ਨਜਾਇਜ਼ ਕਬਜ਼ਿਆਂ ਨੂੰ ਉਤਸ਼ਾਹਿਤ ਕਰ ਰਹੇ ਡਾ. ਰਾਜ : ਫਤਿਹ ਐਮਪੀ ਡਾ. ਰਾਜ ਕੁਮਾਰ ਚੱਬੇਵਾਲ ਦੇ ਬਿਆਨ ’ਤੇ ਰਣਜੀਤ ਸਿੰਘ ਫਤਿਹ ਦੀ ਤਿੱਖੀ ਪ੍ਰਤੀਕਿਿਰਆ
Publish Date: Sun, 25 Oct 2026 06:56 PM (IST)
Updated Date: Sun, 25 Oct 2026 06:58 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਫਗਵਾੜਾ ਪ੍ਰਧਾਨ ਰਣਜੀਤ ਸਿੰਘ ਫਤਿਹ ਨੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਸਰਕਾਰੀ ਜਗ੍ਹਾ ਸਬੰਧੀ ਦਿੱਤੇ ਗਏ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ. ਚੱਬੇਵਾਲ ਵੱਲੋਂ ਇਹ ਕਹਿਣਾ ਕਿ “ਜੋ ਜਗ੍ਹਾ ਸਰਕਾਰੀ ਹੈ, ਵੋ ਜਗ੍ਹਾ ਹਮਾਰੀ ਹੈ” ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੇ ਬਿਆਨ ਫਗਵਾੜਾ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਹਨ। ਫਤਿਹ ਨੇ ਕਿਹਾ ਕਿ ਸਿਰਫ਼ ਫਗਵਾੜਾ ਹੀ ਨਹੀਂ, ਸਗੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਬਾਹਰੋਂ ਆ ਕੇ ਵਸਣ ਵਾਲੇ ਲੋਕਾਂ ਦੀ ਮੌਜੂਦਗੀ ਦੇ ਮੱਦੇਨਜ਼ਰ ਉਨ੍ਹਾਂ ਦੀ ਪਛਾਣ ਤੇ ਦਸਤਾਵੇਜ਼ਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਲੋਕ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ੇ ਕਰਕੇ ਬੈਠ ਜਾਂਦੇ ਹਨ ਤੇ ਬਾਅਦ ਵਿੱਚ ਆਧਾਰ ਕਾਰਡ ਤੇ ਵੋਟਰ ਕਾਰਡ ਬਣਵਾ ਕੇ ਉੱਥੇ ਆਪਣਾ ਹੱਕ ਜਤਾਉਣ ਲੱਗਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਲੋਕਾਂ ਵਿੱਚ ਕੋਈ ਸ਼ਰਾਰਤੀ ਅਨਸਰ ਮੌਜੂਦ ਹੋਣ ਤਾਂ ਉਨ੍ਹਾਂ ਦੀ ਪਛਾਣ ਤੇ ਜਾਂਚ ਕਿਵੇਂ ਸੰਭਵ ਹੋਵੇਗੀ? ਫਤਿਹ ਨੇ ਸਵਾਲ ਉਠਾਇਆ ਕਿ ਜਦੋਂ ਇੱਕ ਚੁਣੇ ਹੋਏ ਨੁਮਾਇੰਦੇ ਵੱਲੋਂ ਅਜਿਹਾ ਬਿਆਨ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਲੋਕਾਂ ਵਿੱਚ ਕਿਹੋ ਜਿਹਾ ਸੰਦੇਸ਼ ਜਾਵੇਗਾ? ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਜਨਤਕ ਜਾਇਦਾਦ ਤੇ ਕਾਨੂੰਨ ਦੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਝਵਾਨ ਆਗੂ ਨੂੰ ਅਜਿਹੇ ਸ਼ਬਦ ਨਹੀਂ ਵਰਤਣੇ ਚਾਹੀਦੇ, ਜਿਨ੍ਹਾਂ ਨੂੰ ਨਾਜਾਇਜ਼ ਕਬਜ਼ਿਆਂ ਦੇ ਸਮਰਥਨ ਵਜੋਂ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਪੰਜਾਬ ਦੀ ਜ਼ਮੀਨ ਸਬੰਧੀ ਆਪਣੇ ਸਟੈਂਡ ’ਤੇ ਕਾਇਮ ਹੈ ਤੇ ਜਥੇਬੰਦੀ ਦੀ ਮੰਗ ਹੈ ਕਿ ਪੰਜਾਬ ਵਿੱਚ ਜ਼ਮੀਨ ਦੀ ਖਰੀਦੋ-ਫਰੋਖ਼ਤ ਸਬੰਧੀ ਨਿਯਮਾਂ ਤੇ ਸੂਬੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਜੰਮੂ-ਕਸ਼ਮੀਰ ਸਮੇਤ ਹੋਰ ਖੇਤਰਾਂ ਵਿੱਚ ਜ਼ਮੀਨ ਖਰੀਦਣ ਸਬੰਧੀ ਲਾਗੂ ਪਾਬੰਦੀਆਂ ਦਾ ਹਵਾਲਾ ਦਿੰਦਿਆਂ ਸਵਾਲ ਕੀਤਾ ਕਿ ਪੰਜਾਬ ਵਿੱਚ ਬਾਹਰੋਂ ਆਉਣ ਵਾਲੇ ਲੋਕਾਂ ਵੱਲੋਂ ਜ਼ਮੀਨ ਖਰੀਦਣ ਤੇ ਉਸ ’ਤੇ ਕਬਜ਼ੇ ਕਰਨ ਦੇ ਮਾਮਲਿਆਂ ਨੂੰ ਕਿਵੇਂ ਦੇਖਿਆ ਜਾਣਾ ਚਾਹੀਦਾ ਹੈ। ਫਤਿਹ ਨੇ ਮੰਗ ਕੀਤੀ ਕਿ ਸਰਕਾਰੀ ਜ਼ਮੀਨਾਂ ’ਤੇ ਹੋਣ ਵਾਲੇ ਕਬਜ਼ਿਆਂ ਸਬੰਧੀ ਸਪੱਸ਼ਟ ਨੀਤੀ ਅਪਣਾਈ ਜਾਵੇ ਤੇ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।