ਖੇਡ ਮੁਕਾਬਲੇ ਬੱਚਿਆਂ ਦੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੰਚ : ਬਾਬਾ ਸੀਚੇਵਾਲ ਖੇਡ ਮੁਕਾਬਲੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੰਚ: ਬਾਬਾ ਸੁਰਜੀਤ ਸਿੰਘ ਸੀਚੇਵਾਲ
Publish Date: Mon, 07 Sep 2026 09:44 PM (IST)
Updated Date: Mon, 07 Sep 2026 09:46 PM (IST)
ਸੀਚੇਵਾਲ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦਾ ਸ਼ਾਨਦਾਰ ਆਗਾਜ਼ ਖੇਡਾਂ ਵਤਨ ਪੰਜਾਬ ਦੀਆਂ ’ਚ ਸੀਚੇਵਾਲ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ਼ ਸੰਘਿਆਂ : ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ ਸੰਤ ਅਵਤਾਰ ਸਿੰਘ ਯਾਦਗਾਰੀ ਖੇਡ ਸਟੇਡੀਅਮ ਵਿਖੇ ਬੜੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਸ਼ੁਰੂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਬਤੌਰ ਮੁੱਖ ਮਹਿਮਾਨ ਤਸ਼ਰੀਫ਼ ਲਿਆਏ ਬਾਬਾ ਸੁਰਜੀਤ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਤੇ ਅਜਿਹੇ ਖੇਡ ਮੁਕਾਬਲੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14 ਤੇ ਅੰਡਰ-17 ਵਰਗ ਵਿੱਚ ਸੀਚੇਵਾਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਦੇ ਮੁਕਾਬਲਿਆਂ ਵਿੱਚ ਅਕਾਲ ਗਲੈਕਸੀ ਸਕੂਲ ਨੇ ਦੂਜਾ ਸਥਾਨ, ਜਦਕਿ ਮੇਜਰ ਇੰਦਰ ਪਬਲਿਕ ਸਕੂਲ, ਮੋਤੀਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਤੇ ਖੇਡ ਭਾਵਨਾ ਨਾਲ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਬੰਧਕਾਂ ਤੇ ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਹਾਕੀ ਕੋਚ ਜਤਿੰਦਰ ਸਿੰਘ, ਡੀਪੀਈ ਰਣਜੀਤ ਸਿੰਘ, ਡੀਪੀਈ ਜਸਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।