ਗੱਠਜੋੜ ਪੰਥ ਤੇ ਪੰਜਾਬ ਦੇ ਹਿੱਤਾਂ ਲਈ ਨਵੀਂ ਉਮੀਦ : ਖੁਰਾਣਾ/ਚੰਦੀ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਨਵੀਂ ਉਮੀਦ—ਖੁਰਾਣਾ/ਚੰਦੀ
Publish Date: Tue, 24 Nov 2026 08:26 PM (IST)
Updated Date: Tue, 24 Nov 2026 08:28 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਫਗਵਾੜਾ ਦੇ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ ਮੈਂਬਰ ਇੰਡਸਟਰੀ ਤੇ ਵਪਾਰ ਵਿੰਗ) ਤੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਅੱਜ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਸਬੰਧੀ ਹੋਏ ਐਲਾਨ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਹਿੱਤਾਂ ਲਈ ਇੱਕ ਨਵੀਂ ਉਮੀਦ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਇਸ ਗਠਜੋੜ ਦੀ ਉਡੀਕ ਕਰ ਰਹੇ ਸਨ ਤੇ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਨਾਉਣ, ਗੈਂਗਸਟਰਵਾਦ ਦੇ ਖਾਤਮੇ ਤੇ ਪੰਥਕ ਮੁੱਦਿਆਂ ਦੇ ਹੱਲ ਦੀ ਤਰਫ ਪਹਿਲਾ ਕਦਮ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ, ਬੇਰੁਜ਼ਗਾਰੀ, ਗੈਂਗਸਟਰਵਾਦ ਤੇ ਖਰਾਬ ਹੋ ਰਹੀ ਅਮਨ-ਕਾਨੂੰਨ ਦੀ ਸਥਿਤੀ ਤੋਂ ਬਾਹਰ ਕੱਢਣ ਲਈ ਇੱਕ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਦੀ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਪੰਜਾਬ ਦੀਆਂ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋ ਕੇ ਕੰਮ ਕਰੇਗਾ ਤੇ ਸੂਬੇ ਨੂੰ ਮੁੜ ਅਮਨ, ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਵਚਨਬੱਧ ਹੈ। ਉੱਨਾਂ ਕਿਹਾ ਕੇ ਸੁਖਬੀਰ ਸਿੰਘ ਬਾਦਲ ਦੇ ਮੁੱਖ ਮੰਤਰੀ ਬਣਨ ’ਤੇ ਪੰਜਾਬ ਨਵੀਆਂ ਬੁਲੰਦੀਆਂ ਨੂੰ ਛੂਹੇਗਾ। ਉਨ੍ਹਾਂ ਕਿਹਾ ਕਿ ਗੱਠਜੋੜ ਵੱਲੋਂ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਜੋ ਟੀਚਾ ਐਲਾਨਿਆ ਗਿਆ ਹੈ, ਉਹ ਸਿਰਫ਼ ਇੱਕ ਸਿਆਸੀ ਵਾਅਦਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਆਉਣ ਵਾਲੇ ਭਵਿੱਖ ਨਾਲ ਜੁੜਿਆ ਅਹਿਮ ਸੰਕਲਪ ਹੈ। ਰਣਜੀਤ ਸਿੰਘ ਖੁਰਾਣਾ ਨੇ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਗੈਂਗਸਟਰਾਂ ਦਾ ਵਧਦਾ ਪ੍ਰਭਾਵ, ਫਿਰੌਤੀ ਦੀਆਂ ਘਟਨਾਵਾਂ ਤੇ ਅਪਰਾਧਿਕ ਗਤੀਵਿਧੀਆਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਖੁਰਾਣਾ ਤੇ ਚੰਦੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ 2027 ਦੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀ ਸ਼ਾਨਦਾਰ ਵਾਪਸੀ ਹੋਣ ਜਾ ਰਹੀ ਹੈ ਤੇ ਪੰਜਾਬ ਨੂੰ ਮੁੜ ਅਜਿਹਾ ਸੂਬਾ ਬਣਾਇਆ ਜਾਵੇਗਾ, ਜਿੱਥੇ ਹਰ ਨਾਗਰਿਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰੇ, ਵਪਾਰੀ ਬਿਨਾਂ ਕਿਸੇ ਡਰ ਦੇ ਕਾਰੋਬਾਰ ਕਰ ਸਕਣ ਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਅਪਰਾਧ ਦੀ ਬਜਾਏ ਰੁਜ਼ਗਾਰ ਤੇ ਤਰੱਕੀ ਦੇ ਮੌਕੇ ਮਿਲਣ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸਪਸ਼ਟ ਤੌਰ ’ਤੇ ਭਰੋਸਾ ਦਿੱਤਾ ਗਿਆ ਹੈ ਕਿ ਬੰਦੀ ਸਿੰਘਾਂ ਦਾ ਮੁੱਦਾ ਉਨ੍ਹਾਂ ਦੇ ਧਿਆਨ ਵਿੱਚ ਹੈ ਤੇ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ਦੋਵਾਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਪੰਜਾਬ ਨੂੰ ਮੌਜੂਦਾ ਸੰਕਟਾਂ ਤੋਂ ਬਾਹਰ ਕੱਢਣ ਤੇ ਸੂਬੇ ਵਿੱਚ ਵਿਕਾਸ, ਸੁਰੱਖਿਆ ਤੇ ਖੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਕਰਨ ਲਈ ਅਹਿਮ ਸਾਬਤ ਹੋਵੇਗਾ।