ਸਪੈਸ਼ਲ ਟੀਕਾਕਰਨ ਹਫ਼ਤਾ 15 ਤੋਂ 22 ਤੱਕ : ਡਾ. ਭਗਤ
ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਵਿਸ਼ੇਸ਼ ਹਫ਼ਤਾ 15 ਤੋਂ 22 ਦਸੰਬਰ ਤੱਕ : ਡਾ. ਭਗਤ
Publish Date: Mon, 15 Dec 2025 07:19 PM (IST)
Updated Date: Mon, 15 Dec 2025 07:21 PM (IST)

ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਨ ਸਪੈਸ਼ਲ ਕੈਂਪਾਂ ਰਾਹੀਂ 15 ਤੋਂ 22 ਦਸੰਬਰ 2025 ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਵੱਲੋਂ ਕੀਤਾ ਗਿਆ। ਇਹ ਮੁਹਿੰਮ ਕਪੂਰਥਲਾ ਜ਼ਿਲ੍ਹੇ ਦੇ ਝੁੱਗੀ-ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿਚ ਚਲਾਈ ਜਾ ਰਹੀ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ ਨੇ ਦੱਸਿਆ ਕਿ ਟੀਕਾਕਰਨ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਮਾਰੂ ਬਿਮਾਰੀਆਂ ਤੋਂ ਬਚਾਉਣ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ, ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ। ਸਿਵਲ ਸਰਜਨ ਡਾ. ਸੰਜੀਵ ਭਗਤ ਤੇ ਡੀਆਈਓ ਡਾ. ਰਣਦੀਪ ਸਿੰਘ ਨੇ ਜ਼ਿਲ੍ਹਾ ਕਪੂਰਥਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਮੁਕੰਮਲ ਜ਼ਰੂਰ ਕਰਵਾਉਣ, ਤਾਂ ਜੋ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸ਼ਰਨਦੀਪ ਸਿੰਘ, ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਜੋਤੀ ਅਨੰਦ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਟੀਕਾਕਰਨ ਦੀ ਸਫ਼ਲਤਾ ਲਈ ਵਿਸ਼ੇਸ਼ ਸ਼ੈਸ਼ਨ ਲਾਏ ਜਾ ਰਹੇ ਹਨ ਅਤੇ ਇਸ ਵਿਸ਼ੇਸ ਟੀਕਾਕਰਨ ਹਫ਼ਤੇ ਸਬੰਧੀ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਗਰੂਕ ਵੀ ਕੀਤਾ ਜਾ ਰਿਹਾ ਹੈ।