- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਮੁੜ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ: ਪ੍ਰਿਤਪਾਲ ਸਿੰਘ ਮੰਗਾ

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਸੂਬਾ ਮੀਤ ਪ੍ਰਧਾਨ ਤੇ ਕੌਸਲਰ ਪ੍ਰਿਤਪਾਲ ਸਿੰਘ ਮੰਗਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਬਦਲਾਅ ਦਾ ਮਨ ਬਣਾ ਚੁੱਕੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਅਮਨ-ਸ਼ਾਂਤੀ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਪੰਥਕ ਸੋਚ ਨਾਲ ਮੁੜ ਜੁੜ ਰਹੇ ਹਨ। ਪ੍ਰਿਤਪਾਲ ਸਿੰਘ ਮੰਗਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਸੇਵਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਹਰ ਵਰਗ ਦੇ ਲੋਕ ਪਾਰਟੀ ਦੀਆਂ ਨੀਤੀਆਂ ’ਤੇ ਭਰੋਸਾ ਪ੍ਰਗਟਾ ਰਹੇ ਹਨ ਅਤੇ ਨੌਜਵਾਨ ਵੀ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਏਗਾ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਤੱਕ ਪਹੁੰਚ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਬਾਰੇ ਜਾਣਕਾਰੀ ਦੇਣ।
ਕੌਸਲਰ ਪ੍ਰਿਤਪਾਲ ਮੰਗਾ ਨੇ ਕਿਹਾ ਕਿ ਪੰਜਾਬ ਦੀ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਕਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਸਾਲ 1920 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਈ ਸੀ ਅਤੇ ਉਸ ਸਮੇਂ ਤੋਂ ਹੀ ਇਹ ਪਾਰਟੀ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਬਣ ਕੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ।
ਮੰਗਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਮਜ਼ਦੂਰਾਂ, ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਨੇਕਾਂ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ, ਜਿਸ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰਾਂ ਨੇ ਸਿਆਸੀ ਲਾਭ ਲਈ ਸਮੇਂ-ਸਮੇਂ ’ਤੇ ਝੂਠੀਆਂ ਅਫ਼ਵਾਹਾਂ ਫੈਲਾ ਕੇ ਪੰਥਕ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਸੱਚ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਚੜ੍ਹਦੀ ਕਲਾ ਵਿੱਚ ਰਿਹਾ ਹੈ ਅਤੇ ਅੱਗੇ ਵੀ ਲੋਕਾਂ ਦੀ ਸੇਵਾ ਲਈ ਵਚਨਬੱਧ ਰਹੇਗਾ।ਅੰਤ ਵਿੱਚ ਪ੍ਰਿਤਪਾਲ ਸਿੰਘ ਮੰਗਾ ਨੇ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨੂੰ ਭਰਪੂਰ ਸਮਰਥਨ ਦੇਵੇਗੀ ਅਤੇ ਸੂਬੇ ਵਿੱਚ ਮੁੜ ਪੰਥਕ ਸਰਕਾਰ ਬਣੇਗੀ।