ਅਵਾਰਾ ਜਾਨਵਰ ਫਗਵਾੜਾ ਵਾਸੀਆਂ ਲਈ ਬਣੇ ਸਮੱਸਿਆ : ਜਥੇ. ਸਰੂਪ ਸਿੰਘ ਅਵਾਰਾ ਕੁੱਤੇ ਤੇ ਪਸ਼ੂ ਫਗਵਾੜਾ ਵਾਸੀਆਂ ਲਈ ਬਣੇ ਗੰਭੀਰ ਸਮੱਸਿਆ : ਜੱਥੇ. ਸਰੂਪ ਸਿੰਘ
Publish Date: Tue, 08 Sep 2026 08:22 PM (IST)
Updated Date: Tue, 08 Sep 2026 08:25 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਫਗਵਾੜਾ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਅਵਾਰਾ ਕੁੱਤਿਆਂ ਤੇ ਸੜਕਾਂ ’ਤੇ ਘੁੰਮ ਰਹੇ ਅਵਾਰਾ ਪਸ਼ੂਆਂ ਦੀ ਵਧ ਰਹੀ ਸਮੱਸਿਆ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਤੇ ਪਸ਼ੂਆਂ ਦੀ ਵੱਡੀ ਗਿਣਤੀ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਇਹ ਸਮੱਸਿਆ ਹੁਣ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨਾਲ ਜੁੜਿਆ ਗੰਭੀਰ ਮਾਮਲਾ ਬਣ ਚੁੱਕੀ ਹੈ। ਜਥੇਦਾਰ ਖਲਵਾੜਾ ਨੇ ਕਿਹਾ ਕਿ ਫਗਵਾੜਾ ਸ਼ਹਿਰ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿੱਚ ਵੀ ਸੜਕਾਂ ’ਤੇ ਅਵਾਰਾ ਪਸ਼ੂਆਂ ਤੇ ਕੁੱਤਿਆਂ ਦੇ ਝੁੰਡ ਆਮ ਦੇਖਣ ਨੂੰ ਮਿਲਦੇ ਹਨ। ਕਈ ਵਾਰ ਇਹ ਅਵਾਰਾ ਪਸ਼ੂ ਅਚਾਨਕ ਸੜਕ ’ਤੇ ਆ ਜਾਂਦੇ ਹਨ, ਜਿਸ ਕਾਰਨ ਵਾਹਨ ਚਾਲਕਾਂ ਨੂੰ ਆਪਣੇ ਵਾਹਨ ਸੰਭਾਲਣ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ ਤੇ ਸੜਕ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਸਮੱਸਿਆ ਦਾ ਸਭ ਤੋਂ ਵੱਧ ਖ਼ਤਰਾ ਬੱਚਿਆਂ, ਔਰਤਾਂ ਤੇ ਬਜ਼ੁਰਗਾਂ ਨੂੰ ਰਹਿੰਦਾ ਹੈ। ਅਵਾਰਾ ਕੁੱਤਿਆਂ ਦੇ ਝੁੰਡਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ, ਜਦਕਿ ਅਵਾਰਾ ਪਸ਼ੂਆਂ ਕਾਰਨ ਸੜਕਾਂ ’ਤੇ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਸਿਰਫ਼ ਰੋਜ਼ਾਨਾ ਦੀ ਸਮੱਸਿਆ ਸਮਝਣ ਦੀ ਬਜਾਏ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੱਕਾ ਹੱਲ ਕੱਢਣਾ ਚਾਹੀਦਾ ਹੈ। ਜਥੇਦਾਰ ਖਲਵਾੜਾ ਨੇ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ। ਇਸੇ ਤਰ੍ਹਾਂ ਅਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਵੀ ਨਿਯਮਾਂ ਅਨੁਸਾਰ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਲੋਕਾਂ ਨੂੰ ਸੜਕਾਂ ’ਤੇ ਆਉਣ-ਜਾਣ ਸਮੇਂ ਕਿਸੇ ਤਰ੍ਹਾਂ ਦਾ ਖ਼ਤਰਾ ਨਾ ਰਹੇ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਫਗਵਾੜਾ ਸ਼ਹਿਰ ਤੇ ਪੇਂਡੂ ਖੇਤਰਾਂ ਵਿੱਚ ਅਵਾਰਾ ਕੁੱਤਿਆਂ ਤੇ ਪਸ਼ੂਆਂ ਦੀ ਸਮੱਸਿਆ ਦਾ ਸਰਵੇ ਕਰਵਾ ਕੇ ਇਸ ਸਬੰਧੀ ਠੋਸ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ ਤੇ ਇਸ ਮਾਮਲੇ ਵਿੱਚ ਕਿਸੇ ਅਣਸੁਖਾਵੀਂ ਘਟਨਾ ਦੀ ਉਡੀਕ ਕਰਨ ਦੀ ਬਜਾਏ ਪਹਿਲਾਂ ਹੀ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।