- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫਸਰ

--ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ ਕੈਂਪ, ਵੋਟਰ ਆਪਣੇ ਦਾਅਵੇ ਤੇ ਇਤਰਾਜ਼ ਕਰਵਾ ਸਕਣਗੇ ਦਰਜ
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ 'ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ਵਿੱਚ 22 ਨਵੰਬਰ ਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਇਹ ਕੈਂਪ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ਵਿੱਚ ਆਪਣੇ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਬੂਥ ਲੈਵਲ ਅਫ਼ਸਰਾਂ ਨੂੰ ਨਿਰਧਾਰਤ ਸਮੇਂ ਦੌਰਾਨ ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਮੂਹ ਵਿਭਾਗੀ ਮੁਖੀਆਂ ਨੂੰ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖਣ ਤੇ ਕੈਂਪਾਂ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਂਦੇ ਹੋਏ ਵੋਟਰ ਸੂਚੀਆਂ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਕਰਨ ਤੇ ਲੋੜ ਅਨੁਸਾਰ ਦਾਅਵੇ ਜਾਂ ਇਤਰਾਜ਼ ਦਰਜ ਕਰਵਾਉਣ। ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਵੋਟਰ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 'ਤੇ ਸੰਪਰਕ ਕਰਨ ਦੀ ਅਪੀਲ ਵੀ ਕੀਤੀ ਗਈ।