ਬੁਲਟ ਮੋਟਰਸਾਈਕਲਾਂ ਦੇ ਸਾਈਲੈਂਸਰਾਂ ‘ਤੇ ਚਲਿਆ ਬੁਲਡੋਜ਼ਰ
ਬੁਲਟ ਮੋਟਰਸਾਈਕਲਾਂ ਦੇ ਪਟਾਕਿਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਾਈਲੈਂਸਰਾਂ ‘ਤੇ ਚਲਿਆ ਬੁਲਡੋਜ਼ਰ
Publish Date: Sat, 21 Mar 2026 07:18 PM (IST)
Updated Date: Sat, 21 Mar 2026 07:22 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਪੁਲਿਸ ਵੱਲੋਂ ਬੁਲਟ ਮੋਟਰਸਾਈਕਲਾਂ ਦੇ ਗੈਰਕਾਨੂੰਨੀ ਪਟਾਕੇ ਵਜਾਉਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਡੀਐੱਸਪੀ ਭਰਤ ਭੂਸ਼ਣ ਦੀ ਅਗਵਾਈ ਤੇ ਐੱਸਐੱਚਓ ਟਰੈਫਿਕ ਅਮਨ ਸ਼ਰਮਾ ਦੀ ਦੇਖਰੇਖ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ 21 ਸੋਧੇ ਹੋਏ ਸਾਈਲੈਂਸਰਾਂ ਨੂੰ ਜ਼ਬਤ ਕਰਕੇ ਉਨ੍ਹਾਂ ‘ਤੇ ਬੁਲਡੋਜ਼ਰ ਚਲਾਇਆ ਗਿਆ। ਡੀਐੱਸਪੀ ਭਾਰਤ ਭੂਸ਼ਨ ਨੇ ਦੱਸਿਆ ਕਿ ਬੁਲਟ ਮੋਟਰਸਾਈਕਲਾਂ ’ਚ ਗੈਰਕਾਨੂੰਨੀ ਤਰੀਕੇ ਨਾਲ ਤਬਦੀਲੀਆਂ ਕਰਕੇ ਉੱਚੀ ਆਵਾਜ਼ ਵਾਲੇ ਪਟਾਕੇ ਚਲਾਉਣਾ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ, ਸਗੋਂ ਆਮ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਾਲ ਸੜਕ ਸੁਰੱਖਿਆ ਨੂੰ ਵੀ ਖ਼ਤਰਾ ਪੈਦਾ ਹੁੰਦਾ ਹੈ। ਅੱਜ ਦੀ ਕਾਰਵਾਈ ਵਿਚ 21 ਬੁਲਟ ਮੋਟਰਸਾਇਕਲਾਂ ਦੇ ਸਾਈਲੈਂਸਰ ਉਤਾਰ ਕੇ ਬੁਲਡੋਜ਼ਰ ਚਲਾਇਆ ਗਿਆ ਤੇ ਚਲਾਣ ਵੀ ਕੀਤੇ ਗਏ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਾਹਨਾਂ ਵਿਚ ਗੈਰਕਾਨੂੰਨੀ ਤਬਦੀਲੀਆਂ ਨਾ ਕਰਨ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ। ਫਗਵਾੜਾ ਪੁਲਿਸ ਵੱਲੋਂ ਇਸ ਕਾਰਵਾਈ ਨਾਲ ਇਲਾਕੇ ਵਿਚ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਤੇ ਸ਼ੋਰ ਪ੍ਰਦੂਸ਼ਣ ‘ਤੇ ਕਾਬੂ ਪਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਡੀਐੱਸਪੀ ਭਾਰਤ ਭੂਸ਼ਣ ਨੇ ਦਸਿਆ ਕਿ ਸ਼ਹਿਰ ਵਿਚ ਟਰੈਫਿਕ ਸਮੱਸਿਆ ਨੂੰ ਘਟਾਉਣ ਤੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ‘ਤੇ ਕਾਬੂ ਪਾਉਣ ਲਈ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਡੀਐੱਸਪੀ ਨੇ ਸਪਸ਼ਟ ਕੀਤਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।