ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਅਤ ਦਾ ਅਸਲੀ ਰਾਖਾ ਹੈ : ਖਾਨੋਵਾਲ
ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਅਤ ਦਾ ਅਸਲੀ ਰਾਖਾ ਹੈ-ਖਾਨੋਵਾਲ
Publish Date: Fri, 19 Jun 2026 07:13 PM (IST)
Updated Date: Sat, 20 Jun 2026 04:06 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ ਨੇ ਪਾਰਟੀ ਵਰਕਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ, ਜਿੱਥੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸੰਗਠਨ ਦੀ ਮਜ਼ਬੂਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਰਜਿੰਦਰ ਸਿੰਘ ਖਾਨੋਵਾਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਸਭ ਤੋਂ ਪੁਰਾਣੀ ਅਤੇ ਇਕਲੌਤੀ ਖੇਤਰੀ ਪਾਰਟੀ ਹੈ ਜੋ ਹਮੇਸ਼ਾ ਲੋਕਾਂ ਦੀਆਂ ਜੜ੍ਹਾਂ ਅਤੇ ਭਾਵਨਾਵਾਂ ਨਾਲ ਜੁੜੀ ਰਹੀ ਹੈ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਪੰਜਾਬ, ਪੰਜਾਬੀਅਤ ਜਾਂ ਪੰਥ ਦੇ ਹਿੱਤਾਂ ਨੂੰ ਖ਼ਤਰਾ ਹੋਇਆ ਹੈ। ਪਾਰਟੀ ਹਮੇਸ਼ਾ ਉਨ੍ਹਾਂ ਦੀ ਰੱਖਿਆ ਲਈ ਅੱਗੇ ਆਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਅਗਵਾਈ ਵਿੱਚ ਪੂਰਾ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਜ਼ਮੀਨੀ ਪੱਧਰ ਤੇ ਆਪਣੀ ਮਜ਼ਬੂਤੀ ਮੁੜ ਪ੍ਰਾਪਤ ਕਰ ਰਹੀ ਹੈ।ਰਾਸ਼ਟਰੀ ਲੀਡਰਸ਼ਿਪ ਦੇ ਮਾਰਗਦਰਸ਼ਨ ਨੇ ਵਰਕਰਾਂ ਵਿੱਚ ਇੱਕ ਨਵਾਂ ਉਤਸ਼ਾਹ ਅਤੇ ਸਕਾਰਾਤਮਕ ਊਰਜਾ ਪੈਦਾ ਕੀਤੀ ਹੈ। ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਵੱਡੇ ਪੱਧਰ ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਮਿਲਿਆ ਹੈ ਅਤੇ ਪਾਰਟੀ ਦੇ ਕੰਮ ਨੂੰ ਨਵਾਂ ਹੁਲਾਰਾ ਮਿਲਿਆ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਹਰਜਿੰਦਰ ਸਿੰਘ ਖਾਨੋਵਾਲ ਨੇ ਮੌਜੂਦਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਬੇਰੁਜ਼ਗਾਰੀ, ਵਧਦੇ ਨਸ਼ਿਆਂ ਦੇ ਸੰਕਟ, ਖੇਤੀਬਾੜੀ ਦੀ ਦੁਰਦਸ਼ਾ ਅਤੇ ਉਦਯੋਗਿਕ ਮੰਦੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਅਜਿਹੇ ਔਖੇ ਸਮੇਂ ਵਿੱਚ ਸੂਬੇ ਨੂੰ ਇੱਕ ਮਜ਼ਬੂਤ ਅਤੇ ਤਜਰਬੇਕਾਰ ਸਰਕਾਰ ਦੀ ਲੋੜ ਹੈ ਜੋ ਬਿਨਾਂ ਕਿਸੇ ਡਰ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰ ਸਕੇ। ਸਿਰਫ਼ ਅਕਾਲੀ ਦਲ ਹੀ ਇਸ ਜ਼ਿੰਮੇਵਾਰੀ ਨੂੰ ਨਿਭਾ ਸਕਦਾ ਹੈ। ਅੰਤ ਵਿੱਚ ਪਾਰਟੀ ਵਰਕਰਾਂ ਨੂੰ ਪਾਰਟੀ ਦੀ ਅਸਲ ਰੀੜ੍ਹ ਦੀ ਹੱਡੀ ਦੱਸਦਿਆਂ,ਉਨ੍ਹਾਂ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਿਛਲੀਆਂ ਇਤਿਹਾਸਕ ਪ੍ਰਾਪਤੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਤਾਂ ਜੋ ਪਾਰਟੀ ਭਵਿੱਖ ਵਿੱਚ ਸੂਬੇ ਦੇ ਹੱਕਾਂ ਲਈ ਹੋਰ ਜ਼ੋਰ-ਸ਼ੋਰ ਨਾਲ ਲੜ ਸਕੇ।