- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡ ਖੇਤਰ ਬਾਊਪੁਰ ਦਾ ਦੌਰਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਹੜ੍ਹ ਰੋਕੂ ਪ੍ਰਬੰਧਾਂ ਲਈ ਸਰਕਾਰ ਨੂੰ ਘੇਰਿਆ, ਅਕਾਲੀ ਦਲ ਲੋਕਾਂ ਨਾਲ ਡਟ ਕੇ ਖੜ੍ਹਿਆ
ਕਿਹਾ-ਡੀਜ਼ਲ, ਲੋਹੇ ਦੇ ਜਾਲ ਤੇ ਹੋਰ ਜ਼ਰੂਰੀ ਸਮਾਨ ਅਕਾਲੀ ਦਲ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਖਰਾਬ ਮੌਸਮ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਬਾਊਪੁਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨਾਂ ਤੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨੇੜੇ ਤੋਂ ਜਾਣਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੰਡ ਖੇਤਰ ਦੇ ਲੋਕ ਹਰ ਸਾਲ ਕੁਦਰਤੀ ਆਫ਼ਤਾਂ ਨਾਲ ਜੂਝ ਰਹੇ ਹਨ, ਪਰ ਸਰਕਾਰਾਂ ਵੱਲੋਂ ਸਮੇਂ ਸਿਰ ਪੱਕੇ ਪ੍ਰਬੰਧ ਨਾ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਹਮੇਸ਼ਾ ਡਟ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 2025 ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਵੀ ਅਕਾਲੀ ਦਲ ਵੱਲੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਗਈ ਸੀ ਤੇ ਇਸ ਵਾਰ ਵੀ ਜਿੱਥੇ ਲੋੜ ਹੋਵੇਗੀ ਉੱਥੇ ਸਹਾਇਤਾ ਪਹੁੰਚਾਈ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਮੰਡ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਡੀਜ਼ਲ, ਲੋਹੇ ਦੇ ਜਾਲ ਅਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਲੋਕ ਆਉਣ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਸਕਣ।
ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ’ਤੇ ਸਖ਼ਤ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਲ ਦੇ ਹੜ੍ਹਾਂ ਤੋਂ ਕੋਈ ਸਬਕ ਨਹੀਂ ਲਿਆ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਅਜੇ ਤੱਕ ਕਿਸਾਨਾਂ ਨੂੰ ਨਹੀਂ ਮਿਲਿਆ ਤੇ ਮੰਡ ਖੇਤਰ ਬਾਊਪੁਰ ਵਿੱਚ ਟੁੱਟੇ ਆਰਜ਼ੀ ਬੰਨ੍ਹਾਂ ਦੀ ਮੁਰੰਮਤ ਵੱਲ ਵੀ ਸਰਕਾਰ ਨੇ ਕੋਈ ਗੰਭੀਰ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹਰੀਕੇ ਹੈੱਡ ਵਰਕਸ ਤੋਂ ਡੀਸਿਲਟਿੰਗ ਨਾ ਕਰਵਾਉਣਾ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਨਾ ਕਰਨਾ ਸਰਕਾਰ ਦੀ ਵੱਡੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਢੁੱਕਵੇਂ ਪ੍ਰਬੰਧ ਕੀਤੇ ਜਾਂਦੇ ਤਾਂ ਹਜ਼ਾਰਾਂ ਏਕੜ ਫਸਲ ਤੇ ਲੋਕਾਂ ਦੀ ਜਾਇਦਾਦ ਨੂੰ ਹੋਏ ਨੁਕਸਾਨ ਤੋਂ ਬਚਾਇਆ ਜਾ ਸਕਦਾ ਸੀ।
ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ, ਕੁਲਦੀਪ ਸਿੰਘ ਸਾਂਗਰਾ ਆਦਿ ਨੇ ਸੁਖਬੀਰ ਸਿੰਘ ਬਾਦਲ ਨੂੰ ਮੰਡ ਖੇਤਰ ਦੀਆਂ ਗੰਭੀਰ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਕਰੀਬ 25 ਹਜ਼ਾਰ ਏਕੜ ਫਸਲਾਂ ਤਬਾਹ ਹੋ ਗਈਆਂ ਸਨ, ਪਰ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਬਾਊਪੁਰ ਖੇਤਰ ਵਿੱਚ ਕਈ ਘਰ ਦਰਿਆ ਦੇ ਵਹਾਅ ਕਾਰਨ ਰੁੜ੍ਹ ਗਏ ਸਨ ਤੇ ਬਹੁਤ ਸਾਰੇ ਨੁਕਸਾਨੇ ਗਏ ਸਨ, ਪਰ ਪ੍ਰਭਾਵਿਤ ਪਰਿਵਾਰ ਅੱਜ ਵੀ ਸਰਕਾਰੀ ਸਹਾਇਤਾ ਦੀ ਉਡੀਕ ਕਰ ਰਹੇ ਹਨ। ਮੰਡ ਖੇਤਰ ਦੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਭਾਰੀ ਮੀਂਹ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਦਾ ਪਹੁੰਚਣਾ ਕਿਸਾਨਾਂ ਪ੍ਰਤੀ ਉਨ੍ਹਾਂ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਪਰਮਬੰਸ ਸਿੰਘ ਬੰਟੀ ਰੁਮਾਣਾ, ਸਾਬਕਾ ਚੇਅਰਮੈਨ ਜਥੇਦਾਰ ਜਰਨੈਲ ਸਿੰਘ ਵਾਹਦ, ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਇੰਜੀਨੀਅਰ ਸਵਰਨ ਸਿੰਘ ਮੈਂਬਰ ਪੀਏਸੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਯੂਥ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ, ਮੈਂਬਰ ਪੀਏਸੀ ਅਕਾਲੀ ਦਲ ਸੁਖਦੇਵ ਸਿੰਘ ਨਾਨਕਪੁਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ, ਦੋਆਬਾ ਜ਼ੋਨ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੂਲੇ, ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ, ਦਿਲਬਾਗ ਸਿੰਘ ਗਿੱਲ ਐੱਮਡੀ, ਐੱਚਐੱਸ ਵਾਲੀਆ ਹਲਕਾ ਇੰਚਾਰਜ ਕਪੂਰਥਲਾ, ਇਕਬਾਲ ਸਿੰਘ ਭੱਟੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਯੂਰਪ, ਸਰਪੰਚ ਮਨਜੀਤ ਸਿੰਘ ਗੋਲਡੀ ਪ੍ਰਧਾਨ ਯੂਥ ਅਕਾਲੀ ਦਲ, ਪਰਮਜੀਤ ਸਿੰਘ ਦੋਆਬਾ, ਰਿਟਾਇਰਡ ਮੈਨੇਜਰ ਜਰਨੈਲ ਸਿੰਘ ਬੂਲੇ, ਬਲਵਿੰਦਰ ਸਿੰਘ ਤੁੜ ਤਲਵੰਡੀ ਚੌਧਰੀਆਂ, ਅਰੁਣਦੀਪ ਸਿੰਘ ਸੈਦਪੁਰ, ਜਥੇਦਾਰ ਗੁਰਦਿਆਲ ਸਿੰਘ ਖਾਲਸਾ ਮੈਂਬਰ ਪੀਏਸੀ ਅਕਾਲੀ ਦਲ, ਯੂਥ ਅਕਾਲੀ ਆਗੂ ਜਥੇਦਾਰ ਦਰਬਾਰਾ ਸਿੰਘ ਵਿਰਦੀ, ਬਲਜੀਤ ਸਿੰਘ ਬੱਲੀ, ਸਾਬਕਾ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬਿੱਟੂ, ਜਥੇਦਾਰ ਰਣਜੀਤ ਸਿੰਘ ਆਹਲੀ, ਸਾਬਕਾ ਸਰਪੰਚ ਕਾਰਜ ਸਿੰਘ ਤਕੀਆ, ਗੁਰਚਰਨ ਸਿੰਘ ਟਿੱਬੀ, ਸੁਖਵਿੰਦਰ ਸਿੰਘ ਹਾਜੀਪੁਰ, ਇੰਦਰ ਸਿੰਘ ਲਾਟੀਆਂਵਾਲ, ਦਿਆਲ ਸਿੰਘ ਦੀਪੇਵਾਲ, ਗੁਰਪ੍ਰੀਤ ਸਿੰਘ ਫੱਤੁਢੀਂਗਾ, ਬਿਕਰਮਜੀਤ ਸਿੰਘ ਬਿੱਕਾ, ਮਲਕੀਤ ਸਿੰਘ ਚੰਦੀ ਰਣਧੀਰ ਪੁਰ, ਭੁਪਿੰਦਰ ਸਿੰਘ ਖਿੰਡਾ, ਬਲਜੀਤ ਕੌਰ ਕਮਾਲਪੁਰ, ਨਿਸ਼ਾਨ ਸਿੰਘ ਤਲਵੰਡੀ, ਜਗੀਰ ਸਿੰਘ ਲੰਬੜ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ।