ਅਕਾਲੀ ਦਲ ਸ਼ਹੀਦਾਂ ਦੇ ਖੂਨ ਨਾਲ ਸਿੰਜੀ ਹੋਈ ਪਾਰਟੀ : ਰੰਧਾਵਾ
ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੇ ਖੂਨ ਨਾਲ ਸਿੰਜੀ ਹੋਈ ਪਾਰਟੀ ਹੈ : ਤਨਵੀਰ ਸਿੰਘ ਰੰਧਾਵਾ
Publish Date: Sat, 06 Dec 2025 07:15 PM (IST)
Updated Date: Sat, 06 Dec 2025 07:18 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੇ ਖੂਨ ਨਾਲ ਸਿੰਜੀ ਹੋਈ ਪਾਰਟੀ ਹੈ, ਜਿਸਨੂੰ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਨਾਲ ਕੋਈ ਨੁਕਸਾਨ ਨਹੀਂ ਪਹੁੰਚਾਇਆ ਜਾ ਸਕਦਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਰ ਰਾਜਨੀਤਿਕ ਪਾਰਟੀ ਉਤਰਾਅ-ਚੜ੍ਹਾਅ ਦਾ ਸਾਹਮਣਾ ਕਰਦੀ ਹੈ, ਪਰ ਸਮਾਂ ਬਹੁਤ ਸ਼ਕਤੀਸ਼ਾਲੀ ਹੈ, ਜੋ ਕਦੇ ਵੀ ਇੱਕੋ ਜਿਹਾ ਨਹੀਂ ਰਹਿੰਦਾ। ਰੰਧਾਵਾ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਬਣਾਈ ਅਤੇ ਸੂਬੇ ਦੀ ਵਾਗਡੋਰ ਸੰਭਾਲੀ ਤਾਂ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬੇਮਿਸਾਲ ਕੰਮ ਹੀ ਕੀਤੇ ਗਏ, ਜਿਨ੍ਹਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੀ ਭਾਵਨਾ ਨਾਲ ਪੰਜਾਬੀਆਂ ਨੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨੂੰ ਵੋਟ ਪਾਈ ਅਤੇ ਆਪ ਦੀ ਸਰਕਾਰ ਬਣਾਈ, ਪਰ ਹੁਣ ਉਨ੍ਹਾਂ ਨੂੰ ਆਪਣੇ ਫੈਸਲੇ ’ਤੇ ਪਛਤਾਵਾ ਹੋ ਰਿਹਾ ਹੈ ਕਿਉਂਕਿ ਇਹ ਸਰਕਾਰ ਹਰ ਮੋੜ ’ਤੇ ਅਸਫਲ ਸਾਬਤ ਹੋਈ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਵੱਲੋਂ ਬੋਲਿਆ ਗਿਆ ਹਰ ਸ਼ਬਦ ਪੱਥਰ ’ਤੇ ਲਿਖਿਆ ਹੋਇਆ ਸਾਬਤ ਹੋਇਆ ਹੈ, ਜਦੋਂ ਕਿ ਮੌਜੂਦਾ ਹਾਕਮ ਹਰ ਮੁੱਦੇ ’ਤੇ ਯੂ-ਟਰਨ ਲੈਣ ਵਿਚ ਮਾਹਰ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਸ਼੍ਰੋਮਣੀ ਅਕਾਲੀ ਦਲ ਲਈ ਵਧੇਰੇ ਉਤਸ਼ਾਹ ਹੈ, ਕਿਉਂਕਿ ਲੋਕ ਅਕਾਲੀ ਸਰਕਾਰ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਪੰਜਾਬ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਪਹੁੰਚਿਆ ਅਤੇ ਪੰਜਾਬ ਦੇ ਲੋਕ ਖੁਸ਼ਹਾਲ ਹੋਏ, ਕਿਉਂਕਿ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ, ਜਦੋਂਕਿ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਨੇ ਸਿਰਫ਼ ਪੰਜਾਬ ਨਾਲ ਧੋਖਾ ਹੀ ਕੀਤਾ ਹੈ। ਉਨ੍ਹਾਂ ਕਪੂਰਥਲਾ ਹਲਕੇ ਦੇ ਨਾਲ-ਨਾਲ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੰਮਾਂ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਗਈ ਮਦਦ ਨੂੰ ਧਿਆਨ ਵਿਚ ਰੱਖਦੇ ਹੋਏ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜੇਤੂ ਬਣਾਉਣ ਤਾਂ ਜੋ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਕੀਤਾ ਜਾ ਸਕੇ।