ਡਿਵਾਈਨ ਨੇ ਇੰਟਰ-ਸਕੂਲ ਮੁਕਾਬਲਿਆਂ ’ਚ ਮਾਰੀ ਬਾਜ਼ੀ ਡਿਵਾਈਨ ਪਬਲਿਕ ਸਕੂਲ ਦੇ ਵਿਿਦਆਰਥੀਆਂ ਨੇ ਇੰਟਰ-ਸਕੂਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਕੀਤਾ ਰੌਸ਼ਨ
Publish Date: Tue, 03 Nov 2026 06:44 PM (IST)
Updated Date: Tue, 03 Nov 2026 06:47 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਡਿਵਾਈਨ ਪਬਲਿਕ ਸਕੂਲ, ਫਗਵਾੜਾ ਦੇ ਵਿਦਿਆਰਥੀਆਂ ਨੇ ਕਮਲਾ ਨਹਿਰੂ ਕਾਲਜ ਫਾਰ ਵੂਮੈਨ, ਫਗਵਾੜਾ ਵਿਖੇ ਕਰਵਾਏ ਗਏ ਇੰਟਰ-ਸਕੂਲ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਵੱਖ-ਵੱਖ ਮੁਕਾਬਲਿਆਂ ਵਿੱਚ ਇਨਾਮ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਤੇ ਕਲਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਇਨਾਮ ਪ੍ਰਾਪਤ ਕੀਤੇ। ਕਰੀਏਟਿਵ ਮੇਕਅੱਪ ਮੁਕਾਬਲੇ ਦੇ ਨੇਚਰ ਵਿਸ਼ੇ ਵਿੱਚ ਗਿਆਰ੍ਹਵੀਂ ਆਰਟਸ ਦੀ ਵਿਦਿਆਰਥਣ ਤਮੰਨਾ ਨੇ ਤੀਜਾ ਸਥਾਨ ਹਾਸਲ ਕੀਤਾ। ਮਹਿੰਦੀ ਮੁਕਾਬਲੇ ਵਿੱਚ ਦਸਵੀਂ ਜਮਾਤ ਦੀ ਖੁਸ਼ਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬਿਨਾਂ ਅੱਗ ਤੋਂ ਖਾਣਾ ਬਣਾਉਣ ਦੇ ਮੁਕਾਬਲੇ ਵਿੱਚ ਬਾਰ੍ਹਵੀਂ ਸਾਇੰਸ ਦੀ ਵਿਦਿਆਰਥਣ ਗੁਰਸਿਮਰਨ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੀਪੀਟੀ ਮੁਕਾਬਲੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਪ੍ਰਭਲੀਨ ਤੇ ਮਨਵੀਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰੇਨੂ ਠਾਕੁਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦਾ ਵਧੀਆ ਮਾਧਿਅਮ ਹਨ। ਸਕੂਲ ਦੇ ਪ੍ਰਧਾਨ ਪੰਕਜ ਕਪੂਰ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਫਲਤਾ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੇ ਮਾਰਗਦਰਸ਼ਨ ਤੇ ਸਕੂਲ ਵੱਲੋਂ ਦਿੱਤੇ ਜਾਂਦੇ ਉਤਸ਼ਾਹ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਗਗਨਦੀਪ ਕੌਰ ਖੈਹਰਾ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੰਚ ਬੱਚਿਆਂ ਨੂੰ ਆਪਣੀ ਕਾਬਲੀਅਤ ਪਛਾਣਨ, ਨਵੇਂ ਤਜਰਬੇ ਹਾਸਲ ਕਰਨ ਤੇ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਦਾ ਮੌਕਾ ਦਿੰਦੇ ਹਨ। ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।