ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 24 ਨੂੰ ਲੱਗਣਗੇ ਵਿਸ਼ੇਸ਼ ਕੈਂਪ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ
Publish Date: Thu, 22 Oct 2026 09:10 PM (IST)
Updated Date: Thu, 22 Oct 2026 09:12 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ)-2026 ਤਹਿਤ 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐੱਸਆਈਆਰ-2026 ਤਹਿਤ ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ 24 ਅਕਤੂਬਰ ਨੂੰ ਦੁਪਿਹਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀਐੱਲਓ) ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ ਤੇ ਲੋਕਾਂ ਨੂੰ ਆਪਣੇ ਨਾਂ ਦੀ ਜਾਂਚ ਕਰਨ ਵਿੱਚ ਸਹਾਇਤਾ ਕਰਨਗੇ। ਨਾਲ ਹੀ, ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਂ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6 ਏ ਤੇ 8 ਭਰਨ ਤੇ ਜਮ੍ਹਾ ਕਰਵਾਉਣ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਚੋਣ ਅਫ਼ਸਰ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਂ ਅੰਤਿਮ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ ਤੇ ਜੇਕਰ ਨਾਂ ਦਰਜ ਨਹੀਂ ਹੈ ਤਾਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਲਈ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ। ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਵੋਟਰ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 ਤੇ ਸੰਪਰਕ ਕਰਨ ਦੀ ਅਪੀਲ ਕੀਤੀ।