ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਗਮ ’ਚ ਸ਼ਾਮਲ ਹੋਏ ਅਨੂ ਸ਼ਰਮਾ ਆਦਰਸ਼ ਬਾਲ ਵਿਿਦਆਲਿਆ ਦੇ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਮਾਜ ਸੇਵਿਕਾ ਅਨੂ ਸ਼ਰਮਾ
Publish Date: Sun, 29 Nov 2026 08:26 PM (IST)
Updated Date: Sun, 29 Nov 2026 08:28 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਦਰਸ਼ ਬਾਲ ਵਿਦਿਆਲਿਆ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਉਤਸ਼ਾਹ ਤੇ ਖੁਸ਼ੀ ਭਰੇ ਮਾਹੌਲ ਵਿੱਚ ਕਰਵਾਇਆ ਗਿਆ। ਇਸ ਮੌਕੇ ਫਗਵਾੜਾ ਦੀ ਉੱਘੀ ਸਮਾਜ ਸੇਵਿਕਾ, ਲਾਈਟ ਫਾਰ ਲਾਈਵਜ਼ ਦੀ ਪ੍ਰਧਾਨ ਤੇ ਹਿਊਮਨ ਰਾਈਟਸ ਕੌਂਸਲ ਦੀ ਨੈਸ਼ਨਲ ਵਾਈਸ ਪ੍ਰੈਜ਼ੀਡੈਂਟ ਅਨੂ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਨਰੋਤਮ ਖੇਤੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਵਿੱਦਿਅਕ, ਸੱਭਿਆਚਾਰਕ ਤੇ ਹੋਰ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਅਨੂ ਸ਼ਰਮਾ ਨੇ ਆਪਣੇ ਪੁਰਾਣੇ ਸਕੂਲ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਇਸੇ ਆਦਰਸ਼ ਬਾਲ ਵਿਦਿਆਲਿਆ ਤੋਂ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਅੱਜ ਉਸੇ ਸਕੂਲ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚਣਾ ਉਨ੍ਹਾਂ ਲਈ ਬੇਹੱਦ ਖੁਸ਼ੀ ਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਸਕੂਲ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਦੇ ਜੀਵਨ ਦੀ ਨੀਂਹ ਮੁੱਢਲੀ ਸਿੱਖਿਆ ਨਾਲ ਹੀ ਰੱਖੀ ਜਾਂਦੀ ਹੈ। ਇਸ ਦੌਰਾਨ ਮਿਲੇ ਸੰਸਕਾਰ ਤੇ ਸਿੱਖਿਆ ਜੀਵਨ ਭਰ ਉਸ ਦਾ ਮਾਰਗਦਰਸ਼ਨ ਕਰਦੇ ਹਨ। ਅਨੂ ਸ਼ਰਮਾ ਨੇ ਕਿਹਾ ਕਿ ਸਕੂਲ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਧਿਆਪਕਾਂ ਦੇ ਮਾਰਗਦਰਸ਼ਨ ਤੇ ਮਾਪਿਆਂ ਦੇ ਸਹਿਯੋਗ ਨਾਲ ਹੀ ਬੱਚੇ ਜੀਵਨ ਵਿੱਚ ਨਵੀਆਂ ਉਚਾਈਆਂ ਹਾਸਲ ਕਰ ਸਕਦੇ ਹਨ। ਉਨ੍ਹਾਂ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਸਮੇਂ ਦੀ ਲੋੜ ਹੈ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਨਰੋਤਮ ਖੇਤੀ ਨੇ ਮੁੱਖ ਮਹਿਮਾਨ ਅਨੂ ਸ਼ਰਮਾ ਦਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।