ ਛੋਟੀ ਉਮਰ ਵਿਚ ਦੇਸ਼ ਦੀ ਅਜ਼ਾਦੀ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ ਤੇ ਉਨ੍ਹਾਂ ਦੇ ਉੱਚ ਵਿਚਾਰ ਅੱਜ ਵੀ ਨੌਜਵਾਨ ਪੀੜ੍ਹੀ ਨੂੰ ਦੇਸ਼ ਪ੍ਰੇਮ ਤੇ ਨਿਡਰਤਾ ਦੀ ਪ੍ਰੇਰਨਾ ਦਿੰਦੇ ਹਨ। ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਵੱਲੋਂ ਭਾਸ਼ਣ ਤੇ ਕਵਿਤਾ ਰਾਹੀਂ ਸ਼ਹੀਦ ਭਗਤ ਸਿੰਘ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਤੇ ਦੇਸ਼ ਲਈ ਕੀਤੀਆਂ ਕੁਰਬਾਨੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਇਹ ਵੀ ਸੰਦੇਸ਼ ਦਿੱਤਾ ਕਿ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਤਰੱਕੀ ਤੇ ਸਮਾਜ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਇਹ ਸੈਮੀਨਾਰ ਵਿਦਿਆਰਥੀਆਂ ਲਈ ਬਹੁਤ ਹੀ ਪ੍ਰੇਰਕ ਤੇ ਸਿੱਖਿਆਦਾਇਕ ਸਾਬਿਤ ਹੋਇਆ ਤੇ ਇਸ ਰਾਹੀਂ ਵਿਦਿਆਰਥੀਆਂ ਨੂੰ ਮਹਾਨ ਸ਼ਹੀਦਾਂ ਦੇ ਆਦਰਸ਼ਾਂ ਨਾਲ ਜੁੜਨ ਦਾ ਮੌਕਾ ਮਿਲਿਆ।