ਪ੍ਰਕਾਸ਼ ਪੁਰਬ ’ਤੇ ਪਵਿੱਤਰ ਸ਼ਹਿਰ ’ਚ 8 ਲੱਖ ਦੇ ਕਰੀਬ ਸੰਗਤਾਂ ਪੁੱਜਣ ਦਾ ਅਨੁਮਾਨ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ
Publish Date: Sun, 22 Nov 2026 08:53 PM (IST)
Updated Date: Sun, 22 Nov 2026 08:55 PM (IST)
-ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ -ਪ੍ਰਸ਼ਾਸਨ ਵੀ ਪੱਬਾਂ ਭਾਰ, ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਪ੍ਰਬੰਧਾਂ ਦਾ ਜਾਇਜ਼ਾ ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਚੱਲ ਰਹੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ। ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਮੁੱਚੇ ਕੰਪਲੈਕਸ ਨੂੰ ਸੁੰਦਰ ਲੜੀਆਂ ਨਾਲ ਸਜਾ ਦਿੱਤਾ ਗਿਆ ਹੈ ਤੇ ਰਾਤ ਸਮੇਂ ਸੁੰਦਰ ਬਿਜਲੀ ਲੜੀਆਂ ਵੀ ਅਦਭੁੱਤ ਦ੍ਰਿਸ਼ ਪੇਸ਼ ਕਰ ਰਹੀਆਂ ਹਨ। ਦਰਸ਼ਨੀ ਡਿਉਢੀ ਤੇ ਦਰਬਾਰ ਹਾਲ ਨੂੰ ਬਹੁਤ ਹੀ ਸ਼ਾਨਦਾਰ ਦੇਸੀ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਹੈ, ਜੋ ਕਿ ਮਨਮੋਹਕ ਨਜ਼ਾਰਾ ਪੇਸ਼ ਕਰ ਰਹੇ ਹਨ। ਪੰਜਾਬੀ ਜਾਗਰਣ ਦੀ ਟੀਮ ਵੱਲੋਂ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦਰਸ਼ਨ ਕਰਨ ਮੌਕੇ ਦੇਖਿਆ ਕਿ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਸੀ ਤੇ ਸੰਗਤਾਂ ਦੀ ਆਮਦ ਤੇਜ਼ੀ ਨਾਲ ਹੋ ਰਹੀ ਸੀ। ਫੁੱਲਾਂ ਦੀ ਸਜਾਵਟ ਦਾ ਕੰਮ ਲੱਗਪਗ ਮੁਕੰਮਲ ਹੋ ਚੁੱਕਾ ਹੈ। ਇਨ੍ਹਾਂ ਫੁੱਲਾਂ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਡਾਕਟਰ ਹੀਰਾ ਸਿੰਘ ਡਾਇਮੰਡ ਤੇ ਸੁਖਵਿੰਦਰ ਸਿੰਘ ਡਡਵਿੰਡੀ ਵੱਲੋਂ ਕੀਤੀ ਗਈ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਦੱਸਿਆ ਕਿ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤਾਂ ਦੀ ਰਿਹਾਇਸ਼ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬੇਬੇ ਨਾਨਕੀ ਨਿਵਾਸ ਵਿੱਚ ਆਧੁਨਿਕ ਕਮਰੇ ਤੇ ਹਾਲ ਸੰਗਤਾਂ ਲਈ ਹਰ ਸਮੇਂ ਉਪਲੱਬਧ ਹੋਣਗੇ। ਇਸ ਦੇ ਨਾਲ ਹੀ ਲੰਗਰ ਹਾਲ ਵਿੱਚ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜਿੱਥੇ ਸੰਗਤਾਂ 24 ਘੰਟੇ ਲੰਗਰ ਛੱਕ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਦਰਬਾਰ ਹਾਲ, ਭੋਰਾ ਸਾਹਿਬ ਤੇ ਪਵਿੱਤਰ ਬੇਰੀ ਦੇ ਦਰਸ਼ਨ ਕਰਨ ਲਈ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ, ਜਿਸ ਲਈ ਸ਼੍ਰੋਮਣੀ ਕਮੇਟੀ ਦੇ ਸਟਾਫ਼ ਦੇ ਨਾਲ ਨਾਲ ਸਮਾਜ ਸੇਵੀ ਜਥੇਬੰਦੀਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਦਰਬਾਰ ਸਾਹਿਬ ਵਿਖੇ ਸੁਸ਼ੋਭਿਤ ਪਾਲਕੀ ਸਾਹਿਬ ਦੇ ਦਰਸ਼ਨ ਕਰਨ ਸਮੇਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਇਸ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਏ ਜਾਣ ਵਾਲੇ ਇਤਿਹਾਸਕ ਨਗਰ ਕੀਰਤਨ ਲਈ ਸਾਰੇ ਪ੍ਰਬੰਧ ਮੁਕੰਮਲ ਹੋ ਗਏ ਹਨ। ਇਸ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਪਹੁੰਚ ਰਹੀਆਂ ਹਨ। ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਭਾਈ ਹਰਜਿੰਦਰ ਸਿੰਘ ਨੇ ਦੱਸਿਆ ਬੀਤੇ ਦਿਨਾਂ ਤੋਂ ਹੀ ਸੰਗਤਾਂ ਵਿੱਚ ਪ੍ਰਕਾਸ਼ ਪੁਰਬ ਨੂੰ ਲੈ ਕੇ ਉਤਸ਼ਾਹ ਹੈ ਤੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਉੱਧਰ ਪ੍ਰਕਾਸ਼ ਪੁਰਬ ਮਨਾਉਣ ਲਈ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ ਡੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਆਲੇ-ਦੁਆਲੇ ਜਮਾ ਲਏ ਹਨ। ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਸਮਾਜ ਸੇਵੀ ਜਥੇਬੰਦੀਆਂ ਤੇ ਪਿੰਡਾਂ ਦੀਆਂ ਕਮੇਟੀਆਂ ਵੱਲੋਂ ਲੰਗਰ ਲਾਏ ਜਾਣਗੇ। ਪ੍ਰਬੰਧਕਾਂ ਅਨੁਸਾਰ ਇਸ ਵਾਰ ਪ੍ਰਕਾਸ਼ ਪੁਰਬ ਮੌਕੇ 8 ਲੱਖ ਦੇ ਕਰੀਬ ਸੰਗਤਾਂ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਅਨੁਮਾਨ ਹੈ। ਉਧਰ ਪ੍ਰਸ਼ਾਸਨ ਵੱਲੋਂ ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਦੇ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਜਾਇਜ਼ਾ ਲਿਆ ਜਾ ਰਿਹਾ। ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਵੱਲੋਂ ਸੰਗਤਾਂ ਦੀ ਸੁਰੱਖਿਆ ਲਈ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਦੂਜੇ ਜ਼ਿਲ੍ਹਿਆਂ ਤੋਂ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਪਾਰਕਿੰਗ ਲਈ ਦਾਣਾ ਮੰਡੀ ਤੇ ਪੁੱਡਾ ਕਲੋਨੀ ਵਿਖੇ ਪ੍ਰਬੰਧ ਕੀਤੇ ਗਏ ਹਨ। ਉੱਧਰ ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਸਕਦੇ ਹਨ, ਜਿਸ ਲਈ ਪ੍ਰਸ਼ਾਸਨ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ। ਉੱਧਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਉੱਪਰ ਦੁਕਾਨਾਂ ਸਜ ਚੁੱਕੀਆਂ ਹਨ।