ਅੱਧੀ ਰਾਤ ਨੂੰ ਸੜਕਾਂ ’ਤੇ ਉਤਰੇ ਐੱਸਐੱਸਪੀ ਗੌਰਵ ਅੱਧੀ ਰਾਤ ਨੂੰ ਸੜਕਾਂ ’ਤੇ ਉਤਰੇ ਐੱਸ.ਐੱਸ.ਪੀ. ਗੌਰਵ ਤੂਰਾ, ਕਪੂਰਥਲਾ ’ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਲਾਇਆ ਵਿਸ਼ੇਸ਼ ਚੈਕਿੰਗ ਅਭਿਆਨ
Publish Date: Thu, 19 Nov 2026 06:48 PM (IST)
Updated Date: Thu, 19 Nov 2026 06:48 PM (IST)
-ਕਪੂਰਥਲਾ ’ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਲਾਇਆ ਵਿਸ਼ੇਸ਼ ਚੈਕਿੰਗ ਅਭਿਆਨ -ਐੱਸਐੱਸਪੀ ਨੇ ਖੁਦ ਵੱਖ-ਵੱਖ ਪੁਲਿਸ ਨਾਕਿਆਂ ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਐੱਸਐੱਸਪੀ ਗੌਰਵ ਤੂਰਾ ਨੇ ਵੀਰਵਾਰ ਦੀ ਦੇਰ ਰਾਤ ਖੁਦ ਸੜਕਾਂ ’ਤੇ ਉਤਰੇ ਤੇ ਕਪੂਰਥਲਾ ਸ਼ਹਿਰ ਵਿੱਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਅਭਿਆਨ ਦੀ ਅਗਵਾਈ ਕੀਤੀ। ਇਸ ਦੌਰਾਨ ਐੱਸਐੱਸਪੀ ਨੇ ਸਬ-ਡਿਵੀਜ਼ਨ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਤੇ ਪੁਲਿਸ ਵੱਲੋਂ ਲਗਾਏ ਗਏ ਨਾਕਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਵੱਖ-ਵੱਖ ਅਹਿਮ ਥਾਵਾਂ ’ਤੇ ਰੁਕ ਕੇ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਵਾਹਨਾਂ ਦੀ ਚੈਕਿੰਗ ਦਾ ਜਾਇਜ਼ਾ ਲਿਆ ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਜ਼ਿਲ੍ਹਾ ਪੁਲਿਸ ਮੁਖੀ ਨੇ ਵੱਖ-ਵੱਖ ਚੈਕਿੰਗ ਪੁਆਇੰਟਾਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਚੌਕਸੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਹਦਾਇਤ ਕੀਤੀ ਕਿ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤੇ ਹਰ ਸਮੇਂ ਚੌਕਸ ਰਹਿੰਦਿਆਂ ਸੁਰੱਖਿਆ ਪ੍ਰਬੰਧਾਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਐਗਜ਼ਿਟ ਪੁਆਇੰਟਾਂ ’ਤੇ ਸਖ਼ਤ ਨਾਕਾਬੰਦੀ ਕਰਕੇ ਚੈਕਿੰਗ ਦੇ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ ਤੇ ਬਿਨਾਂ ਪੂਰੀ ਜਾਂਚ ਤੇ ਤਸਦੀਕ ਦੇ ਕਿਸੇ ਵੀ ਵਾਹਨ ਨੂੰ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ ਕਈ ਪੈਟਰੋਲਿੰਗ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਸੰਵੇਦਨਸ਼ੀਲ ਥਾਵਾਂ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ। ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਰਾਤ ਸਮੇਂ ਗਸ਼ਤ ਤੇ ਚੈਕਿੰਗ ਵੀ ਤੇਜ਼ ਕਰ ਦਿੱਤੀ ਗਈ ਹੈ। ਐੱਸਐੱਸਪੀ ਨੇ ਦੁਹਰਾਇਆ ਕਿ ਕਪੂਰਥਲਾ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਆਮ ਲੋਕਾਂ ਨੂੰ ਪੁਲਿਸ ਵੱਲੋਂ ਕੀਤੀ ਜਾ ਰਹੀ ਚੈਕਿੰਗ ਦੌਰਾਨ ਸਹਿਯੋਗ ਦੇਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ।