ਪਾਰਟੀ ਖ਼ਿਲਾਫ਼ ਜਾਣ ’ਤੇ ਹੋਵੇਗੀ ਸਖ਼ਤ ਕਾਰਵਾਈ : ਵਾਲੀਆ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਆਗੂਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਐਚਐਸ ਵਾਲੀਆ
Publish Date: Tue, 29 Sep 2026 09:24 PM (IST)
Updated Date: Tue, 29 Sep 2026 09:27 PM (IST)
ਮੀਟਿੰਗ ਵਿਚ ਆਗੂਆਂ ਨੇ ਹਲਕਾ ਇੰਚਾਰਜ ਵਾਲੀਆ ਦੀ ਲੀਡਰਸ਼ਿਪ ਵਿਚ ਜਤਾਇਆ ਭਰੋਸਾ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਲੀਡਰਸ਼ਿਪ ਵਿਰੁੱਧ ਬਗਾਵਤ ਕਰਨ ਵਾਲੇ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਨ ਦਾ ਫੈਸਲਾ ਕੀਤਾ। ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਪਾਰਟੀ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸਮੂਹ ਆਗੂਆਂ ਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਾਲੀਆ ਦੀ ਅਗਵਾਈ ਵਿੱਚ ਵਿਸ਼ਵਾਸ਼ ਪ੍ਰਗਟ ਕਰਦਿਆਂ ਇੱਕਜੁਟਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੁਝ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜਲਦੀ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਰ ਕਰ ਕੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਨੂੰ ਬੇਨਕਾਬ ਕੀਤਾ ਜਾਵੇਗਾ। ਵਾਲੀਆ ਨੇ ਕਿਹਾ ਕਿ ਕੁਝ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਪਾਰਟੀ ਨੂੰ ਕਮਜ਼ੋਰ ਕਰਨ ਤੇ ਵਿਰੋਧੀਆਂ ਨਾਲ ਮਿਲੀ ਭੁਗਤ ਕਰਕੇ ਅਨੁਸ਼ਾਸਨਹੀਣਤਾ ਫੈਲਾ ਰਹੇ ਹਨ। ਵਾਲੀਆ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰੇਗਾ ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੋ ਵੀ ਆਗੂ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ। ਵਾਲੀਆ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਸੰਸਥਾ ਦੀ ਸਫ਼ਲਤਾ ਦਾ ਆਧਾਰ ਅਨੁਸ਼ਾਸਨ ਤੇ ਏਕਤਾ ਹੁੰਦਾ ਹੈ। ਉਨ੍ਹਾਂ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮਤਭੇਦ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇਕਜੁਟ ਹੋ ਕੇ ਕੰਮ ਕਰਨ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਦੇ ਤਹਿਤ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਮੁਹਿੰਮ ਚਲਾਈ ਜਾ ਰਹੀ ਹੈ।