ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ: ਗੁਰਸਿਮਰ ਸਿੰਘ
ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ: ਗੁਰਸਿਮਰ ਸਿੰਘ
Publish Date: Sun, 26 Apr 2026 06:56 PM (IST)
Updated Date: Sun, 26 Apr 2026 06:58 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਫਗਵਾੜਾ ਤੇ ਐੱਸਓਆਈ ਇੰਚਾਰਜ ਗੁਰਸਿਮਰ ਸਿੰਘ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਫਗਵਾੜਾ ਵਿਖੇ ਹੋਈ ਯੂਥ ਵਿੰਗ ਤੇ ਐੱਸਓਆਈ ਦੀ ਮੀਟਿੰਗ ਦੌਰਾਨ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੀ ਜਨਤਾ ਇਕ ਵਾਰ ਫਿਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੇ ਭਰੋਸਾ ਜਤਾਏਗੀ ਤੇ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਦੇ ਯੂਥ ਵਿੰਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਯੂਥ ਮੈਂਬਰ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ। ਪ੍ਰਧਾਨ ਗੁਰਸਿਮਰ ਸਿੰਘ ਨੇ ਦੱਸਿਆ ਕਿ ਇਸ ਪ੍ਰਚਾਰ ਅਭਿਆਨ ਦਾ ਮੁੱਖ ਮਕਸਦ ਨੌਜਵਾਨਾਂ ਤੇ ਆਮ ਵਰਗ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਕਿਸਾਨੀ, ਰੋਜ਼ਗਾਰ ਤੇ ਸਮਾਜ ਭਲਾਈ ਨਾਲ ਜੁੜੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਪਾਰਟੀ ਦੀ ਆਵਾਜ਼ ਪਹੁੰਚ ਸਕੇ। ਪ੍ਰਧਾਨ ਗੁਰਸਿਮਰ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕ ਨਿਰਾਸ਼ ਹਨ ਤੇ ਬਦਲਾਅ ਦੀ ਲੋੜ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀਆਂ ਨੀਤੀਆਂ ਤੇ ਵਿਕਾਸ ਦੇ ਮਾਡਲ ਨੂੰ ਲੋਕਾਂ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ। ਗੁਰਸਿਮਰ ਸਿੰਘ ਨੇ ਯੂਥ ਵਿੰਗ ਤੇ ਐੱਸਓਆਈ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ਤੇ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੀ ਜਨਤਾ ਅਗਲੀ ਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਮੌਕਾ ਦੇ ਕੇ ਇਕ ਮਜ਼ਬੂਤ ਤੇ ਸਥਿਰ ਸਰਕਾਰ ਬਣਾਏਗੀ। ਇਸ ਮੌਕੇ ਐੱਸਓਆਈ ਪ੍ਰਧਾਨ ਪ੍ਰਦੀਪ ਸਿੰਘ, ਅਕਾਸ਼ ਦੀਪ ਸਿੰਘ, ਵਿਸ਼ੂ ਘਈ, ਅਸੀਸ਼, ਸੁਖਦੀਪ ਸਿੰਘ, ਰਵਨੀਤ ਸਿੰਘ, ਰੋਹਿਤ ਪਾਲ, ਯਤਨਜੋਤ ਸਿੰਘ ਆਦਿ ਯੂਥ ਨੇਤਾ ਵੱਡੀ ਗਿਣਤੀ ’ਚ ਸ਼ਾਮਲ ਸਨ। ਅੰਤ ਵਿਚ ਗੁਰਸਿਮਰ ਸਿੰਘ ਨੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ, ਜਰਨੈਲ ਸਿੰਘ ਵਾਹਦ ਤੇ ਸਮੁੱਚੀ ਹਾਈਕਮਾਂਡ ਦਾ ਮਾਰਗਦਰਸ਼ਨ ਲਈ ਧੰਨਵਾਦ ਕੀਤਾ।