ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਦੇ ਨੌਜਵਾਨ ਆਪਸ ’ਚ ਭਿੜੇ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਦੇ ਨੌਜਵਾਨ ਆਪਸ ਵਿੱਚ ਭਿੜੇ
Publish Date: Sun, 27 Sep 2026 09:02 PM (IST)
Updated Date: Sun, 27 Sep 2026 09:03 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਨੌਜਵਾਨਾਂ ਵਿਚਕਾਰ ਲੜਾਈ-ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਦੋਵੇਂ ਧਿਰਾਂ ਦੇ ਕੁਝ ਨੌਜਵਾਨ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ ਲਈ ਪਹੁੰਚੇ, ਜਿੱਥੇ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ’ਤੇ ਕੁੱਟਮਾਰ ਦੇ ਗੰਭੀਰ ਦੋਸ਼ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਬਲਾਕ ਫਗਵਾੜਾ ਦੇ ਪ੍ਰਧਾਨ ਸੁਖਦੀਪ ਸਿੰਘ ਵਾਲੀਆ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵਿੱਚ ਕੁਝ ਦਿਨ ਪਹਿਲਾਂ ਸ਼ਾਮਲ ਹੋਏ ਗੁਰਸਿਮਰ ਸਿੰਘ, ਪ੍ਰਦੀਪ ਸਿੰਘ ਤੇ ਵਿਸ਼ੂ ਘਈ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਤੇ ਉਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਉਧਰ, ਦੂਜੀ ਧਿਰ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਉਹ ਸੁਖਦੀਪ ਸਿੰਘ ਨਾਲ ਗੱਲਬਾਤ ਕਰਨ ਲਈ ਉਸ ਦੇ ਫਾਰਮ ਹਾਊਸ ’ਤੇ ਗਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਦੌਰਾਨ ਸੁਖਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜੂਠ ਆ ਗਈ ਤੇ ਪ੍ਰਦੀਪ ਸਿੰਘ ’ਤੇ ਕਹੀ ਨਾਲ ਵਾਰ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਮਾਮਲੇ ਦੀ ਜਾਣਕਾਰੀ ਮਿਲਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਤੇ ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਸਿਵਲ ਹਸਪਤਾਲ ਫਗਵਾੜਾ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ। ਜਥੇਦਾਰ ਰਣਜੀਤ ਸਿੰਘ ਖੁਰਾਣਾ ਤੇ ਰਜਿੰਦਰ ਸਿੰਘ ਚੰਦੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੇਕਰ ਜਾਂਚ ਦੌਰਾਨ ਦੋਸ਼ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਦੋਵੇਂ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਤੇ ਮਾਮਲੇ ਦੀ ਜਾਂਚ ਕਰਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਦੀ ਅਸਲ ਸਥਿਤੀ ਤੇ ਜ਼ਿੰਮੇਵਾਰੀ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆਵੇਗੀ। ਇਸ ਮੌਕੇ ਰਣਜੀਤ ਸਿੰਘ ਜੀਤੀ ਖੇੜਾ, ਗੁਰਦੀਪ ਸਿੰਘ ਖੇੜਾ, ਜਸਵਿੰਦਰ ਭਗਤਪੁਰਾ, ਸੁਖਬੀਰ ਸਿੰਘ ਕਿੰਨੜਾ, ਕੁਲਵਿੰਦਰ ਸਿੰਘ ਕਿੰਦਾ ਸਮੇਤ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਮੌਜੂਦ ਸਨ।