ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦਿਖਾਇਆ ਭਾਈਚਾਰੇ ਦਾ ਮਾਰਗ : ਡਾ. ਭਾਰਦਵਾਜ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦਿਖਾਇਆ ਭਾਈਚਾਰੇ ਤੇ ਫ਼ਿਰਕੂ ਸਦਭਾਵਨਾ ਦਾ ਮਾਰਗ : ਡਾ.ਰਾਜੀਵ ਭਾਰਦਵਾਜ
Publish Date: Sun, 22 Nov 2026 09:28 PM (IST)
Updated Date: Sun, 22 Nov 2026 09:31 PM (IST)
--ਮੈਂਬਰ ਪਾਰਲੀਮੈਂਟ ਡਾ. ਰਾਜੀਵ ਭਾਰਦਵਾਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ’ਤੇ ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਚੋਣ ਇੰਚਾਰਜ ਤੇ ਮੈਂਬਰ ਪਾਰਲੀਮੈਂਟ ਡਾ. ਰਾਜੀਵ ਭਾਰਦਵਾਜ ਨੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਰਾਕੇਸ਼ ਕੁਮਾਰ ਨੀਟੂ ਤੇ ਸੁਲਤਾਨਪੁਰ ਲੋਧੀ ਦੇ ਸਮੂਹ ਪਾਰਟੀ ਵਰਕਰਾਂ ਨਾਲ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਸਮੁੱਚੀ ਸੰਗਤ, ਜਗਤ ਤੇ ਸਰਬੱਤ ਦੇ ਭਲੇ, ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਆਉਣ ਵਾਲੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜੀਵ ਭਾਰਦਵਾਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਪ੍ਰਚਾਰਿਆ ਭਾਈਚਾਰੇ ਤੇ ਫਿਰਕੂ ਸਦਭਾਵਨਾ ਦਾ ਸੰਕਲਪ ਸਮਕਾਲੀ ਪਦਾਰਥਵਾਦੀ ਸੰਸਾਰ ਵਿੱਚ ਸਭ ਤੋਂ ਵੱਧ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਹਿਬ ਜੀ ਮਹਾਨ ਅਧਿਆਤਮਿਕ ਆਗੂ ਸਨ, ਜਿਨ੍ਹਾਂ ਨੇ ਧਰਮ ਪ੍ਰਚਾਰ ਰਾਹੀਂ ਮਨੁੱਖਤਾ ਦੀ ਮੁਕਤੀ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਪ੍ਰਸੰਗਿਕ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ ਤੇ ਉਦੇਸ਼ਾਂ ਨਾਲ ਪ੍ਰੇਰਿਤ ਕੀਤਾ ਤੇ ਪਾਖੰਡ, ਝੂਠ, ਦਿਖਾਵੇ ਤੇ ਜਾਤ-ਪਾਤ ਦੀਆਂ ਵਲ਼ਗਣਾਂ ਤੋਂ ਉੱਪਰ ਉੱਠਣ ਦਾ ਸੁਨੇਹਾ ਦਿੱਤਾ। ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਦਰਸਾਈ ਸੇਵਾ ਤੇ ਨਿਮਰਤਾ ਦੀ ਭਾਵਨਾ ਨੂੰ ਗ੍ਰਹਿਣ ਕਰਨ ਦੀ ਅਪੀਲ ਕਰਦਿਆਂ ਡਾ. ਰਾਜੀਵ ਭਾਰਦਵਾਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਰਹਿਤ ਸਮਾਜ ਦੀ ਕਲਪਨਾ ਕੀਤੀ ਤਾਂ ਕਿ ਦੁੱਖਾਂ ਨਾਲ ਪਰੁੰਨੀ ਮਨੁੱਖਤਾ ਨੂੰ ਤਕਲੀਫ਼ਾਂ ਤੋਂ ਮੁਕਤ ਕਰਵਾਇਆ ਜਾ ਸਕੇ। ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਦੀ ਸ਼ਲਾਘਾ ਕਰਦਿਆਂ ਡਾ. ਰਾਜੀਵ ਭਾਰਦਵਾਜ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਧਾਰਮਿਕ ਤੇ ਸਮਾਜਿਕ ਸਮਾਗਮਾਂ ਨੂੰ ਮਨਾਉਣ ਲਈ ਹਮੇਸ਼ਾਂ ਮੋਹਰੀ ਰਿਹਾ ਹੈ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ’ਤੇ ਜ਼ੋਰ ਦਿੱਤਾ। ਗੁਰੂ ਸਾਹਿਬ ਦੇ ਜੀਵਨ ਬਾਰੇ ਝਾਤ ਪਾਉਂਦਿਆਂ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਜਨਮ ਤੇ ਜੀਵਨ ਦੇ ਸ਼ੁਰੂਆਤੀ ਸਾਲ ਇਹ ਦਰਸਾਉਂਦੇ ਹਨ ਕਿ ਉਨ੍ਹਾਂ ਨੂੰ ਰੱਬੀ ਬਖਸ਼ਿਸ਼ ਸੀ। ਇਸ ਮੌਕੇ ਐੱਮਪੀ ਰਾਜੀਵ ਭਾਰਦਵਾਜ ਤੇ ਹੋਰ ਸ਼ਖਸ਼ੀਅਤਾਂ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਰਾਕੇਸ਼ ਪੁਰੀ, ਪਿਆਰਾ ਸਿੰਘ, ਚਤਰ ਸਿੰਘ ਜੋਸਨ, ਰਾਜਿੰਦਰ ਕੁਮਾਰ, ਅਜੈ ਸ਼ੰਕਰ ਜੋਸ਼ੀ, ਰੇਣੁ ਸਰਬਜੀਤ ਕੌਰ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ।