ਸ਼ੋਭਾ ਯਾਤਰਾ ਤੋਂ ਪਹਿਲਾਂ ਪੂਰਾ ਹੋ ਜਾਵੇਗਾ ਸੀਵਰੇਜ ਪਾਉਣ ਦਾ ਕੰਮ : ਹਰਜੀ ਮਾਨ
ਸ਼ੋਭਾ ਯਾਤਰਾ ਤੋਂ ਪਹਿਲਾਂ ਪੂਰਾ ਹੋ ਜਾਵੇਗਾ ਸੀਵਰੇਜ ਪਾਈਪ ਲਾਈਨ ਦਾ ਕੰਮ - ਹਰਜੀ ਮਾਨ
Publish Date: Thu, 22 Jan 2026 07:08 PM (IST)
Updated Date: Thu, 22 Jan 2026 07:09 PM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਵਿਧਾਨ ਸਭਾ ਹਲਕਾ ਫਗਵਾੜਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੇ ਅੱਜ ਸਥਾਨਕ ਜੀਟੀ ਰੋਡ ‘ਤੇ ਚੱਲ ਰਹੇ ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਤੇ ਸਤਿਗੁਰੂ ਰਵਿਦਾਸ ਮਹਾਰਾਜ ਦੇ ਆਗਮਨ ਪੁਰਬ ਦੇ ਸਬੰਧ ‘ਚ 31 ਜਨਵਰੀ ਨੂੰ ਸਜਾਈ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਫਗਵਾੜਾ ਦੇ ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ ਅਤੇ ਕਾਰਪੋਰੇਸ਼ਨ ਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਉਚੇਰੇ ਤੌਰ ’ਤੇ ਮੌਜੂਦ ਸਨ। ਇਸ ਦੌਰਾਨ ਗੱਲਬਾਤ ਕਰਦਿਆਂ ਹਰਜੀ ਮਾਨ ਨੇ ਦੱਸਿਆ ਕਿ ਬੱਸ ਸਟੈਂਡ ਤੋਂ ਗੋਲ ਚੌਂਕ ਤੱਕ ਚੱਲ ਰਹੇ ਸੀਵਰੇਜ ਦੇ ਕੰਮ ਨੂੰ ਸਮਾਂ ਰਹਿੰਦੇ ਪੂਰਾ ਕਰ ਲਿਆ ਜਾਵੇਗਾ। ਸ਼ੋਭਾ ਯਾਤਰਾ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਫਗਵਾੜਾ ਵੱਲੋਂ ਜੀਟੀ ਰੋਡ ਸਰਵਿਸ ਲੇਨ ’ਤੇ ਇਕ ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਛੇ ਮਹੀਨੇ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ, ਪਰ ਪ੍ਰਸ਼ਾਸਨ ਤੇ ਅਧਿਕਾਰੀਆਂ ਦੀ ਯੋਗ ਅਗਵਾਈ ਹੇਠ ਡੇਢ ਮਹੀਨੇ ਵਿਚ ਹੀ ਇਸ ਕੰਮ ਨੂੰ ਮੁਕੰਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਰਵਿਦਾਸੀਆ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਆਗਮਨ ਪੁਰਬ ਦੇ ਸਬੰਧ ਵਿਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਹਮੇਸ਼ਾ ਦੀ ਤਰ੍ਹਾਂ ਪੂਰੀ ਸ਼ਾਨੋ-ਸ਼ੌਕਤ ਦੇ ਨਾਲ ਪੂਰੀ ਹੋਵੇਗੀ, ਜਿਸ ਦੇ ਸਬੰਧ ‘ਚ ਸਥਾਨਕ ਪ੍ਰਸ਼ਾਸਨ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਰਵਿਦਾਸੀਆ ਭਾਈਚਾਰੇ ਦੇ ਆਗੂ ਤੇ ਆਪ ਪਾਰਟੀ ਦੇ ਹੋਰ ਵਰਕਰ ਵੀ ਹਾਜ਼ਰ ਸਨ।