ਉਦਯੋਗਿਕ ਤੇ ਕਾਰੋਬਾਰੀ ਵਿਕਾਸ ਨੀਤੀ ਤਹਿਤ 6 ਕੇਸ ਮਨਜ਼ੂਰ ਉਦਯੋਗਿਕ ਤੇ ਕਾਰੋਬਾਰੀ ਵਿਕਾਸ ਨੀਤੀ ਤਹਿਤ ਪ੍ਰਸ਼ਾਸਨ ਵੱਲੋਂ ਪ੍ਰੋਤਸਾਹਨ ਦੇ ਛੇ ਕੇਸ ਮਨਜ਼ੂਰ
Publish Date: Thu, 10 Sep 2026 08:08 PM (IST)
Updated Date: Thu, 10 Sep 2026 08:10 PM (IST)
---ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਥਾਨਕ ਉਦਯੋਗ ਨੂੰ ਹੁਲਾਰਾ ਦੇਣ ਲਈ ਇੱਕ ਅਹਿਮ ਕਦਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਡਸਟਰੀਅਲ ਐਂਡ ਬਿਜ਼ਨਸ ਡਿਵੈਲਪਮੈਂਟ ਪਾਲਿਸੀ-2017 ਤੇ 2022 ਅਧੀਨ ਪ੍ਰੋਤਸਾਹਨ ਦੇ ਛੇ ਕੇਸ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਵਿੱਚ ਤਿੰਨ ਕੇਸ ਬਿਜਲੀ ਡਿਊਟੀ ਤੋਂ ਛੋਟ ਤੇ ਤਿੰਨ ਕੇਸ 23.48 ਲੱਖ ਰੁਪਏ ਦੀ ਐੱਸਜੀਐੱਸਟੀ ਰੀਇੰਬਰਸਮੈਂਟ ਨਾਲ ਸਬੰਧਤ ਹਨ, ਜਿਸ ਨਾਲ ਜ਼ਿਲ੍ਹੇ ਦੇ ਉਦਯੋਗਿਕ ਅਦਾਰਿਆਂ ਨੂੰ ਵਿੱਤੀ ਰਾਹਤ ਮਿਲੇਗੀ। ਇਹ ਮਨਜ਼ੂਰੀਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦਿੱਤੀਆਂ ਗਈਆਂ। ਇਸ ਮੌਕੇ ਬਿਜਲੀ ਡਿਊਟੀ ਤੋਂ ਛੋਟ ਤੇ ਐੱਸਜੀਐੱਸਟੀ ਰੀਇੰਬਰਸਮੈਂਟ ਸਮੇਤ ਵੱਖ-ਵੱਖ ਉਦਯੋਗਿਕ ਪ੍ਰੋਤਸਾਹਨਾਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਮਜ਼ਬੂਤ ਕਰਨ ਤੇ ਸੂਬੇ ਵਿੱਚ ਕਾਰੋਬਾਰ ਲਈ ਸੁਖਾਵਾਂ ਮਾਹੌਲ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਦਯੋਗਿਕ ਮਸਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੱਖ-ਵੱਖ ਉਦਯੋਗਿਕ ਖੇਤਰਾਂ ਦਾ ਨਿਯਮਤ ਦੌਰਾ ਕਰਕੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਨਾਲ ਤਾਲਮੇਲ ਕਰਕੇ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੇ ਸਰਗਰਮ ਉਪਰਾਲਿਆਂ ਨਾਲ ਉਦਯੋਗਿਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਣ ਦੇ ਨਾਲ-ਨਾਲ ਜ਼ਿਲ੍ਹੇ ਵਿੱਚ ਕਾਰੋਬਾਰ ਕਰਨ ਦੀ ਸਹੂਲਤ ਵੀ ਹੋਰ ਬਿਹਤਰ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਵੇਸ਼ਕਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਤੇ ਨਵੇਂ ਪ੍ਰੋਜੈਕਟਾਂ ਲਈ ਲੋੜੀਂਦੀਆਂ ਮਨਜ਼ੂਰੀਆਂ ਨੂੰ ਸੁਚਾਰੂ ਢੰਗ ਨਾਲ ਸਮੇਂ ਸਿਰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕਾਰੋਬਾਰੀ ਭਾਈਚਾਰੇ ਨੂੰ ਜ਼ਿਲ੍ਹੇ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਪੂਰਥਲਾ ਵਿੱਚ ਉਦਯੋਗ-ਪੱਖੀ ਮਾਹੌਲ ਮੌਜੂਦ ਹੈ। ਉਨ੍ਹਾਂ ਕਿਹਾ ਕਿ ਵਧੇਰੇ ਨਿਵੇਸ਼ ਨਾਲ ਨਾ ਸਿਰਫ਼ ਆਰਥਿਕ ਵਿਕਾਸ ਨੂੰ ਤੇਜ਼ੀ ਮਿਲੇਗੀ, ਸਗੋਂ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ, ਜਿਸ ਨਾਲ ਸਮੁੱਚੇ ਖੇਤਰ ਨੂੰ ਲਾਭ ਹੋਵੇਗਾ।