ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਨੇ ਸ਼ਹੀਦਾਂ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ
ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ
Publish Date: Tue, 24 Mar 2026 09:58 PM (IST)
Updated Date: Tue, 24 Mar 2026 10:01 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ (ਰਜਿ.) ਫਗਵਾੜਾ ਵੱਲੋਂ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਯਾਦ ਕਰਦਿਆਂ ਨਿੱਘੀ ਸ਼ਰਧਾਂਜਲੀ ਦੇਣ ਸਬੰਧੀ ਸਮਾਗਮ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਬੰਗਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਸਮੂਹ ਹਾਜ਼ਰੀਨ ਨੇ ਸ਼ਹੀਦਾਂ ਦੀਆਂ ਤਸਵੀਰਾਂ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਪ੍ਰਧਾਨ ਪ੍ਰਦੀਪ ਧੀਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਬੇਮਿਸਾਲ ਕੁਰਬਾਨੀ ਸਦਕਾ ਹੀ ਅੱਜ ਅਸੀਂ ਆਜ਼ਾਦ ਭਾਰਤ ਵਿਚ ਆਜ਼ਾਦੀ ਨਾਲ ਜੀ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਨੌਜਵਾਨ ਉਮਰ ਵਿਚ ਹੀ ਦੇਸ਼ ਲਈ ਆਪਣੀ ਜਾਨਾਂ ਵਾਰ ਕੇ ਦੇਸ਼ਭਗਤੀ ਦੀ ਅਜਿਹੀ ਮਿਸਾਲ ਕਾਇਮ ਕੀਤੀ, ਜੋ ਸਦੀਵੀਂ ਤੌਰ ’ਤੇ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ’ਤੇ ਉਪਰਾਲਾ ਕਰਦੇ ਹੋਏ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਨਾਉਣ ਲਈ ਮੁੱਢਲੇ ਫਰਜ਼ ਵਜੋਂ ਯਤਨਸ਼ੀਲ ਹੋਣਾ ਚਾਹੀਦਾ ਹੈ। ਸਮਾਗਮ ਦੌਰਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਤੇ ਇਹ ਪ੍ਰਣ ਲਿਆ ਗਿਆ ਕਿ ਸਭਾ ਦੇ ਮੈਂਬਰ ਹਮੇਸ਼ਾ ਸਮਾਜ ਦੀ ਭਲਾਈ ਤੇ ਦੇਸ਼ ਦੀ ਤਰੱਕੀ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸਭਾ ਦੇ ਸਰਪ੍ਰਸਤ ਜਸਪਾਲ ਸਿੰਘ ਲਾਲ, ਸੀਨੀਅਰ ਵਾਈਸ ਪ੍ਰਧਾਨ ਸੁਰਿੰਦਰ ਪਾਲ ਧੀਮਾਨ, ਜਨਰਲ ਸਕੱਤਰ ਗੁਰਨਾਮ ਸਿੰਘ ਜੂਤਲਾ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ ਭੱਚੂ, ਰਜਿੰਦਰ ਸਿੰਘ ਰੂਪਰਾਏ, ਸੁਖਵਿੰਦਰ ਸਿੰਘ ਕੁੰਦੀ, ਡਾ. ਅਵਿਨਾਸ਼ ਸਿੰਘ ਚੌਹਾਨ, ਡਾ. ਗੋਪਾਲ ਕੌਸ਼ਲ, ਜਰਨੈਲ ਸਿੰਘ, ਬਲਵਿੰਦਰ ਸਿੰਘ ਰਤਨ, ਵਿਕਰਮ ਰੂਪਰਾਏ ਆਦਿ ਹਾਜ਼ਰ ਸਨ।