ਪੰਜਾਬੀਆਂ ਦੀ ਨਾਕਾਬੰਦੀ ਕਰਨ ਦੀ ਕੀਤੀ ਸਖ਼ਤ ਆਲੋਚਨਾ ਕੇਂਦਰ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੰਜਾਬੀਆਂ ਦੀ ਨਾਕਾਬੰਦੀ ਕਰਨ ਦੀ ਸਖ਼ਤ ਆਲੋਚਨਾ
Publish Date: Tue, 18 Aug 2026 07:04 PM (IST)
Updated Date: Tue, 18 Aug 2026 07:06 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਪੰਜਾਬ ਚੇਤਨਾ ਮੰਚ ਜਲੰਧਰ, ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਕੇਂਦਰੀ ਪੰਜਾਬੀ ਲੇਖਕ ਸਭਾ ਤੇ ਪ੍ਰਗਤੀਸ਼ੀਲ ਲੇਖਕ ਸਭਾ ਪੰਜਾਬ ਦੇ ਆਗੂਆਂ ਨੇ ਇਕ ਸਾਂਝੇ ਬਿਆਨ ਵਿਚ ਕੇਂਦਰ ਸਰਕਾਰ, ਹਰਿਆਣਾ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬੀਆਂ ਦੀ ਕੀਤੀ ਗਈ ਨਾਕਾਬੰਦੀ ਦੀ ਸਖ਼ਤ ਆਲੋਚਨਾ ਕਰਦਿਆਂ ਉਕਤ ਸਰਕਾਰਾਂ ਨੂੰ ਤਾੜਨਾ ਕੀਤੀ ਹੈ ਕਿ ਪੁਰਅਮਨ ਢੰਗ ਨਾਲ ਆਪਣੀਆਂ ਮੰਗਾਂ ਲਈ ਰੋਸ ਪ੍ਰਗਟ ਕਰਨ ਦਾ ਹੋਰ ਦੇਸ਼ ਵਾਸੀਆਂ ਵਾਂਗ ਪੰਜਾਬੀਆਂ ਨੂੰ ਸੰਵਿਧਾਨ ਅਨੁਸਾਰ ਮਿਲਿਆ ਜ਼ਰੂਰੀ ਅਧਿਕਾਰ ਹੈ। ਇਸ ਮਕਸਦ ਲਈ ਉਨ੍ਹਾਂ ਨੂੰ ਆਪਣੀ ਕੌਮੀ ਰਾਜਧਾਨੀ ਦਿੱਲੀ ਤੇ ਸੂਬਾਈ ਰਾਜਧਾਨੀ ਚੰਡੀਗੜ੍ਹ ਜਾਣ ਦਾ ਪੂਰਾ-ਪੂਰਾ ਹੱਕ ਹੈ। ਇਹ ਬਿਆਨ ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਜਥੇਬੰਦਕ ਸਕੱਤਰ ਗੁਰਮੀਤ ਪਲਾਹੀ, ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਤੇ ਪੰਜਾਬ ਪ੍ਰਗਤੀਸ਼ੀਲ ਲੇਖਕ ਸਭਾ ਦੇ ਪ੍ਰਧਾਨ ਸੁਰਜੀਤ ਜੱਜ ਵੱਲੋਂ ਜਾਰੀ ਕੀਤਾ ਗਿਆ ਹੈ। ਆਪਣਾ ਬਿਆਨ ਜਾਰੀ ਰੱਖਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਹੈ ਕਿ ਪੰਜਾਬੀਆਂ ਦੇ ਇਸ ਅਧਿਕਾਰ ਦੀ ਕੇਂਦਰੀ ਸਰਕਾਰ, ਹਰਿਆਣਾ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵਾਰ-ਵਾਰ ਉਲੰਘਣਾ ਕਰਕੇ, ਉਨ੍ਹਾਂ ਨੂੰ ਨਾ ਕੇਵਲ ਕੌਮੀ ਰਾਜਧਾਨੀ ਦਿੱਲੀ ਤੇ ਸੂਬਾਈ ਰਾਜਧਾਨੀ ਚੰਡੀਗੜ੍ਹ ਜਾਣ ਤੋਂ ਵਾਰ-ਵਾਰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2020 ਤੋਂ ਬਾਅਦ ਤੋਂ ਹੀ ਸਿਲਸਿਲਾ ਲਗਾਤਾਰ ਚਲਦਾ ਆ ਰਿਹਾ ਹੈ। ਪਿਛਲੇ ਦਿਨਾਂ ਵਿਚ ਹੀ ਕੌਮੀ ਇਨਸਾਫ਼ ਮੋਰਚਾ, ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਸੰਯੁਕਤ ਕਿਸਾਨ ਮੋਰਚੇ ਨੂੰ ਕ੍ਰਮਵਾਰ ਚੰਡੀਗੜ੍ਹ ਤੇ ਦਿੱਲੀ ਜਾਣ ਤੋਂ ਰੋਕਿਆ ਗਿਆ ਹੈ। ਕੇਂਦਰ ਸਰਕਾਰ, ਹਰਿਆਣਾ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਜਾਬੀਆਂ ਦੇ ਇਸ ਜਮਹੂਰੀ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਉਕਤ ਸਰਕਾਰਾਂ ਨੂੰ ਪੰਜਾਬੀਆਂ ਦੇ ਹੋਰ ਵੀ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।