19 ਜੁਲਾਈ ਨੂੰ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਐੱਸਆਈਆਰ ਕੈਂਪ ਗਣਨਾ ਫਾਰਮ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਜਾਣਗੇ ਵਿਸ਼ੇਸ਼ ਐੱਸ.ਆਈ.ਆਰ. ਕੈਂਪ
Publish Date: Fri, 17 Jul 2026 07:13 PM (IST)
Updated Date: Fri, 17 Jul 2026 07:16 PM (IST)
ਜ਼ਿਲ੍ਹਾ ਚੋਣ ਅਫ਼ਸਰ ਨੇ ਯੋਗ ਵੋਟਰਾਂ ਨੂੰ ਬਿਨਾਂ ਕਿਸੇ ਦੇਰੀ ਲੋੜੀਂਦੀ ਪ੍ਰਕਿਰਿਆ ਮੁਕੰਮਲ ਕਰਨ ਦੀ ਕੀਤੀ ਅਪੀਲ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਦੱਸਿਆ ਕਿ 19 ਜੁਲਾਈ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕਪੂਰਥਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਗਣਨਾ ਫਾਰਮ ਜਮ੍ਹਾਂ ਕਰਵਾਉਣ ਲਈ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ-2026 (ਐੱਸਆਈਆਰ) ਦੇ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਉਨ੍ਹਾਂ ਵੋਟਰਾਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਹਨ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਤਾਂ ਜੋ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਦੇ ਸਮੇਂ ਦੌਰਾਨ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਜਾਣ ਅਤੇ ਬਿਨਾਂ ਕਿਸੇ ਦੇਰੀ ਦੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ। ਉਨ੍ਹਾਂ ਕਿਹਾ ਕਿ ਹਰੇਕ ਪੋਲਿੰਗ ਬੂਥ ’ਤੇ ਬੂਥ ਲੈਵਲ ਅਫ਼ਸਰ (ਬੀਐੱਲਓ) ਗਣਨਾ ਫਾਰਮ ਇਕੱਠੇ ਕਰਨ, ਫਾਰਮ ਭਰਨ ਵਿੱਚ ਵੋਟਰਾਂ ਦੀ ਮਦਦ ਕਰਨ ਅਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਲਈ ਮੌਜੂਦ ਰਹਿਣਗੇ। ਜਿਹੜੇ ਬੀਐੱਲਓਜ਼ ਪਹਿਲਾਂ ਹੀ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਪੂਰੀ ਕਰ ਚੁੱਕੇ ਹਨ, ਉਹ ਬੂਥ ਲੈਵਲ ਏਜੰਟਾਂ ਨਾਲ ਤਾਲਮੇਲ ਕਰਕੇ ਖਾਮੀਆਂ ਅਤੇ ਤਰਕਸੰਗਤ ਤਰੁੱਟੀਆਂ ਨੂੰ ਦੂਰ ਕਰਨ ’ਤੇ ਧਿਆਨ ਦੇਣਗੇ, ਜਦੋਂ ਕਿ ਜਿਨ੍ਹਾਂ ਦਾ ਡਿਜੀਟਾਈਜ਼ੇਸ਼ਨ ਦਾ ਕੰਮ ਪੈਂਡਿੰਗ ਹੈ, ਉਹ ਬਾਕੀ ਬਚੇ ਫਾਰਮਾਂ ਨੂੰ ਇਕੱਠਾ ਕਰਨ ਦੇ ਨਾਲ-ਨਾਲ ਡਿਜੀਟਾਈਜ਼ ਕਰਨਗੇ ਤਾਂ ਜੋ ਸੋਧ ਦੀ ਇਸ ਪ੍ਰਕਿਰਿਆ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮੂਹ ਚੋਣ ਅਧਿਕਾਰੀਆਂ ਨੂੰ ਵੋਟਰਾਂ ਦੀ ਹਰ ਸੰਭਵ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਗ ਵੋਟਰਾਂ ਨੂੰ ਆਪਣੇ ਪੋਲਿੰਗ ਬੂਥਾਂ ’ਤੇ ਜਾਣ ਅਤੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਉਣ ਲਈ ਪ੍ਰੇਰਿਤ ਕਰਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਟੋਲ-ਫ੍ਰੀ ਨੰਬਰ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।