ਸੂਬਾ ਸਰਕਾਰ ਜਲਦ ਪ੍ਰਵਾਨ ਕਰੇ ਸਫ਼ਾਈ ਸੇਵਕਾਂ ਦੀਆਂ ਮੰਗਾਂ : ਸ਼ਰਨਜੀਤ ਸਿੰਘ ਸੂਬਾ ਸਰਕਾਰ ਜਲਦੀ ਪ੍ਰਵਾਨ ਕਰੇ ਸਫਾਈ ਸੇਵਕਾਂ ਦੀਆਂ ਮੰਗਾਂ: ਸ਼ਰਨਜੀਤ ਸਿੰਘ
Publish Date: Sun, 02 Aug 2026 07:43 PM (IST)
Updated Date: Sun, 02 Aug 2026 07:46 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਨਗਰ ਨਿਗਮ ਫਗਵਾੜਾ ਦੇ ਸਫ਼ਾਈ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਬੀਤੇ ਕਈ ਦਿਨਾਂ ਤੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਕਾਰਨ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ ਤੇ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਢੇਰ ਲਗਾਤਾਰ ਵਧ ਰਹੇ ਹਨ। ਇਸ ਸਬੰਧੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਕੂੜਾ ਡੰਪਾਂ ਤੇ ਪਹਾੜ ਬਣਦੇ ਜਾ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਰਸਾਤ ਹੁੰਦੀ ਹੈ ਤਾਂ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਹੋਰ ਵੀ ਵਧ ਸਕਦਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ਤੇ ਗੰਭੀਰ ਅਸਰ ਪੈ ਸਕਦਾ ਹੈ। ਸ਼ਰਨਜੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਫ਼ਾਈ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਮਨਜ਼ੂਰ ਕੀਤਾ ਜਾਵੇ, ਤਾਂ ਜੋ ਧਰਨਾ ਸਮਾਪਤ ਹੋ ਸਕੇ ਤੇ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਹੋ ਸਕਣ। ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਬੰਧ ਕਿਸੇ ਵੀ ਸ਼ਹਿਰ ਦੀ ਸਿਹਤ ਤੇ ਸੁੰਦਰਤਾ ਨਾਲ ਜੁੜਿਆ ਮੁੱਦਾ ਹੈ ਤੇ ਇਸ ਨੂੰ ਲੰਬੇ ਸਮੇਂ ਤੱਕ ਅਣਡਿੱਠਾ ਨਹੀਂ ਛੱਡਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਤੇ ਲੋਕ ਹਿੱਤ ਦੋਵਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਹੱਲ ਕੱਢਣਾ ਚਾਹੀਦਾ ਹੈ, ਤਾਂ ਜੋ ਫਗਵਾੜਾ ਵਾਸੀਆਂ ਨੂੰ ਗੰਦਗੀ ਤੇ ਉਸ ਤੋਂ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ। ਸ਼ਰਨਜੀਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਕਰੀਬ ਸਾਢੇ ਚਾਰ ਸਾਲ ਹੋ ਚੁੱਕੇ ਹਨ, ਪਰ ਤਜਰਬੇ ਦੀ ਘਾਟ ਕਾਰਨ ਪੰਜਾਬ ਤੇ ਫਗਵਾੜਾ ਸ਼ਹਿਰ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹੋ ਰਹੇ ਹਨ। ਸ਼ਰਨਜੀਤ ਸਿੰਘ ਨੇ ਕਿਹਾ ਕਿ ਜੇਕਰ ਸਫਾਈ ਮੁਲਾਜ਼ਮ ਹੜਤਾਲ ਤੇ ਹਨ ਤਾਂ ਸੂਬਾ ਸਰਕਾਰ ਤੇ ਨਗਰ ਨਿਗਮ ਫਗਵਾੜਾ ਨੂੰ ਤੁਰੰਤ ਕੋਈ ਸਾਰਥਕ ਤੇ ਬਦਲਵਾਂ ਪ੍ਰਬੰਧ ਕਰਕੇ ਕੂੜੇ ਦੀ ਨਿਕਾਸੀ ਯਕੀਨੀ ਬਣਾਉਣੀ ਚਾਹੀਦੀ ਸੀ, ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪੈਂਦਾ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਫਗਵਾੜਾ ਲੋਕਾਂ ਨੂੰ ਮੁੱਢਲੀਆਂ ਨਾਗਰਿਕ ਸਹੂਲਤਾਂ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਿਹਾ ਹੈ। ਉਨ੍ਹਾਂ ਸੂਬਾ ਸਰਕਾਰ ਤੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਫ਼ਾਈ ਪ੍ਰਬੰਧ ਨੂੰ ਜਲਦ ਤੋਂ ਜਲਦ ਬਹਾਲ ਕਰਕੇ ਫਗਵਾੜਾ ਵਾਸੀਆਂ ਨੂੰ ਰਾਹਤ ਦਿੱਤੀ ਜਾਵੇ।