- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬਜ਼ੁਰਗ ਸ਼ਰਧਾਲੂਆਂ ਲਈ ਵਿਸ਼ੇਸ਼ ਸਹਾਇਤਾ ਕੇਂਦਰ ਸਥਾਪਤ

ਪੰਜਾਬੀ ਜਾਗਰਣ ਪ੍ਰਤੀਨਿਧ
ਸੁਲਤਾਨਪੁਰ ਲੋਧੀ : ਸਮਾਜ ਦੇ ਹਰ ਵਰਗ ਦੀ ਭਲਾਈ, ਸੁਰੱਖਿਆ ਤੇ ਸਹੂਲਤ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਔਰਤਾਂ, ਬੱਚਿਆਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਬਜ਼ੁਰਗ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਪਵਿੱਤਰ ਨਗਰੀ ਦੇ ਵੱਖ-ਵੱਖ ਸਥਾਨਾਂ ’ਤੇ ਵਿਸ਼ੇਸ਼ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਤਾਂ ਜੋ ਖਾਸ ਦੇਖਭਾਲ ਤੇ ਸਹਾਇਤਾ ਦੀ ਲੋੜ ਵਾਲੇ ਸ਼ਰਧਾਲੂਆਂ ਨੂੰ ਸਮਾਗਮਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਸਹਾਇਤਾ ਕੇਂਦਰ ਮਾਰਕੀਟ ਕਮੇਟੀ ਦਫ਼ਤਰ, ਗੁਰਦੁਆਰਾ ਸ੍ਰੀ ਬੇਰ ਸਾਹਿਬ, ਲੋਹੀਆਂ ਚੁੰਗੀ, ਬੀਡੀਪੀਓ ਦਫ਼ਤਰ, ਬੱਸ ਸਟੈਂਡ ਨੇੜੇ ਤੇ ਹੋਰ ਪ੍ਰਮੁੱਖ ਥਾਵਾਂ ’ਤੇ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ’ਤੇ ਵਿਸ਼ੇਸ਼ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ, ਜੋ ਸ਼ਰਧਾਲੂਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਲੋੜ ਪੈਣ ’ਤੇ ਹਰ ਸੰਭਵ ਮਦਦ ਮੁਹੱਈਆ ਕਰਵਾਉਣਗੇ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਜੀਵ ਢਾਂਡਾ ਨੇ ਦੱਸਿਆ ਕਿ ਇਹ ਉਪਰਾਲਾ ਪੰਜਾਬ ਸਰਕਾਰ ਦੀ ਵੱਡੇ ਧਾਰਮਿਕ ਸਮਾਗਮਾਂ ਦੌਰਾਨ ਹਰ ਵਰਗ ਲਈ ਸਮਾਵੇਸ਼ੀ, ਲੋਕ-ਪੱਖੀ ਤੇ ਸੁਖਾਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਵਚਨਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਔਰਤਾਂ, ਬੱਚਿਆਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਬਜ਼ੁਰਗ ਸ਼ਰਧਾਲੂਆਂ ਦੀਆਂ ਲੋੜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਬਿਨਾਂ ਕਿਸੇ ਦਿੱਕਤ ਦੇ ਸੁਰੱਖਿਅਤ ਤੇ ਸੁਖਾਵੇਂ ਮਾਹੌਲ ਵਿੱਚ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਤੇ ਨਾਗਰਿਕਾਂ ਦੀ ਸਹੂਲਤ ਨੂੰ ਹਮੇਸ਼ਾ ਪਹਿਲ ਦੇਣ ਲਈ ਵਚਨਬੱਧ ਹੈ।