ਸੁਲਤਾਨਪੁਰ ਲੋਧੀ ’ਚ ਕੈਫੇ ’ਤੇ ਫਾਇਰਿੰਗ ਮਾਮਲੇ ’ਚ 6 ਗੁਰਗੇ ਗ੍ਰਿਫ਼ਤਾਰ ਸੁਲਤਾਨਪੁਰ ਲੋਧੀ ਵਿਚ ਬਰਿਸਟਾ ਕੈਫੇ ’ਤੇ ਫਾਇਰਿੰਗ ਮਾਮਲੇ ਵਿਚ 6 ਗੁਰਗੇ ਗ੍ਰਿਫ਼ਤਾਰ
Publish Date: Fri, 17 Jul 2026 09:27 PM (IST)
Updated Date: Fri, 17 Jul 2026 09:28 PM (IST)
ਵਿਦੇਸ਼ ’ਚ ਬੈਠੇ ਗੈਂਗਸਟਰ ਜੱਗਾ ਫੁਕੀਵਾਲ ਫਾਇਰਿੰਗ ਤੋਂ ਪਹਿਲਾ ਨੇ ਮੰਗੀ ਸੀ 15 ਲੱਖ ਦੀ ਫਿਰੌਤੀ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ ਬਰਿਸਟਾ ਕੈਫੇ ਦੇ ਮਾਲਕ ਤੋਂ ਰੰਗਦਾਰੀ ਨਾ ਮਿਲਣ ’ਤੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਜੱਗਾ ਫੁਕੀਵਾਲ ਵੱਲੋਂ ਫਾਇਰਿੰਗ ਕਰਵਾਉਣ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸੁਲਤਾਨਪੁਰ ਲੋਧੀ ਪੁਲਿਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਜੱਗਾ ਦੇ ਗੈਂਗ ਨਾਲ ਸਬੰਧਤ ਛੇ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਵਾਰਦਾਤ ਵਿੱਚ ਵਰਤਿਆ ਗਿਆ ਇੱਕ ਦੇਸੀ ਪਿਸਤੌਲ ਅਤੇ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਐੱਸਪੀ (ਡੀ) ਹਰਿੰਦਰ ਸਿੰਘ ਗਿੱਲ ਅਤੇ ਡੀਐੱਸਪੀ ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ ਨੇ ਦੱਸਿਆ ਕਿ ਬੀਤੇ ਮਹੀਨੇ 21 ਜੂਨ ਨੂੰ ਬਰਿਸਟਾ ਕੈਫੇ ਦੇ ਮਾਲਕ ਤੋਂ ਵਿਦੇਸ਼ੀ ਵ੍ਹਟਸਐਪ ਨੰਬਰ ਰਾਹੀਂ 15 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਕੈਫੇ ਮਾਲਕ ਵੱਲੋਂ ਫਿਰੌਤੀ ਨਾ ਦੇਣ ’ਤੇ ਉਸ ਨੂੰ ਡਰਾਉਣ ਦੇ ਮਕਸਦ ਨਾਲ ਅਣਪਛਾਤੇ ਵਿਅਕਤੀਆਂ ਨੇ ਕੈਫੇ ਦੇ ਬਾਹਰ ਹਵਾਈ ਫਾਇਰਿੰਗ ਕੀਤੀ ਸੀ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਵੀ ਲਈ ਗਈ ਸੀ। ਇਸ ਤੋਂ ਬਾਅਦ 24 ਜੂਨ ਨੂੰ ਥਾਣਾ ਸੁਲਤਾਨਪੁਰ ਲੋਧੀ ਵਿੱਚ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਐੱਫਆਈਆਰ ਦਰਜ ਕਰ ਕੇ ਜਾਂਚ ਤੇਜ਼ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਟਰੇਸ ਕਰਨ ਲਈ ਸੀਆਈਏ ਇੰਚਾਰਜ ਐੱਸਆਈ ਰਮਨ ਕੁਮਾਰ ਅਤੇ ਥਾਣਾ ਸੁਲਤਾਨਪੁਰ ਲੋਧੀ ਦੇ ਐੱਸਐੱਚਓ ਐੱਸਆਈ ਦਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ । ਟੈਕਨੀਕਲ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਪੁਲਿਸ ਨੇ ਇਸ ਮਾਮਲੇ ਵਿੱਚ ਲੋੜੀਂਦੇ ਅਮਿਤ ਸਿੰਘ ਵਾਸੀ ਪਿੰਡ ਦੇਸਲ, ਹਰਮਨਰੂਪ ਸਿੰਘ ਅਤੇ ਜਸਮਨਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਟਿੱਬਾ, ਜਗਦੀਪ ਸਿੰਘ ਵਾਸੀ ਪਿੰਡ ਤੋਤੀ ਅਤੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਐੱਸਪੀ (ਡੀ) ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਗਿਆ ਦੇਸੀ ਪਿਸਤੌਲ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗਾ, ਵਾਸੀ ਸ਼ਾਹਜਹਾਂਪੁਰ (ਫੁਕੀਵਾਲ), ਥਾਣਾ ਸੁਲਤਾਨਪੁਰ ਲੋਧੀ ਨੇ ਸੋਸ਼ਲ ਮੀਡੀਆ ਰਾਹੀਂ ਇਸ ਵਾਰਦਾਤ ਦੀ ਜ਼ਿੰਮੇਵਾਰੀ ਲਈ ਸੀ। ਇਸ ਦੇ ਆਧਾਰ ’ਤੇ ਪੁਲਿਸ ਨੇ ਇਸ ਮਾਮਲੇ ਵਿੱਚ ਜੱਗਾ ਨੂੰ ਵੀ ਨਾਮਜ਼ਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਜੱਗਾ ਵਿਦੇਸ਼ ਵਿੱਚ ਬੈਠ ਕੇ ਆਪਣੇ ਸਥਾਨਕ ਗੁਰਗਿਆਂ ਰਾਹੀਂ ਜਾਣਕਾਰੀ ਇਕੱਠੀ ਕਰਦਾ ਹੈ ਅਤੇ ਫਿਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿਵਾਉਂਦਾ ਹੈ। ਉਸ ਖ਼ਿਲਾਫ਼ ਜਲੰਧਰ ਅਤੇ ਕਪੂਰਥਲਾ ਵਿੱਚ ਪਹਿਲਾਂ ਹੀ ਕਈ ਕੇਸ ਦਰਜ ਹਨ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।