ਮਹਿੰਗੇ ਭਾਅ ’ਤੇ ਪੈਟਰੋਲ ਵੇਚਣ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਖ਼ਾਲਸਾ ਪਿੰਡਾਂ ਦੀਆਂ ਦੁਕਾਨਾਂ ’ਚ ਮਹਿੰਗੇ ਭਾਅ ’ਤੇ ਪੈਟਰੋਲ ਵੇਚਣ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ:
Publish Date: Tue, 10 Nov 2026 06:41 PM (IST)
Updated Date: Tue, 10 Nov 2026 06:45 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ: ਸਮਾਜ ਸੇਵਕ ਚਰਨਜੀਤ ਸਿੰਘ ਖਾਲਸਾ ਨੇ ਪਿੰਡਾਂ ਦੀਆਂ ਕਰਿਆਨੇ ਦੀਆਂ ਦੁਕਾਨਾਂ ’ਤੇ ਮਹਿੰਗੇ ਭਾਅ ਵਿੱਚ ਪੈਟਰੋਲ ਵੇਚੇ ਜਾਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿੱਚ ਕੁਝ ਕਰਿਆਨੇ ਦੀਆਂ ਦੁਕਾਨਾਂ ’ਤੇ ਪੈਟਰੋਲ ਮਹਿੰਗੇ ਭਾਅ ’ਤੇ ਵੇਚੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਕਾਰਨ ਆਮ ਲੋਕਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਦੀ ਲੋੜ ਪੈਣ ’ਤੇ ਲੋਕ ਮਜਬੂਰੀ ਵੱਸ ਇਨ੍ਹਾਂ ਦੁਕਾਨਾਂ ਤੋਂ ਪੈਟਰੋਲ ਖਰੀਦਦੇ ਹਨ ਅਤੇ ਕੁਝ ਦੁਕਾਨਦਾਰ ਇਸ ਮਜਬੂਰੀ ਦਾ ਫਾਇਦਾ ਉਠਾਉਂਦੇ ਹਨ। ਚਰਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਪੈਟਰੋਲ ਇੱਕ ਜਲਣਸ਼ੀਲ ਪਦਾਰਥ ਹੈ, ਜਿਸ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਦੁਕਾਨਾਂ ਵਿੱਚ ਰੱਖਣਾ ਵੀ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਨਾਲ ਕਿਸੇ ਸਮੇਂ ਵੀ ਅੱਗ ਲੱਗਣ ਵਰਗੀ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਪਿੰਡਾਂ ’ਚ ਅਜਿਹੀਆਂ ਦੁਕਾਨਾਂ ਦੀ ਜਾਂਚ ਕੀਤੀ ਜਾਵੇ, ਪੈਟਰੋਲ ਦੀ ਗੈਰ-ਕਾਨੂੰਨੀ ਵਿਕਰੀ ਅਤੇ ਸਟੋਰੇਜ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।