2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਦਲਵਿੰਦਰ ਸਿੱਧੂ
2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਸ਼ਾਨ ਨਾਲ ਸਰਕਾਰ ਬਣੇਗੀ : ਦਲਵਿੰਦਰ ਸਿੱਧੂ
Publish Date: Thu, 02 Apr 2026 09:58 PM (IST)
Updated Date: Thu, 02 Apr 2026 10:01 PM (IST)

--ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਨੇ ਕੀਤੀਆਂ ਅੱਧਾ ਦਰਜਨ ਤੋਂ ਵੱਧ ਨਿਯੁਕਤੀਆਂ ਅਮਰੀਕ ਸਿੰਘ ਮੱਲ੍ਹੀ\ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਅੱਜ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਲਵਿੰਦਰ ਸਿੰਘ ਸਿੱਧੂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਾ ਪੱਧਰ ਦੇ ਵੱਖ-ਵੱਖ ਅਹੁਦਿਆਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਮੇਹਨਤੀ ਤੇ ਕਰਮਸ਼ੀਲ ਵਰਕਰਾਂ ਦੀਆਂ ਨਿਯੁਕਤੀਆਂ ਕੀਤੀਆਂ। ਵਿਧਾਨ ਸਭਾ ਹਲਕਾ ਕਪੂਰਥਲਾ ਦੇ ਪਿੰਡ ਜਲੋਵਾਲ ਵਿਖੇ ਪਾਰਟੀ ਦੇ ਅਯੋਜਿਤ ਇਕ ਸਮਾਗਮ ਦੌਰਾਨ ਜਥੇਦਾਰ ਸਤਨਾਮ ਸਿੰਘ ਜਲੋਵਾਲ ਦੀ ਨਿਗਰਾਨੀ ਹੇਠ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦਲਵਿੰਦਰ ਸਿੰਘ ਸਿੱਧੂ ਨੇ ਨਿਯੁਕਤੀ ਪੱਤਰ ਤਕਸੀਮ ਕੀਤੇ ਤੇ ਨਵ-ਨਿਯੁਕਤ ਪਾਰਟੀ ਅਹੁਦੇਦਾਰਾਂ ਨੂੰ ਪਾਰਟੀ ਦੀ ਮਜ਼ਬੂਤੀ ਤੇ ਚੜ੍ਹਦੀ ਕਲਾ ਲਈ ਦਿਨ-ਰਾਤ ਸਖਤ ਮਿਹਨਤ ਕਰਨ ਲਈ ਪ੍ਰੇਰਿਆ। ਨਿਯੁਕਤੀ ਪੱਤਰ ਦੇਣ ਲਈ ਆਯੋਜਿਤ ਸਮਾਗਮ ਦੌਰਾਨ ਹਾਜ਼ਰ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਤੋਂ ਇਲਾਵਾ ਨਵ-ਨਿਯੁਕਤ ਪਾਰਟੀ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਦਿਨੋਂ-ਦਿਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਲੋਕਾਂ ਦੇ ਭਰਵੇਂ ਇਕੱਠ ਤੇ ਲੋਕਾਂ ਦੇ ਉਤਸ਼ਾਹ ਨੂੰ ਵੇਖ ਕੇ ਲੱਗਦਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ 2027 ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿਚ ਸ਼ਾਨ ਨਾਲ ਸਰਕਾਰ ਬਣੇਗੀ। ਉਨ੍ਹਾਂ ਆਖਿਆ ਕਿ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਮੁੜ ਤਰੱਕੀ ਦੀਆਂ ਲੀਹਾਂ ਉੱਤੇ ਤੋਰ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਅਜੇ ਬਬਲਾ, ਜਗਤਾਰ ਸਿੰਘ ਜਲੋਵਾਲ, ਜਥੇਦਾਰ ਸਤਨਾਮ ਸਿੰਘ ਜੱਲੋਵਾਲ ਆਦਿ ਦੀ ਹਾਜ਼ਰੀ ਦੌਰਾਨ ਮੇਜਰ ਸਿੰਘ ਕੱਸੋ ਚਾਹਲ ਨੂੰ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਦਕਿ ਗੁਰਨਾਮ ਸਿੰਘ ਮੱਲੂ ਕਾਦਰਾਬਾਦ, ਰਜਿੰਦਰ ਸ਼ਰਮਾ, ਪ੍ਰੀਤਮ ਸਿੰਘ ਡੈਣਵਿੰਡ, ਜਗਮੋਹਨ ਸਿੰਘ ਸੈਦੋਵਾਲ ਆਦਿ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਥਾਪਿਆ ਗਿਆ। ਇਸੇ ਤਰ੍ਹਾਂ ਸੰਤੋਖ ਸਿੰਘ ਕੱਸੋ ਚਾਹਲ ਤੇ ਕੇਵਲ ਸਿੰਘ ਮੰਗਾ ਰੋਡਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸਕੱਤਰ ਨਿਯੁਕਤ ਕੀਤਾ ਗਿਆ। ਜਸਵਿੰਦਰ ਸਿੰਘ ਜਲੋਵਾਲ ਤੇ ਜਸਪਾਲ ਸਿੰਘ ਜੱਲੋਵਾਲ ਨੂੰ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਜ਼ਿਲਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਉਕਤ ਨਵ-ਨਿਯੁਕਤ ਅਹੁਦੇਦਾਰਾਂ ਨੇ ਸਾਂਝੇ ਤੌਰ ਉੱਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦਲਵਿੰਦਰ ਸਿੰਘ ਸਿੱਧੂ ਨੂੰ ਭਰੋਸਾ ਦਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੇ ਏਜੰਡਿਆਂ ਨੂੰ ਲੋਕਾਂ ਦੇ ਘਰ-ਘਰ ਤੱਕ ਲੈ ਕੇ ਜਾਣ ਲਈ ਵਚਨਬੱਧ ਹੋਣਗੇ।