ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਫਰਜ਼ : ਭੱਟੀ
ਨਸ਼ਿਆਂ ਵਿਰੁੱਧ ਇਕਜੁੱਟਤਾ ਜ਼ਰੂਰੀ, ਨੌਜਵਾਨਾਂ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਫਰਜ਼-ਐਡਵੋਕੇਟ ਭੱਟੀ
Publish Date: Sat, 07 Mar 2026 08:09 PM (IST)
Updated Date: Sat, 07 Mar 2026 08:12 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕਾਲੇ ਪਰਛਾਵੇਂ ਤੋਂ ਬਚਾਉਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਨਸ਼ਿਆਂ ਦਾ ਵਧ ਰਿਹਾ ਰੁਝਾਨ ਨਾ ਸਿਰਫ ਪਰਿਵਾਰਾਂ ਨੂੰ ਆਰਥਿਕ ਤੇ ਮਾਨਸਿਕ ਤੌਰ ’ਤੇ ਬਰਬਾਦ ਕਰ ਰਿਹਾ ਹੈ, ਸਗੋਂ ਸਮਾਜ ਦੀ ਨੀਂਹ ਨੂੰ ਵੀ ਖੋਖਲਾ ਕਰ ਰਿਹਾ ਹੈ। ਇਹ ਵਿਚਾਰ ਪੰਜਾਬ ਕ੍ਰਿਸਚਨ ਯੂਥ ਫੈਲੋਸ਼ਿਪ ਮਹਿਲਾ ਵਿੰਗ ਦੇ ਸੂਬਾਈ ਪ੍ਰਧਾਨ ਐਡਵੋਕੇਟ ਪ੍ਰਵੀਨ ਭੱਟੀ ਨੇ ਅੱਜ ਇਕ ਪ੍ਰੈੱਸ ਬਿਆਨ ਜਾਰੀ ਕਰਕੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਵਰਗ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣੇ ਸੁਨਹਿਰੀ ਭਵਿੱਖ ਨੂੰ ਹਨੇਰੇ ਵਿਚ ਧੱਕ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਡੂੰਘੀ ਚਿੰਤਾ ਪ੍ਰਗਟਾਈ ਕਿ ਨਸ਼ਿਆਂ ਕਾਰਨ ਅਪਰਾਧ ਦਰ ’ਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਕੋਈ ਨੌਜਵਾਨ ਨਸ਼ੇ ਦੀ ਗ੍ਰਿਫਤ ਵਿਚ ਆਉਂਦਾ ਹੈ, ਤਾਂ ਉਹ ਨਾ ਸਿਰਫ ਆਪਣੀ ਸਿਹਤ ਖਰਾਬ ਕਰਦਾ ਹੈ, ਸਗੋਂ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਅਕਸਰ ਸਮਾਜ ਵਿਰੋਧੀ ਗਤੀਵਿਧੀਆਂ ਵੱਲ ਵੀ ਕਦਮ ਵਧਾ ਦਿੰਦਾ ਹੈ। ਇਸ ਨਾਲ ਸੂਬੇ ਦਾ ਸ਼ਾਂਤਮਈ ਮਾਹੌਲ ਪ੍ਰਭਾਵਿਤ ਹੋ ਰਿਹਾ ਹੈ। ਪ੍ਰਵੀਨ ਭੱਟੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕੇਵਲ ਪੁਲਿਸ ਜਾਂ ਸਰਕਾਰ ਦੇ ਭਰੋਸੇ ਨਸ਼ਿਆਂ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਵਹਾਰ ’ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ ਹੈ। ਸਮਾਜ ਦੇ ਹਰ ਵਰਗ ਚਾਹੇ ਉਹ ਅਧਿਆਪਕ ਹੋਣ, ਧਾਰਮਿਕ ਆਗੂ ਹੋਣ ਜਾਂ ਸਮਾਜ ਸੇਵੀ ਸਾਰਿਆਂ ਨੂੰ ਅੱਗੇ ਆ ਕੇ ਇਸ ਲੜਾਈ ’ਚ ਆਪਣਾ ਯੋਗਦਾਨ ਪਾਉਣਾ ਹੋਵੇਗਾ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ਬਾਰੇ ਚਰਚਾ ਕਰਦਿਆਂ ਕਿਹਾ ਕਿ ਨਸ਼ਾ ਸਮੱਗਲਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਸ ਨੂੰ ਬਿਨਾਂ ਕਿਸੇ ਸਿਆਸੀ ਦਬਾਅ ਦੇ ਹਿੰਮਤ ਤੇ ਨਿਡਰਤਾ ਨਾਲ ਕੰਮ ਕਰਨ ਦੀ ਲੋੜ ਹੈ, ਨਾਲ ਹੀ ਸਰਕਾਰ ਨੂੰ ਉਨ੍ਹਾਂ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ ਜੋ ਨਸ਼ੇ ਦੇ ਸੌਦਾਗਰਾਂ ਵਿਰੁੱਧ ਆਵਾਜ਼ ਉਠਾਉਂਦੇ ਹਨ, ਤਾਂ ਜੋ ਆਮ ਨਾਗਰਿਕ ਬਿਨਾਂ ਕਿਸੇ ਡਰ ਦੇ ਪੁਲਸ ਦਾ ਦਾ ਸਾਥ ਦੇ ਸਕਣ। ਉਨ੍ਹਾਂ ਕਿਹਾ ਕਿ ਇਕ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਹੀ ਆਉਣ ਵਾਲੀਆਂ ਪੀੜੀਆਂ ਲਈ ਸੱਚੀ ਵਿਰਾਸਤ ਹੋਵੇਗੀ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਤੇ ਸਮਾਜ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ।