ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਸ਼ੇਸ਼ ਸਵੈ-ਰੋਜ਼ਗਾਰ ਕੈਂਪ ਲਗਾਏ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੋਜ਼ਗਾਰ ਵਿਭਾਗ ਵੱਲੋਂ ਵਿਸ਼ੇਸ਼ ਸਵੈ-ਰੋਜ਼ਗਾਰ ਕੈਂਪ
Publish Date: Tue, 03 Nov 2026 06:16 PM (IST)
Updated Date: Tue, 03 Nov 2026 06:17 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਜਾਗਰੂਕਤਾ ਪ੍ਰੋਗਰਾਮਾਂ ਦੇ ਮੱਦੇਨਜ਼ਰ ਰੋਜ਼ਗਾਰ ਵਿਭਾਗ ਵੱਲੋਂ ਵਿਸ਼ੇਸ਼ ਸਵੈ-ਰੋਜ਼ਗਾਰ ਕੈਂਪ ਲਗਾਏ ਗਏ। ਇਹ ਕੈਂਪ ਕਪੂਰਥਲਾ ਸਬ-ਡਿਵੀਜ਼ਨ ਦੇ ਪਿੰਡ ਡੈਣਵਿੰਡ, ਹਮੀਰਾ, ਡੋਗਰਾਵਾਲ, ਬੂਟ, ਨਵਾਂ ਪਿੰਡ ਭੱਠੇ, ਖੁਖਰੈਣ ਤੇ ਮੁਹੱਲਾ ਸ਼ੇਰੀਆਂ ਵਿਖੇ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਪਹੁੰਚੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਪ੍ਰਾਂਸ਼ੁਲ ਸ਼ਰਮਾ, ਬਲਾਕ ਮਿਸ਼ਨ ਮੈਨੇਜਰ ਵੱਲੋਂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਪ੍ਰੇਰਿਤ ਕੀਤਾ ਗਿਆ ਤੇ ਸਰਕਾਰੀ ਸਕੀਮਾਂ ਤਹਿਤ ਕਰਜ਼ਾ ਸਹੂਲਤਾਂ ਦਾ ਲਾਭ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਪ੍ਰੋਗਰਾਮ ਵਿੱਚ ਡੀਐੱਸਪੀ. ਭੁਲੱਥ ਸੁਖਪਾਲ ਸਿੰਘ ਨੇ ਵੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਰਾਹ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਤੇ ਇਸ ਸਮਾਜਿਕ ਬੁਰਾਈ ਵਿਰੁੱਧ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ, ਉਦਯੋਗ ਵਿਭਾਗ ਤੋਂ ਪਹੁੰਚੀ ਰੂਪਮ ਬਜਾਜ ਵੱਲੋਂ ਨੌਜਵਾਨਾਂ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤੇ ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਪ੍ਰੇਰਿਤ ਕਰਨਾ ਹੈ।