- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਖੇਡ ਸਮਾਗਮ ਬਹੁਤ ਜ਼ਰੂਰੀ ਹਨ : ਮਲਵਿੰਦਰ ਸਿੰਘ ਚਾਹਲ

--ਕਿਹਾ-ਨੌਜਵਾਨ ਵਰਗ ਨੂੰ ਜੇਕਰ ਨਸ਼ੇ ਦੀ ਅਲਾਮਤ ਤੋਂ ਬਚਾਉਣਾ ਹੈ ਤਾਂ ਉਸ ਨੂੰ ਖੇਡਾਂ ਵੱਲ ਮੋੜਣਾ ਪਵੇਗਾ ਤੇ ਇਸ ਲਈ ਪਿੰਡ-ਪਿੰਡ ਖੇਡ ਮੈਦਾਨ ਬਣਾਉਣੇ ਪੈਣਗੇ
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਨੌਜਵਾਨ ਵਰਗ ਨੂੰ ਜੇਕਰ ਨਸ਼ੇ ਦੀ ਅਲਾਮਤ ਤੋਂ ਬਚਾਉਣਾ ਹੈ ਤਾਂ ਉਸ ਨੂੰ ਖੇਡਾਂ ਵੱਲ ਮੋੜਣਾ ਪਵੇਗਾ ਤੇ ਇਸ ਲਈ ਪਿੰਡ-ਪਿੰਡ ਖੇਡ ਮੈਦਾਨ ਤੇ ਖੇਡਾਂ ਦੇ ਸਮਾਨ ਦੇ ਪ੍ਰਬੰਧ ਕਰਨੇ ਪੈਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਖਾਨੋਵਾਲ ਵਿਖੇ ਕਰਵਾਏ ਕਬੱਡੀ ਟੂਰਨਾਮੈਂਟ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਅਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ (ਮੰਮੂ ਚਾਹਲ) ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਸਮੂਹ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਆਪਣੀ ਸਿਹਤ ਤੇ ਤੰਦਰੁਸਤੀ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਗਿਆ। ਮੰਮੂ ਚਾਹਲ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਖੇਡ ਸਮਾਗਮ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਹੋਣੇ ਚਾਹੀਦੇ ਹਨ। ਮੰਮੂ ਚਾਹਲ ਨੇ ਕਿਹਾ ਕਿ ਨੌਜਵਾਨ ਵਰਗ ਨਸ਼ਿਆਂ ਵਰਗੀਆਂ ਬੁਰਾਈਆਂ ਛੱਡ ਕੇ ਖੇਡਾਂ ਵਿੱਚ ਅੱਗੇ ਵਧਣ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿਥੇ ਸਰੀਰਕ ਤੇ ਬੌਧਿਕ ਵਿਕਾਸ ਹੁੰਦਾ ਹੈ, ਉਥੇ ਨਾਲ ਹੀ ਅਨੁਸਾਸ਼ਨ ਵਿੱਚ ਰਹਿਣ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਦਾ ਮਨ ਸ਼ਾਂਤ, ਸਰੀਰ ਸਿਹਤਮੰਦ ਤੇ ਧਿਆਨ ਆਪਣੇ ਟੀਚੇ ਵੱਲ ਕੇਂਦਰਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚੇ ਨੂੰ ਸ਼ੁਰੂ ਤੋਂ ਹੀ ਖੇਡਾਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਉਹ ਸੂਬਾ ਹੈ,ਜਿਸ ਦੇ ਖਿਡਾਰੀਆਂ ਨੇ ਪੂਰੀ ਦੁਨੀਆਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਇਥੋਂ ਦੇ ਖਿਡਾਰੀਆਂ ਨੇ ਦੇਸ਼ ਭਰ ਵਿੱਚ ਸਭ ਤੋਂ ਵੱਧ ਮੈਡਲ ਜਿੱਤ ਕੇ ਲਿਆਂਦੇ ਹਨ ਤੇ ਦੇਸ਼ ਵਿਦੇਸ਼ ਵਿੱਚ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਖਿਡਾਰੀ ਪੈਦਾ ਕਰਨ ਲਈ ਪਿੰਡ-ਪਿੰਡ ਖੇਡਾਂ ਨੂੰ ਤਰਜੀਹ ਦੇਣੀ ਪਵੇਗੀ ਤੇ ਨੌਜਵਾਨਾਂ ਨੂੰ ਖੇਡਣ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਪੈਣਗੀਆਂ। ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ੇ ਤੋਂ ਦੂਰ ਰਹਿਣ ਤੇ ਅਪਣੇ ਆਲੇ-ਦੁਆਲੇ ਨੂੰ ਨਸ਼ਾ ਮੁਕਤ ਰੱਖਣ ਦੇ ਨਾਲ-ਨਾਲ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਨੂੰ ਜਨਤਾ ਦੇ ਸਾਹਮਣੇ ਨੰਗਾ ਕੀਤਾ ਜਾਵੇ ਤਾਂ ਹੀ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇਗਾ।