- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਵਿਸ਼ੇਸ਼ ਜਾਂਚ ਮੁਹਿੰਮ ਜਾਰੀ

ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ
ਕਪੂਰਥਲਾ : ਸਹਾਇਕ ਕਮਿਸ਼ਨਰ (ਫੂਡ) ਹਰਜੋਤ ਪਾਲ ਸਿੰਘ ਦੀ ਨਿਗਰਾਨੀ ਹੇਠ ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਂਚ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਮਿਤੀ 24 ਅਕਤੂਬਰ ਨੂੰ ਤਿਉਹਾਰ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਭੁੱਲਥ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਮਠਿਆਈਆਂ ਦੀ ਗੁਣਵੱਤਾ ਤੇ ਸੁਰੱਖਿਆ ਦੀ ਜਾਂਚ ਲਈ ਗੁਲਾਬ ਜਾਮੁਨ, ਬਰਫੀ ਤੇ ਪਨੀਰ ਦੇ ਕੁੱਲ 3 ਸੈਂਪਲ ਲਏ ਗਏ। ਜਾਂਚ ਦੌਰਾਨ ਲਏ ਗਏ ਸਾਰੇ ਸੈਂਪਲ ਨਿਰਧਾਰਤ ਪ੍ਰਕਿਰਿਆ ਅਨੁਸਾਰ ਵਿਸ਼ਲੇਸ਼ਣ ਤੇ ਰਿਪੋਰਟ ਲਈ ਸਟੇਟ ਫੂਡ ਲੈਬਾਰਟਰੀ ਵਿਖੇ ਭੇਜ ਦਿੱਤੇ ਗਏ ਹਨ। ਲੈਬਾਰਟਰੀ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫਟੀ ਵਿੰਗ ਵੱਲੋਂ ਮਠਿਆਈਆਂ ਦੇ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਖੁਰਾਕ ਪਦਾਰਥਾਂ ਦੀ ਤਿਆਰੀ, ਸਟੋਰੇਜ ਤੇ ਵਿਕਰੀ ਦੌਰਾਨ ਨਿਰਧਾਰਤ ਫੂਡ ਸੇਫਟੀ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਇਸ ਦੇ ਨਾਲ ਹੀ, ਖਪਤਕਾਰਾਂ ਨੂੰ ਸੁਰੱਖਿਅਤ ਤੇ ਮਿਆਰੀ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਦੀ ਅਪੀਲ ਵੀ ਕੀਤੀ ਗਈ। ਫੂਡ ਸੇਫਟੀ ਵਿੰਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖੁਰਾਕ ਪਦਾਰਥਾਂ ਦੀ ਗੁਣਵੱਤਾ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ। ਨਿਯਮਾਂ ਦੀ ਉਲੰਘਣਾ ਪਾਏ ਜਾਣ ਦੀ ਸੂਰਤ ਵਿੱਚ ਫੂਡ ਸੇਫਟੀ ਐਕਟ ਤੇ ਇਸ ਅਧੀਨ ਬਣੇ ਨਿਯਮਾਂ ਤੇ ਵਿਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਜਾਂਚ ਮੁਹਿੰਮ ਦੌਰਾਨ ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ (ਫੂਡ), ਤੇ ਰਮਨ ਵਿਰਦੀ ਫੂਡ ਸੇਫਟੀ ਅਫ਼ਸਰ ਕਪੂਰਥਲਾ ਹਾਜ਼ਰ ਸਨ।