ਰੈਲੀਆਂ ’ਚ ਅਕਾਲੀ ਦਲ ਨੂੰ ਮਿਲ ਰਿਹਾ ਭਰਵਾਂ ਸਮਰਥਨ : ਕੁਲਾਰ ਰੈਲੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਭਰਵਾਂ ਲੋਕ ਸਮਰਥਨ: ਅੰਮ੍ਰਿਤ ਪਾਲ ਸਿੰਘ ਕੁਲਾਰ
Publish Date: Fri, 28 Aug 2026 07:41 PM (IST)
Updated Date: Fri, 28 Aug 2026 07:43 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਕੀਤੀਆਂ ਜਾ ਰਹੀਆਂ ਰੈਲੀਆਂ ਤੇ ਜਨ ਸਭਾਵਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਪਾਰਟੀ ਪ੍ਰਤੀ ਲੋਕਾਂ ਦੇ ਵਧ ਰਹੇ ਵਿਸ਼ਵਾਸ ਦਾ ਪ੍ਰਤੀਕ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਸੂਬਾ ਮੀਤ ਪ੍ਰਧਾਨ ਅਮ੍ਰਿਤ ਪਾਲ ਸਿੰਘ ਕੁਲਾਰ ਨੇ ਗੱਲਬਾਤ ਦੌਰਾਨ ਕੀਤਾ। ਕੁਲਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਪਹੁੰਚ ਰਹੀ ਸੰਗਤ ਤੇ ਆਮ ਲੋਕਾਂ ਦਾ ਉਤਸ਼ਾਹ ਇਹ ਸਪੱਸ਼ਟ ਕਰ ਰਿਹਾ ਹੈ ਕਿ ਪੰਜਾਬ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਰੈਲੀਆਂ ਵਿੱਚ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਰਵੀਂ ਸ਼ਮੂਲੀਅਤ ਪਾਰਟੀ ਲਈ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਅਕਾਲੀ ਦਲ ਦੀਆਂ ਨੀਤੀਆਂ ਤੇ ਪੰਜਾਬ ਪ੍ਰਤੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਦਾ ਯੂਥ ਵਿੰਗ ਵੀ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਕੁਲਾਰ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਰੁਜ਼ਗਾਰ, ਚੰਗੇ ਭਵਿੱਖ ਤੇ ਸੁਰੱਖਿਅਤ ਪੰਜਾਬ ਦੀ ਉਮੀਦ ਰੱਖਦਾ ਹੈ। ਸ਼੍ਰੋਮਣੀ ਅਕਾਲੀ ਦਲ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਯੂਥ ਸੂਬਾ ਮੀਤ ਪ੍ਰਧਾਨ ਅਮ੍ਰਿਤ ਪਾਲ ਸਿੰਘ ਕੁਲਾਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਵਿਰੋਧੀ ਧਿਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਛਵੀ ਨੂੰ ਖਰਾਬ ਕਰਨ ਲਈ ਅਨੇਕਾਂ ਤਰ੍ਹਾਂ ਦੇ ਯਤਨ ਕੀਤੇ ਜਾਂਦੇ ਰਹੇ ਹਨ, ਪਰ ਹੁਣ ਪੰਜਾਬ ਦੇ ਲੋਕ ਹਰ ਗੱਲ ਨੂੰ ਆਪਣੀ ਸੂਝ-ਬੂਝ ਨਾਲ ਪਰਖ ਰਹੇ ਹਨ ਤੇ ਸੱਚ ਹੌਲੀ-ਹੌਲੀ ਲੋਕਾਂ ਦੇ ਸਾਹਮਣੇ ਆ ਰਿਹਾ ਹੈ। ਕੁਲਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ, ਸਗੋਂ ਪੰਜਾਬ ਦੀ ਮਿੱਟੀ, ਪੰਜਾਬੀ ਭਾਸ਼ਾ, ਸਿੱਖ ਵਿਰਾਸਤ, ਪੰਜਾਬੀ ਸੱਭਿਆਚਾਰ ਤੇ ਪੰਜਾਬੀਅਤ ਨਾਲ ਜੁੜੀ ਹੋਈ ਇੱਕ ਇਤਿਹਾਸਕ ਸੰਸਥਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਦੇ ਹੱਕਾਂ, ਪਾਣੀਆਂ, ਪੰਜਾਬੀ ਭਾਸ਼ਾ, ਕਿਸਾਨਾਂ, ਮਜ਼ਦੂਰਾਂ ਤੇ ਸੂਬੇ ਦੇ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਆਵਾਜ਼ ਬਣ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਬਲਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਪੰਜਾਬ ਦੀ ਵਿਲੱਖਣ ਪਛਾਣ ਨੂੰ ਕਾਇਮ ਰੱਖਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਭਰੋਸਾ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਮਜ਼ਬੂਤ ਹੋਵੇਗਾ ਤੇ ਪਾਰਟੀ ਪੰਜਾਬ ਦੀ ਆਵਾਜ਼ ਬਣ ਕੇ ਹੋਰ ਤਾਕਤ ਨਾਲ ਉਭਰੇਗੀ।