ਪਿੰਡ ਪੰਡਵਾ ਤੋਂ ਅੱਜ ਸਜਾਈ ਜਾਵੇਗੀ ਸ਼ੋਭਾ ਯਾਤਰਾ
ਪਿੰਡ ਪੰਡਵਾ ਤੋਂ ਅੱਜ ਸਜਾਈ ਜਾਵੇਗੀ ਸ਼ੋਭਾ ਯਾਤਰਾ
Publish Date: Mon, 02 Feb 2026 07:57 PM (IST)
Updated Date: Mon, 02 Feb 2026 07:58 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਧੰਨ ਧੰਨ ਸਤਿਗੁਰੂ ਸ੍ਰੀ ਗੁਰੁ ਰਵਿਦਾਸ ਜੀ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਵਿਖੇ ਮਿਤੀ 12 ਫਰਵਰੀ ਦਿਨ ਵੀਰਵਾਰ ਨੂੰ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਦੀ ਅਗਵਾਈ ਹੇਠ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ ਮਿਤੀ 10 ਫਰਵਰੀ ਦਿਨ ਮੰਗਲਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੀਆਂ ਲੜੀਆਂ ਆਰੰਭ ਕੀਤੀਆਂ ਜਾਣਗੀਆਂ ਤੇ ਮਿਤੀ 12 ਫਰਵਰੀ ਦਿਨ ਵੀਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੇ ਭੋਗ ਉਪਰੰਤ ਸਜੇ ਦੀਵਾਨਾਂ ਵਿਚ ਸੰਤ ਮਲਕੀਤ ਸਿੰਘ ਜੀ ਮਜਾਰੀ ਵਾਲੇ ਸਿੱਧੀਆਂ ਧਾਰਨਾਵਾਂ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਤਤ ਵੇਤੇ, ਖਟ ਦਰਸ਼ਨ, ਨਿਰਮਲ ਭੇਖ, ਸਾਧੂ ਸੰਤ ਸਮਾਜ ਦੇ ਸਮੂਹ ਮਹਾਂਪੁਰਖ ਪਹੁੰਚਣਗੇ ਤੇ ਆਈਆਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਵੀ ਪਾਉਣਗੇ। ਇਸਦੇ ਨਾਲ ਹੀ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ ਮਿਤੀ 3 ਫਰਵਰੀ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਪੰਡਵਾ ਤੋਂ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ ਜੋ ਕਿ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਵਿਖੇ ਚਾਲੇ ਪਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਸ਼ੋਭਾ ਯਾਤਰਾ ਤੇ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ।