- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਾਣਾ ਮੰਡੀ ਕਪੂਰਥਲਾ ਵਿਚ ਮੋਇਸਚਰ ਮੀਟਰਾਂ ਦੀ ਚੈਕਿੰਗ ਦੌਰਾਨ ਵੱਡੇ ਫ਼ਰਕ

ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਨੇ ਉਠਾਏ ਸਵਾਲ
ਕਿਹਾ-ਅਧਿਕਾਰੀ ਜਵਾਬ ਦੇਣ ਦੀ ਬਜਾਏ ਸਵਾਲਾਂ ਤੋਂ ਭੱਜੇ
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ
ਫੱਤੂਢੀਂਗਾ : ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਤੇ ਹਲਕਾ ਇੰਚਾਰਜ ਕਪੂਰਥਲਾ ਜਗਜੀਤ ਸਿੰਘ ਧਾਲੀਵਾਲ ਵੱਲੋਂ ਆਪਣੀ ਟੀਮ ਸਮੇਤ ਦਾਣਾ ਮੰਡੀ ਕਪੂਰਥਲਾ ਦਾ ਦੌਰਾ ਕਰਕੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਉਪਰੰਤ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਪਾਰਟੀ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਦੋਂ ਕਿਸਾਨਾਂ ਨਾਲ ਸਬੰਧਤ ਸਮੱਸਿਆਵਾਂ ਤੇ ਮੰਡੀ ਪ੍ਰਬੰਧਾਂ ਬਾਰੇ ਅਧਿਕਾਰੀਆਂ ਤੋਂ ਸਵਾਲ ਕੀਤੇ ਗਏ ਤਾਂ ਉਹ ਸਪੱਸ਼ਟ ਜਵਾਬ ਦੇਣ ਦੀ ਬਜਾਏ ਸਵਾਲਾਂ ਤੋਂ ਬਚਦੇ ਨਜ਼ਰ ਆਏ। ਇਸ ਤੋਂ ਬਾਅਦ ਪਾਰਟੀ ਆਗੂਆਂ ਵੱਲੋਂ ਮੌਕੇ ’ਤੇ ਆੜ੍ਹਤੀਆਂ ਤੇ ਮੰਡੀ ਬੋਰਡ ਨਾਲ ਸਬੰਧਤ ਮੋਇਸਚਰ ਮੀਟਰਾਂ ਦੀ ਚੈਕਿੰਗ ਕੀਤੀ ਗਈ। ਆਗੂਆਂ ਦਾ ਦਾਅਵਾ ਹੈ ਕਿ ਚੈਕਿੰਗ ਦੌਰਾਨ ਮੀਟਰਾਂ ਦੀਆਂ ਰੀਡਿੰਗਾਂ ਵਿੱਚ ਵੱਡੇ ਫ਼ਰਕ ਸਾਹਮਣੇ ਆਏ, ਜਿਸ ਕਾਰਨ ਮੋਇਸਚਰ ਮੀਟਰਾਂ ਦੀ ਕਾਰਗੁਜ਼ਾਰੀ ਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਹੋਏ ਹਨ। ਗੁਰਦੀਪ ਸਿੰਘ ਭੰਡਾਲ ਤੇ ਜਗਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਨੂੰ ਕਿਸਾਨਾਂ ਵੱਲੋਂ ਕਥਿਤ ਤੌਰ ’ਤੇ ਇਹ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਵੱਲੋਂ ਉਨ੍ਹਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਸ਼ਾਂ ਦੀ ਸੱਚਾਈ ਦਾ ਪਤਾ ਲਗਾਉਣ ਲਈ ਪੂਰੀ ਪ੍ਰਕਿਰਿਆ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ। ਪਾਰਟੀ ਆਗੂਆਂ ਨੇ ਐਲਾਨ ਕੀਤਾ ਕਿ ਸੋਮਵਾਰ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੇ ਲੈਟਰਪੈਡ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਲਿਖਤੀ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਵਿੱਚ ਮੋਇਸਚਰ ਮੀਟਰਾਂ ਦੀ ਮੌਕੇ ’ਤੇ ਦੁਬਾਰਾ ਜਾਂਚ, ਰਿਕਾਰਡ ਦੀ ਪੜਤਾਲ ਤੇ ਕਿਸਾਨਾਂ ਨਾਲ ਹੋ ਰਹੀਆਂ ਕਥਿਤ ਬੇਨਿਯਮੀਆਂ ਦੀ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਦੀ ਫ਼ਸਲ ਦਾ ਇੱਕ-ਇੱਕ ਦਾਣਾ ਉਸ ਦੀ ਮਿਹਨਤ ਨਾਲ ਜੁੜਿਆ ਹੋਇਆ ਹੈ ਤੇ ਕਿਸੇ ਵੀ ਪੱਧਰ ’ਤੇ ਉਸਦੇ ਹੱਕਾਂ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਦਰਜਾ-ਬ-ਦਰਜਾ ਆਗੂ ਤੇ ਵਰਕਰ ਹਾਜ਼ਰ ਸਨ।