ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਬਣੇਗੀ ਪੰਜਾਬੀਆਂ ਦੀ ਆਵਾਜ਼ : ਟਾਂਡੀ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਬਣੇਗੀ ਪੰਜਾਬੀਆਂ ਦੀ ਆਵਾਜ਼: ਕੁਲਦੀਪ ਸਿੰਘ ਟਾਂਡੀ
Publish Date: Tue, 06 Oct 2026 08:33 PM (IST)
Updated Date: Tue, 06 Oct 2026 08:35 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਿੱਦੜਬਾਹਾ ਤੋਂ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਸੂਬੇ ਦੇ ਲੋਕਾਂ ਦੀ ਆਵਾਜ਼ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਕੀਤਾ। ਗੱਲਬਾਤ ਦੌਰਾਨ ਟਾਂਡੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅਕਾਲੀ ਦਲ ਦੇ ਆਗੂ ਅਤੇ ਵਰਕਰ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਇਸ ਦੌਰਾਨ ਪੰਜਾਬ ਸਰਕਾਰ ਦੇ ਕੰਮਕਾਜ ਬਾਰੇ ਲੋਕਾਂ ਦੀ ਰਾਏ ਜਾਣੀ ਜਾਵੇਗੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਉਠਾਏ ਜਾਣ ਵਾਲੇ ਮੁੱਦਿਆਂ ਅਤੇ ਦਿੱਤੇ ਜਾਣ ਵਾਲੇ ਸੁਝਾਵਾਂ ਨੂੰ ਪਾਰਟੀ ਦੇ ਆਉਣ ਵਾਲੇ ਚੋਣ ਮੈਨੀਫੈਸਟੋ ਵਿੱਚ ਸ਼ਾਮਿਲ ਕੀਤਾ ਜਾਵੇਗਾ, ਤਾਂ ਜੋ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਟਾਂਡੀ ਨੇ ਪਾਰਟੀ ਦੇ ਵਰਕਰਾਂ ਅਤੇ ਯੂਥ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਜੋਸ਼ ਅਤੇ ਲਗਨ ਨਾਲ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਅਤੇ ਹਰ ਘਰ ਤੱਕ ਪਾਰਟੀ ਦਾ ਸੁਨੇਹਾ ਪਹੁੰਚਾਉਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਲਈ ਡੱਟ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਰਹੇਗਾ।