- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਰਹੀ: ਜਥੇਦਾਰ ਰਜਿੰਦਰ ਸਿੰਘ ਚੰਦੀ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਮਾਨਸਾ ਵਿਖੇ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਪਰਵਿੰਦਰ ਸਿੰਘ ਝੋਟੇ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਫਗਵਾੜਾ ਦਿਹਾਤੀ ਦੇ ਆਗੂਆਂ ਵੱਲੋਂ ਫਗਵਾੜਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮਾਨਸਾ ਵਿਖੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਕਮੇਟੀ ਦੇ ਨਿਰਦੇਸ਼ਾਂ ਤਹਿਤ ਆਗੂਆਂ ਨੇ ਝਾੜੂ ਫੂਕ ਕੇ ਸੂਬਾ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ ਤੇ ਪਰਿਵਾਰ ਨੂੰ ਜਲਦ ਇਨਸਾਫ਼ ਦੇਣ ਦੀ ਮੰਗ ਕੀਤੀ। ਇਹ ਰੋਸ ਪ੍ਰਦਰਸ਼ਨ ਸ੍ਰੋਮਣੀ ਅਕਾਲੀ ਦਲ ਫਗਵਾੜਾ ਦਿਹਾਤੀ ਦੇ ਇੰਚਾਰਜ ਜਥੇਦਾਰ ਰਜਿੰਦਰ ਸਿੰਘ ਚੰਦੀ, ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ, ਗੁਰਦੀਪ ਸਿੰਘ ਖੇੜਾ ਤੇ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਦੀ ਅਗਵਾਈ ਹੇਠ ਕੀਤਾ ਗਿਆ।
ਇਸ ਮੌਕੇ ਜਥੇਦਾਰ ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਉਨ੍ਹਾਂ ਦੇ ਦੋਸ਼ਾਂ ਅਨੁਸਾਰ ਅੱਜ ਵੀ ਗਲੀਆਂ-ਮੁਹੱਲਿਆਂ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਇੰਨੇ ਵਧ ਗਏ ਹਨ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਵੀ ਗੋਲੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ।
ਅਕਾਲੀ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਮੌਤ ਨੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਬਣਾਈ ਗਈ ਕਮੇਟੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਨੂੰ ਇਨ-ਬਿਨ ਲਾਗੂ ਕੀਤਾ ਜਾਵੇ ਤੇ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਨਸ਼ਿਆਂ ਦੀ ਸਮੱਸਿਆ ਤੇ ਕਾਨੂੰਨ-ਵਿਵਸਥਾ ਦੇ ਮਾਮਲੇ ’ਤੇ ਆਪਣੀ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ।
ਅਕਾਲੀ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਇਸ ਮਾਮਲੇ ਨੂੰ ਉਠਾਇਆ ਜਾਂਦਾ ਰਹੇਗਾ। ਇਸ ਮੌਕੇ ਰਜਿੰਦਰ ਸਿੰਘ ਚੰਦੀ, ਸਰੂਪ ਸਿੰਘ ਖਲਵਾੜਾ, ਰਣਜੀਤ ਸਿੰਘ ਜੀਤੀ ਖੇੜਾ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਮੰਗੀ, ਬਿੰਦਰ ਰਾਵਲਪਿੰਡੀ, ਸੁਰਿੰਦਰ ਸਿੰਘ ਖਾਲਸਾ, ਕੁਲਵਿੰਦਰ ਕਿੰਦਾ, ਪਰਮਿੰਦਰ ਜੰਡੂ, ਪਰਮਿੰਦਰ ਸਿੰਘ ਨੀਟੂ, ਭੁਪਿੰਦਰ ਸਿੰਘ ਖੇੜਾ, ਡਾ. ਹਰਬੰਸ ਸਿੰਘ, ਗਿਆਨ ਸਿੰਘ, ਅਮਨਦੀਪ ਸਿੰਘ, ਅਮਨਦੀਪ ਸਿੰਘ ਦੀਪਾ, ਜਗਦੀਸ਼ ਸਿੰਘ, ਸਤਨਾਮ ਸਿੰਘ ਅਰਸੀ ਆਦਿ ਹਾਜ਼ਰ ਸਨ।