253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨਾ ਗਲਤ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਸਖ਼ਤ ਨਿਖੇਧੀ : ਮਾਸਟਰ ਕਾਡਰ ਯੂਨੀਅਨ ਪੰਜਾਬ
Publish Date: Thu, 29 Oct 2026 07:08 PM (IST)
Updated Date: Thu, 29 Oct 2026 07:10 PM (IST)
*ਪੰਜਾਬ ਦੇ ਸਿੱਖਿਆ ਇਤਿਹਾਸ ਦਾ ਕਾਲਾ ਦਿਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਮਾਸਟਰ ਕਾਡਰ ਯੂਨੀਅਨ ਪੰਜਾਬ ਵੱਲੋਂ 4,161 ਮਾਸਟਰ ਕਾਡਰ ਭਰਤੀ ਅਧੀਨ ਨਿਯੁਕਤ ਹੋਏ ਅਧਿਆਪਕਾਂ ਵਿੱਚੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਯੂਨੀਅਨ ਨੇ ਇਸ ਫ਼ੈਸਲੇ ਨੂੰ ਪੰਜਾਬ ਦੇ ਸਿੱਖਿਆ ਇਤਿਹਾਸ ਦਾ ਕਾਲਾ ਦਿਨ ਕਰਾਰ ਦਿੱਤਾ ਹੈ। ਯੂਨੀਅਨ ਆਗੂਆਂ ਹਰਭਜਨ ਸਿੰਘ, ਜਗਜੀਤ ਸਿੰਘ, ਰਮਨ ਕੁਮਾਰ, ਵਸ਼ਿੰਗਟਨ ਸਿੰਘ ਸਮੀਰੋਵਾਲ, ਪ੍ਰਭਜਿੰਦਰ ਸਿੰਘ, ਬਲਦੇਵ ਸਿੰਘ ਬੁੱਟਰ, ਸੰਦੀਪ ਕੁਮਾਰ, ਹਰਪ੍ਰੀਤ ਖੁੰਡਾ, ਨਰੇਸ਼ ਕੋਹਲੀ, ਗੁਰਿੰਦਰਜੀਤ ਸਿੰਘ ਮਜੀਠੀਆ, ਦਲਵਿੰਦਰਜੀਤ ਗਿੱਲ, ਸੁਖਦੇਵ ਕਾਜਲ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਅਣਗਹਿਲੀਆਂ ਦਾ ਖਮਿਆਜ਼ਾ ਅਧਿਆਪਕਾਂ ਨੂੰ ਭੁਗਤਾਉਣਾ ਸਰਾਸਰ ਬੇਇਨਸਾਫ਼ੀ ਹੈ। ਆਗੂਆਂ ਨੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਨੇ ਭਰਤੀ ਪ੍ਰਕਿਰਿਆ ਵਿੱਚੋਂ ਲੰਘ ਕੇ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ, ਉਨ੍ਹਾਂ ਨੂੰ ਵਿਭਾਗੀ ਗਲਤੀਆਂ ਕਾਰਨ ਨੌਕਰੀ ਤੋਂ ਬਾਹਰ ਕਰਨਾ ਬੇਹੱਦ ਮੰਦਭਾਗਾ ਹੈ। ਇਸ ਫ਼ੈਸਲੇ ਨਾਲ 253 ਅਧਿਆਪਕਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਵੀ ਖ਼ਤਰੇ ਵਿੱਚ ਪੈ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਪਹਿਲਾਂ ਤੋਂ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਨੌਕਰੀਆਂ ਤੋਂ ਬਾਹਰ ਕੀਤਾ ਜਾ ਰਿਹਾ ਹੈ। ਇਹ ਸਰਕਾਰ ਦੀ ਸਿੱਖਿਆ ਤੇ ਰੁਜ਼ਗਾਰ ਨੀਤੀ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਮਾਸਟਰ ਕਾਡਰ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਜ਼ੋਰਦਾਰ ਮੰਗ ਕੀਤੀ ਕਿ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ, ਉਨ੍ਹਾਂ ਦੀਆਂ ਨੌਕਰੀਆਂ ਬਹਾਲ ਕੀਤੀਆਂ ਜਾਣ ਤੇ ਵਿਭਾਗੀ ਅਣਗਹਿਲੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਸਲੇ ਦਾ ਤੁਰੰਤ ਹੱਲ ਨਾ ਕੱਢਿਆ ਤਾਂ ਮਾਸਟਰ ਕਾਡਰ ਯੂਨੀਅਨ ਪੰਜਾਬ ਹੋਰ ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਹੋਵੇਗੀ। ਮਾਸਟਰ ਕਾਡਰ ਯੂਨੀਅਨ ਪੰਜਾਬ 253 ਅਧਿਆਪਕਾਂ ਦੇ ਹੱਕ ਵਿੱਚ ਡਟ ਕੇ ਖੜ੍ਹੀ ਹੈ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਲੋਕਤੰਤਰੀ ਸੰਘਰਸ਼ ਕਰੇਗੀ।