ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖੇਡਾਂ ਕਰਵਾਈਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਹੌਟਸਪੌਟ ਪਿੰਡ ਹਮੀਰਾ ਵਿਖੇ ਕਰਵਾਈਆਂ ਖੇਡ ਗਤੀਵਿਧੀਆਂ
Publish Date: Fri, 13 Nov 2026 07:21 PM (IST)
Updated Date: Fri, 13 Nov 2026 07:24 PM (IST)
--ਲੜਕੀਆਂ ਨੂੰ ਕਰਾਟੇ ਰਾਹੀਂ ਸਵੈ-ਰੱਖਿਆ ਦੀ ਸਿਖਲਾਈ ਦਿੱਤੀ, ਸਕੂਲੀ ਲੜਕਿਆਂ ਦਾ ਕਰਵਾਇਆ ਵਾਲੀਬਾਲ ਮੈਚ --ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਖੇਡ ਵਿਭਾਗ ਵੱਲੋਂ ਨਸ਼ਿਆਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਪਿੰਡ ਹਮੀਰਾ ਦੇ ਸਰਕਾਰੀ ਹਾਈ ਸਕੂਲ ਵਿਖੇ ਲੜਕੀਆਂ ਨੂੰ ਕਰਾਟੇ ਦੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਤੇ ਲੜਕਿਆਂ ਦਾ ਵਾਲੀਬਾਲ ਮੈਚ ਕਰਵਾਇਆ ਗਿਆ। ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਦੇ ਕੋਚਾਂ ਵੱਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਵੈ-ਰੱਖਿਆ ਦੇ ਹੁਨਰ ਸਿਖਾਉਣ ਲਈ ਕਰਾਟੇ ਦੀ ਮੁੱਢਲੀ ਸਿਖਲਾਈ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਕਰਾਟੇ ਦੀਆਂ ਵੱਖ-ਵੱਖ ਤਕਨੀਕਾਂ ਤੇ ਉਨ੍ਹਾਂ ਦੀ ਸਹੀ ਵਰਤੋਂ ਬਾਰੇ ਜਾਣੂ ਕਰਵਾਇਆ ਗਿਆ, ਤਾਂ ਜੋ ਉਨ੍ਹਾਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਹੋਣ ਦੇ ਨਾਲ-ਨਾਲ ਉਹ ਆਪਣੀ ਸੁਰੱਖਿਆ ਖੁਦ ਕਰ ਸਕਣ। ਇਸ ਤੋਂ ਇਲਾਵਾ ਸਕੂਲ ਦੇ ਲੜਕਿਆਂ ਦਾ ਵਾਲੀਬਾਲ ਮੈਚ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ, ਅਨੁਸ਼ਾਸਨ ਵਿੱਚ ਰਹਿਣ ਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਲਈ ਖੇਡਾਂ ਇੱਕ ਪ੍ਰਭਾਵਸ਼ਾਲੀ ਸਾਧਨ ਹਨ। ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈ ਕੇ ਨੌਜਵਾਨ ਨਾ ਸਿਰਫ਼ ਆਪਣੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਬਰਕਰਾਰ ਰੱਖ ਸਕਦੇ ਹਨ, ਸਗੋਂ ਇੱਕ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਵੀ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਿਯਮਤ ਤੌਰ ਤੇ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ਤੇ ਆਪਣੇ ਸਾਥੀਆਂ ਨੂੰ ਵੀ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ, ਤਾਂ ਜੋ ਹਮੀਰਾ ਪਿੰਡ ਸਮੇਤ ਪੂਰੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਮਿਸ਼ਨ ਨੂੰ ਸਫ਼ਲ ਬਣਾਇਆ ਜਾ ਸਕੇ।