ਖ਼ਾਲਸਾ ਕਾਲਜ ’ਚ ਵਿਸ਼ੇਸ਼ ਲੈਕਚਰ ਕਰਵਾਇਆ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸੰਵਿਧਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ
Publish Date: Thu, 26 Nov 2026 06:34 PM (IST)
Updated Date: Thu, 26 Nov 2026 06:37 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਰੈੱਡ ਰਿਬਨ ਕਲੱਬ, ਐੱਨਐੱਸਐੱਸ ਯੂਨਿਟ ਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਸੰਵਿਧਾਨ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ, ਨਾਗਰਿਕਾਂ ਦੇ ਅਧਿਕਾਰਾਂ ਤੇ ਫ਼ਰਜ਼ਾਂ ਤੋਂ ਜਾਣੂ ਕਰਵਾਉਣਾ ਤੇ ਉਨ੍ਹਾਂ ਅੰਦਰ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਮੁੱਖ ਰਿਸੋਰਸ ਪਰਸਨ ਵਜੋਂ ਪ੍ਰੋ. ਕਿਰਨਦੀਪ ਕੌਰ ਨੇ ਸ਼ਿਰਕਤ ਕੀਤੀ। ਆਪਣੇ ਵਿਸ਼ੇਸ਼ ਲੈਕਚਰ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਭਾਰਤੀ ਸੰਵਿਧਾਨ ਦੇ ਇਤਿਹਾਸ, ਇਸ ਦੇ ਨਿਰਮਾਣ ਦੀ ਪ੍ਰਕਿਰਿਆ ਤੇ ਇਸ ਦੀਆਂ ਬੁਨਿਆਦੀ ਵਿਸ਼ੇਸ਼ਤਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੇ ਲੋਕਤੰਤਰੀ ਢਾਂਚੇ ਦੀ ਮਜ਼ਬੂਤ ਨੀਂਹ ਹੈ, ਜੋ ਦੇਸ਼ ਦੇ ਹਰ ਨਾਗਰਿਕ ਨੂੰ ਸਮਾਨਤਾ, ਆਜ਼ਾਦੀ, ਨਿਆਂ ਤੇ ਭਾਈਚਾਰੇ ਦੇ ਸਿਧਾਂਤਾਂ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਸਿਰਫ਼ ਇੱਕ ਕਾਨੂੰਨੀ ਦਸਤਾਵੇਜ਼ ਹੀ ਨਹੀਂ, ਸਗੋਂ ਇਹ ਸਾਡੇ ਦੇਸ਼ ਦੀ ਏਕਤਾ, ਅਖੰਡਤਾ ਤੇ ਲੋਕਤੰਤਰੀ ਪ੍ਰਣਾਲੀ ਦਾ ਆਧਾਰ ਵੀ ਹੈ। ਉਨ੍ਹਾਂ ਨੇ ਸੰਵਿਧਾਨ ਵਿੱਚ ਦਰਜ਼ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਫ਼ਰਜ਼ਾਂ ਦੀ ਮਹੱਤਤਾ ਉੱਤੇ ਵੀ ਚਾਨਣਾ ਪਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਵਿਧਾਨ ਦਿਵਸ ਸਾਨੂੰ ਆਪਣੇ ਸੰਵਿਧਾਨ ਦੇ ਨਿਰਮਾਤਾਵਾਂ ਦੇ ਯੋਗਦਾਨ ਨੂੰ ਯਾਦ ਕਰਨ ਤੇ ਉਨ੍ਹਾਂ ਵੱਲੋਂ ਦਰਸਾਏ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੁਨੇਹਾ ਦਿੰਦਾ ਹੈ। ਪ੍ਰੋਗਰਾਮ ਦੇ ਅੰਤ ਵਿੱਚ ਰੈੱਡ ਰਿਬਨ ਕਲੱਬ ਤੇ ਐੱਨਐੱਸਐੱਸ ਯੂਨਿਟ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਮੁੱਖ ਰਿਸੋਰਸ ਪਰਸਨ ਪ੍ਰੋ. ਕਿਰਨਦੀਪ ਕੌਰ, ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।