ਡਾ. ਰਾਜ ਨੇ ਵੰਡੀਆਂ ਖੇਡ ਕਿੱਟਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਕੀਤੀ ਵੰਡ,ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਕੀਤੀ ਅਪੀਲ
Publish Date: Sat, 05 Sep 2026 08:42 PM (IST)
Updated Date: Sat, 05 Sep 2026 08:43 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਪੇਂਡੂ ਵਿਕਾਸ ਦੇ ਪੰਚਾਇਤਾਂ ਵਿਭਾਗ ਪੰਜਾਬ ਰਾਹੀਂ ਪੰਜਾਬ ਰਾਜ ਵਿੱਚ ਉਸਾਰੇ ਜਾ ਰਹੇ 3,100 ਖੇਡ ਮੈਦਾਨਾਂ ਦੇ ਦੂਜੇ ਪੜਾਅ ਦੇ ਚਲਦਿਆਂ ਫਗਵਾੜਾ ਦੇ ਪਿੰਡ ਚਹੇੜੂ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਪਿੰਡ ਵਿੱਚ ਖੇਡ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਚਹੇੜੂ ਵਿਖੇ ਤਿਆਰ ਕੀਤੇ ਗਏ ਖੇਡ ਗਰਾਊਂਡ ਦਾ ਉਦਘਾਟਨ ਲੋਕ ਸਭਾ ਮੈਂਬਰ ਤੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਫਗਵਾੜਾ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਖਿਡਾਰੀਆਂ, ਨੌਜਵਾਨਾਂ ਤੇ ਪਿੰਡ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਦਘਾਟਨ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਧੀਆ ਖੇਡ ਮੈਦਾਨ ਤੇ ਹੋਰ ਖੇਡ ਸਹੂਲਤਾਂ ਉਪਲਬਧ ਹੋਣ ਨਾਲ ਪੇਂਡੂ ਖੇਤਰਾਂ ਦੀ ਪ੍ਰਤਿਭਾ ਨੂੰ ਅੱਗੇ ਆਉਣ ਦਾ ਮੌਕਾ ਮਿਲੇਗਾ। ਇਸ ਮੌਕੇ ਡਾ. ਚੱਬੇਵਾਲ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਖੇਡ ਕਿੱਟਾਂ ਪ੍ਰਾਪਤ ਕਰਕੇ ਖਿਡਾਰੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਖੇਡਾਂ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹ ਮਿਲੇਗਾ। ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਸਰਵਣ ਸਿੰਘ ਦਿਓ ਤੇ ਪਿੰਡ ਵਾਸੀਆਂ ਵੱਲੋਂ ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਪਿੰਡ ਵਿੱਚ ਖੇਡ ਗਰਾਊਂਡ ਦੀ ਸਹੂਲਤ ਮਿਲਣ ਨਾਲ ਨੌਜਵਾਨਾਂ ਨੂੰ ਕਾਫ਼ੀ ਲਾਭ ਹੋਵੇਗਾ। ਇਸ ਮੌਕੇ ਪੰਚਾਇਤ ਮੈਂਬਰ ਡਾ. ਦਲਜੀਤ ਸਿੰਘ, ਮਨਜੀਤ ਸਿੰਘ ਲੰਬੜਦਾਰ, ਸੁਖਜਿੰਦਰ ਸਿੰਘ ਕਾਲੂ, ਸਤਨਾਮ ਸਿੰਘ ਸੱਤੂ, ਕਮਲ ਲੰਬੜਦਾਰ, ਦਵਿੰਦਰ ਸਿੰਘ, ਪਿੰਦਰ ਸਿੰਘ ਮੋਗਾ, ਮਹੇੜੂ ਪਿੰਡ ਤੋਂ ਬਲਾਕ ਪ੍ਰਧਾਨ ਸਤਵੀਰ ਸਿੰਘ ਢੇਸੀ, ਸੁਰਜੀਤ ਸਿੰਘ ਪਨੇਸਰ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਖਿਡਾਰੀ, ਨੌਜਵਾਨ ਤੇ ਪਤਵੰਤੇ ਹਾਜ਼ਰ ਸਨ।