ਟੋਇਆਂ ਤੋਂ ਪਰੇਸ਼ਾਨ ਦੁਕਾਨਦਾਰਾਂ ਦਾ ਫੁੱਟਿਆ ਗੁੱਸਾ, ਪ੍ਰਸ਼ਾਸਨ ਖ਼ਿਲਾਫ਼ ਕੀਤਾ ਪ੍ਰਦਰਸ਼ਨ ਸਦਰ ਬਾਜ਼ਾਰ ਵਿੱਚ ਡੂੰਘੇ ਖੱਡਿਆਂ ਤੋਂ ਪਰੇਸ਼ਾਨ ਦੁਕਾਨਦਾਰਾਂ ਦਾ ਫੁੱਟਿਆ ਗੁੱਸਾ, ਪ੍ਰਸ਼ਾਸਨ ਖ਼ਿਲਾਫ਼ ਕੀਤਾ ਪ੍ਰਦਰਸ਼ਨ
Publish Date: Tue, 14 Jul 2026 09:22 PM (IST)
Updated Date: Tue, 14 Jul 2026 09:24 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਸਦਰ ਬਾਜ਼ਾਰ ’ਚ ਸੜਕ ਦੀ ਖਸਤਾ ਹਾਲਤ ਅਤੇ ਡੂੰਘੇ ਟੋਇਆਂ ਤੋਂ ਪਰੇਸ਼ਾਨ ਦੁਕਾਨਦਾਰਾਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਕਿ ਬਾਜ਼ਾਰ ਦੀ ਸੜਕ ਨੂੰ ਤੁਰੰਤ ਬਣਾਇਆ ਜਾਵੇ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ ਵਾਟਰ ਸਪਲਾਈ ਪਾਈਪ ਪਾਉਣ ਲਈ ਸਦਰ ਬਾਜ਼ਾਰ ਦੀ ਸੜਕ ਪੁੱਟੀ ਗਈ ਸੀ, ਪਰ ਕੰਮ ਪੂਰਾ ਹੋਣ ਤੋਂ ਬਾਅਦ ਸੜਕ ਦੀ ਮੁਰੰਮਤ ਨਹੀਂ ਕੀਤੀ ਗਈ। ਪਾਈਪ ਪਾਉਣ ਲਈ ਬਣਾਏ ਗਏ ਡੂੰਘੇ ਟੋਏ ਅੱਜ ਵੀ ਲੋਕਾਂ ਲਈ ਵੱਡੀ ਮੁਸੀਬਤ ਬਣੇ ਹੋਏ ਹਨ। ਦੁਕਾਨਦਾਰਾਂ ਨੇ ਕਿਹਾ ਕਿ ਟੁੱਟੀ ਸੜਕ, ਟੋਇਆਂ ਅਤੇ ਬੇਤਰਤੀਬ ਟ੍ਰੈਫਿਕ ਪ੍ਰਬੰਧ ਕਾਰਨ ਹਰ ਰੋਜ਼ਾਨਾ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਬਰਸਾਤ ਦੇ ਦਿਨਾਂ ਵਿੱਚ ਟੋਇਆਂ ਵਿੱਚ ਪਾਣੀ ਭਰ ਜਾਣ ਕਾਰਨ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਦੋਪਹੀਆ ਵਾਹਨ ਚਾਲਕ, ਬਜ਼ੁਰਗ ਅਤੇ ਪੈਦਲ ਚੱਲਣ ਵਾਲੇ ਲੋਕ ਸਭ ਤੋਂ ਵੱਧ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਇੱਕ ਇਤਿਹਾਸਕ ਅਤੇ ਧਾਰਮਿਕ ਨਗਰੀ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ। ਰੇਲਵੇ ਸਟੇਸ਼ਨ ਤੋਂ ਧਾਰਮਿਕ ਸਥਾਨਾਂ ਵੱਲ ਜਾਣ ਵਾਲੇ ਰਸਤਿਆਂ ਵਿੱਚ ਖਰਾਬ ਸੜਕ ਪ੍ਰਬੰਧ ਕਾਰਨ ਸ਼ਰਧਾਲੂਆਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰਾਂ ਵੱਲੋਂ ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਸ਼ਿਵ ਮੰਦਰ ਚੌੜਾ ਖੂਹ ਦੇ ਪ੍ਰਧਾਨ ਰਾਕੇਸ਼ ਕੁਮਾਰ ਨੀਟੂ, ਡਿੰਪਲ ਟੰਡਨ, ਗੋਰਾ ਗੁਜਰਾਲ, ਸੋਨੂੰ ਸ਼ਾਹ, ਭਜਨ, ਰਮਨ, ਅਨਿਲ ਧੀਰ ਅਤੇ ਬਾਬਾ ਬਲੌਰੀ ਨਾਥ ਨੇ ਦੋਸ਼ ਲਗਾਇਆ ਕਿ ਬਾਜ਼ਾਰ ਦੀ ਖਰਾਬ ਹਾਲਤ ਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ ’ਤੇ ਪੈ ਰਿਹਾ ਹੈ। ਸੜਕ ’ਤੇ ਬਣੇ ਟੋਇਆਂ, ਜਾਮ ਅਤੇ ਅਵਿਵਸਥਾ ਕਾਰਨ ਗਾਹਕ ਬਾਜ਼ਾਰ ਵਿੱਚ ਆਉਣ ਤੋਂ ਕਤਰਾਉਂਦੇ ਹਨ, ਜਿਸ ਨਾਲ ਦੁਕਾਨਦਾਰਾਂ ਦੀ ਦੁਕਾਨਦਾਰੀ ਪ੍ਰਭਾਵਿਤ ਹੋ ਰਹੀ ਹੈ। ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸੜਕ ਦਾ ਨਿਰਮਾਣ ਕਰਵਾਇਆ ਜਾਵੇ, ਵਾਟਰ ਸਪਲਾਈ ਦੇ ਕੰਮ ਤੋਂ ਬਾਅਦ ਛੱਡੇ ਗਏ ਟੋਇਆਂ ਨੂੰ ਭਰਿਆ ਜਾਵੇ ਅਤੇ ਬਾਜ਼ਾਰ ਵਿੱਚ ਟ੍ਰੈਫਿਕ ਪ੍ਰਬੰਧ ਨੂੰ ਵੀ ਠੀਕ ਕੀਤਾ ਜਾਵੇ। ਦੁਕਾਨਦਾਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਬਾਜ਼ਾਰ ਸ਼ਹਿਰ ਦੀ ਪਹਿਚਾਣ ਹੁੰਦਾ ਹੈ, ਪਰ ਲੰਮੇ ਸਮੇਂ ਤੋਂ ਚੱਲ ਰਹੀ ਲਾਪਰਵਾਹੀ ਕਾਰਨ ਦੁਕਾਨਦਾਰ ਅਤੇ ਆਮ ਲੋਕ ਪਰੇਸ਼ਾਨ ਹਨ। ਪ੍ਰਸ਼ਾਸਨ ਨੂੰ ਮੌਕੇ ’ਤੇ ਪਹੁੰਚ ਕੇ ਇਸ ਸਮੱਸਿਆ ਦਾ ਸਥਾਈ ਹੱਲ ਕਰਨਾ ਚਾਹੀਦਾ ਹੈ।