- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦਾ ਮਤਲਬ ਹੀ ਸਰਬੱਤ ਦਾ ਭਲਾ : ਦਲਵਿੰਦਰ ਸਿੱਧੂ

--ਜਸਵਿੰਦਰ ਸਿੰਘ ਲੱਖਣ ਕਲਾਂ ਸ਼੍ਰੋਮਣੀ ਅਕਾਲੀ ਦਲ ਕ੍ਰਿਸਚਿਨ ਵਿੰਗ ਦੇ ਹਲਕਾ ਪ੍ਰਧਾਨ ਨਿਯੁਕਤ
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਕਪੂਰਥਲਾ ਵਿਚ 2027 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਪ੍ਰਤੀ ਵਫ਼ਾਦਾਰ ਤੇ ਮਿਹਨਤੀ ਵਰਕਰਾਂ ਦੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਵੱਲੋਂ ਹਲਕਾ ਇੰਚਾਰਜ ਐੱਚਐੱਸ ਵਾਲੀਆ ਦੀ ਮੌਜੂਦਗੀ ਵਿਚ ਜਸਵਿੰਦਰ ਸਿੰਘ ਲੱਖਣ ਕਲਾਂ ਨੂੰ ਸ਼੍ਰੋਮਣੀ ਅਕਾਲੀ ਦਲ ਕ੍ਰਿਸਚਿਨ ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੀਆ ਲਾਲ ਨਾਹਰ, ਸ਼ਹਿਰੀ ਪ੍ਰਧਾਨ ਅਜੈ ਬਬਲਾ, ਦਿਹਾਤੀ ਪ੍ਰਧਾਨ ਤੇ ਪਿੰਡ ਖਾਨੋਵਾਲ ਦੇ ਸਰਪੰਚ ਹਰਜਿੰਦਰ ਸਿੰਘ ਖਾਨੋਵਾਲ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਦੀ ਮੌਜੂਦਗੀ ਵਿਚ ਜਸਵਿੰਦਰ ਸਿੰਘ ਲੱਖਣ ਕਲਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਣ ਲਈ ਕਿਹਾ। ਇਸ ਮੌਕੇ ਜਸਵਿੰਦਰ ਸਿੰਘ ਲੱਖਣ ਕਲਾਂ ਨੇ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਿੱਧੂ, ਹਲਕਾ ਇੰਚਾਰਜ ਵਾਲੀਆ ਸਮੇਤ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜ ਕੇ ਪਾਰਟੀ ਨੂੰ ਮਜ਼ਬੂਤ ਕਰਨਗੇ। ਇਸ ਮੌਕੇ ਸਿੱਧੂ ਨੇ ਕਿਹਾ ਅਕਾਲੀ ਦਲ ਦੀ ਸਰਕਾਰ ਬਨਣ ’ਤੇ ਕ੍ਰਿਸਚਿਨ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ ਤੇ ਇਸ ਨੂੰ ਮਜ਼ਬੂਤ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਗਈ ਸੀ ਪਰ ਸ਼੍ਰੋਮਣੀ ਅਕਾਲੀ ਦਲ ਦਾ ਮਤਲਬ ਹੀ ਸਰਬੱਤ ਦਾ ਭਲਾ ਹੈ। ਇਸ ਮੌਕੇ ਹਲਕਾ ਇੰਚਾਰਜ ਵਾਲੀਆ ਨੇ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਸਤੇ ਰੇਟ ’ਤੇ ਕਣਕ ਤੇ ਦਾਲ ਮੁਹੱਈਆ ਕਰਵਾਉਣ ਲਈ ਸਕੀਮ ਸ਼ੁਰੂ ਕੀਤੀ ਗਈ ਸੀ। ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਸੀ। ਖੇਤੀਬਾੜੀ ਲਈ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਸੀ। ਅਨੁਸੂਚਿਤ ਜਾਤੀ ਨਾਲ ਸਬੰਧਤ ਗਰੀਬ ਪਰਿਵਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਂਦੀ ਸੀ। ਬਜ਼ੁਰਗਾਂ, ਵਿਧਵਾਵਾਂ ਤੇ ਅੰਗਹੀਣਾਂ ਦੀ ਪੈਨਸ਼ਨ ਦੀ ਰਾਸ਼ੀ ਵਧਾ ਕੇ ਦੁੱਗਣੀ ਕੀਤੀ ਗਈ ਸੀ। ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 11ਵੀਂ ਤੇ 12ਵੀਂ ਜਮਾਤ ਦੀਆਂ ਲੜਕੀਆਂ ਨੂੰ ਆਉਣ-ਜਾਣ ਲਈ ਮੁਫ਼ਤ ਸਾਈਕਲ ਵੰਡੇ ਗਏ ਸਨ ਪਰ ਇਸ ਤੋਂ ਬਾਅਦ ਦੀਆਂ ਸਰਕਾਰਾਂ ਨੇ ਇਨ੍ਹਾਂ ਸਕੀਮਾਂ ਨੂੰ ਬੰਦ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ। ਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਗਰੀਬਾਂ ਦੀ ਭਲਾਈ ਲਈ ਇਨ੍ਹਾਂ ਸਕੀਮਾਂ ਨੂੰ ਮੁੜ ਤੋਂ ਚਾਲੂ ਕੀਤਾ ਜਾਵੇਗਾ।